

ਮਾਨਸਾ, 07 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ਼ੁਰੂ ਕੀਤੀ ਮੁਹਿੰਮ ‘ਯੂਥ ਅਗੇਂਸਟ ਡਰੱਗਜ਼’ (Youth Againts Drugs) ਦੇ ਸੰਦਰਭ ਵਿਚ ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐੱਮ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਵਿੰਦਰ ਕੌਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੇ ਪੈਨਲ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਾਂ ਨਾਲ ਏ.ਡੀ.ਆਰ. ਸੈਂਟਰ ਵਿਖੇ ਮੀਟਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਮੁੱਖ ਮੰਤਵ ‘ਯੂਥ ਅਗੇਂਸਟ ਡਰੱਗਜ਼’ ਮੁਹਿੰਮ ਨੂੰ ਮਾਨਸਾ ਜ਼ਿਲ੍ਹੇ ਦੇ ਹਰ ਘਰ, ਹਰ ਮੁਹੱਲੇ, ਹਰ ਪਿੰਡ, ਸਕੂਲ, ਕਾਲਜ, ਦਫ਼ਤਰ ਅਤੇ ਹਰ ਅਦਾਰੇ ਤੱਕ ਪਹੁੰਚਾਉਣਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਅਲ੍ਹਾਮਤ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਹਾਇਤਾ ਕਰਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਜਿਸ ਉੱਤੇ ਸਾਡੇ ਦੇਸ਼ ਦਾ ਭਵਿੱਖ ਨਿਰਭਰ ਕਰਦਾ ਹੈ, ਨੂੰ ਨਸ਼ੇ ਤੋਂ ਦੂਰ ਰੱਖ ਕੇ ਚੰਗੇ ਤੇ ਉਸਾਰੂ ਕਾਰਜਾਂ ਵੱਲੋ ਲਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਣਾਈਆਂ ਗਈਆਂ ਟੀਮਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹੇ ਭਰ ਵਿਚ ਘਰ ਘਰ ਜਾ ਕੇ ਸੈਮੀਨਾਰ ਕਰਨਗੀਆਂ।























