

ਮਾਨਸਾ, 12 ਫਰਵਰੀ (ਸਾਰਾ ਯਹਾ) : ਜ਼ਿਲ੍ਹਾ ਮੈਜਿਸਟਰੇਟ ਮਾਨਸਾ ਮਿਸ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਮੈਰਿਜ਼ ਪੈਲੇਸਾਂ/ਧਾਰਮਿਕ ਸਥਾਨਾਂ/ਆਮ ਲੋਕਾਂ ਦੁਆਰਾ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ‘ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ ਪ੍ਰਵਾਨਗੀ ਲਾਊਡ ਸਪੀਕਰਾਂ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹਨਾਂ ਨੂੰ ਵੱਖਰੇ ਤੌਰ ‘ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ, ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਲੋਕਾਂ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰ ਦੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ‘ਤੇ ਪੂਰਨ ਪਾਬੰਦੀ ਹੋਵੇਗੀ।
EDITED BY : SARA YAHA | | Last Updated : 8:03 pm 12 ਫ਼ਰਵਰੀ 2019























