ਮੰਡੀਆਂ ਵਿੱਚ ਖਰੀਦ ਕੀਤੀ ਫਸਲ ਦੀ ਲਿਫਟਿੰਗ ਦਾ ਕੰਮ ਨਾਲੋ-ਨਾਲ ਯਕੀਨੀ ਬਣਾਉਣ ਅਧਿਕਾਰੀ : ਡਿਪਟੀ ਕਮਿਸ਼ਨਰ

0
43

ਮਾਨਸਾ, 23 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹੇ ਦੀਆਂ 115 ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦੋ-ਫਰੋਖ਼ਤ ਦੀ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਸਥਾਨਕ ਬੱਚਤ ਭਵਨ ਵਿਖੇ ਸਬੰਧਤ ਅਧਿਕਾਰੀਆਂ, ਆੜ੍ਹਤੀਆਂ, ਕਿਸਾਨਾਂ ਅਤੇ ਲਿਫਟਿੰਗ ਕਰਨ ਵਾਲੇ ਵਾਹਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਿਨ੍ਹੀਂ ਵੀ ਕਣਕ ਦੀ ਖਰੀਦ ਕੀਤੀ ਜਾਂਦੀ ਹੈ, ਉਸ ਦੀ ਚੁੱਕਵਾਈ ਨਾਲੋ-ਨਾਲ ਕਰਵਾਉਣੀ ਯਕੀਨੀ ਬਣਾਈ ਜਾਵੇ, ਤਾਂ ਜੋ ਨਵੀਂ ਕਣਕ ਆਉਣ ਮੌਕੇ ਕਿਸੇ ਵੀ ਕਿਸਮ ਦੀ ਦਿੱਕਤ ਪੈਦਾ ਨਾ ਹੋ ਸਕੇ। ਉਨ੍ਹਾਂ ਨਾਲ ਹੀ ਹਦਾਇਤ ਕੀਤੀ ਕਿ ਮੰਡੀਆਂ ਅੰਦਰ ਬਾਰਦਾਨਾ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਸ ਅਧਿਕਾਰੀ ਨੂੰ ਜੋ ਮੰਡੀ ਅਲਾਟ ਕੀਤੀ ਗਈ ਹੈ, ਉਹ ਉਸ ਦੀ ਰੋਜ਼ਾਨਾਂ ਚੈਕਿੰਗ ਕਰਨੀ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਖਰੀਦ ਅਤੇ ਲਿਫਟਿੰਗ ਦਾ ਕੰਮ ਸਹੀ ਢੰਗ ਨਾਲ ਚੱਲ ਰਿਹਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮੰਡੀ ਵਿੱਚ ਕੋਈ ਦਿੱਕਤ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੌਸਮ ਖ਼ਰਾਬ ਹੁੰਦਾ ਹੈ, ਤਾਂ ਉਸ ਸਬੰਧੀ ਵੀ ਸੁਚੱਜੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਕੰਮ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ‘ਚ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਜਲਦ ਚੁੱਕਵਾਈ ਕਰਵਾਉਣ ਦੇ ਮੰਤਵ ਨਾਲ 34 ਟਰਾਂਸਪੋਰਟ ਕਲਸਟਰ ਬਣਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼-ਸੁਥਰੀ ਕਣਕ ਹੀ ਲਿਆਂਦੀ ਜਾਵੇ, ਤਾਂ ਜੋ ਖਰੀਦ ਮੌਕੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖਰੀਦ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 1 ਲੱਖ 892 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 71 ਹਜ਼ਾਰ 249 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਲਈ 13.97 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਕਣਕ ਵਿੱਚੋਂ ਪਨਗਰੇਨ ਵੱਲੋਂ 31485 ਮੀਟਰਕ ਟਨ, ਮਾਰਕਫੈਡ ਵੱਲੋਂ 21562, ਪਨਸਪ ਵੱਲੋਂ 5300, ਵੇਅਰ ਹਾਊਸ ਵੱਲੋਂ 4635, ਪੰਜਾਬ ਐਗਰੋ ਵੱਲੋਂ 6775, ਐਫ.ਸੀ.ਆਈ. ਵੱਲੋਂ 390 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 390 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਡੇਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ,  ਆੜ੍ਹਤੀ, ਕਿਸਾਨ ਅਤੇ ਟਰਾਂਸਪੋਰਟ ਐਸੋਸੀਏਸ਼ਨਾਂ ਦੇ ਨੁਮਾਇੰਦੇ ਮੌਜੂਦ ਸਨ।

LEAVE A REPLY

Please enter your comment!
Please enter your name here