

ਮਾਨਸਾ, 22 ਅਕਤੂਬਰ (ਬਲਜੀਤ ਸ਼ਰਮਾ) : ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮਿਠਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਨਿਰਵਿਘਨ ਜਾਰੀ ਰਹਿਣੀ ਚਾਹੀਦੀ ਹੈ, ਤਾਂ ਜੋ ਕੋਈ ਵੀ ਦੁਕਾਨਦਾਰ ਨਕਲੀ ਖੋਏ ਜਾਂ ਸਿੰਥੈਟਿਕ ਦੁੱਧ ਤੋਂ ਬਣੀਆਂ ਵਸਤਾਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰ ਸਕੇ।
ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਉਹ ਬਾਹਰਲੇ ਰਾਜਾਂ ਜਾਂ ਜ਼ਿਲ੍ਹਿਆਂ ਤੋਂ ਆਉਣ ਵਾਲੇ ਨਕਲੀ ਖੋਏ ‘ਤੇ ਸ਼ਿੰਕਜਾ ਕੱਸਣ ਲਈ ਨਾਕੇ ਲਗਾਉਣ ਅਤੇ ਅਜਿਹੇ ਲੋਕਾਂ ਨੂੰ ਫੜ ਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਨਾਲ ਹੀ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ ਹਨ ਕਿ ਕਈ ਵਾਰ ਦੇਖਣ ਵਿੱਚ ਆਇਆ ਹੈ ਕਿ ਕੋਈ ਦੁਕਾਨਦਾਰ ਤਿਓਹਾਰਾਂ ਦੇ ਸੀਜ਼ਨ ਦੌਰਾਨ ਆਰਜੀ ਤੌਰ ‘ਤੇ ਮਿਠਾਈਆਂ ਬਣਾਉਣੀਆਂ ਸ਼ੁਰੂ ਕਰ ਦਿੰਦੇ ਹਨ ਜਦਕਿ ਉਹ ਇਸ ਤੋਂ ਪਹਿਲਾਂ ਕੋਈ ਹੋਰ ਕੰਮ ਕਰ ਰਹੇ ਹੁੰਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਅਜਿਹੇ ਦੁਕਾਨਦਾਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ।
ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਬਗੈਰ ਲਾਇਸੰਸ ਤੋਂ ਕੋਈ ਵੀ ਦੁਕਾਰਨਦਾਰ ਮਿਠਾਈਆਂ ਬਣਾ ਜਾ ਵੇਚ ਨਹੀਂ ਸਕੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਦੁਕਾਨਦਾਰਾਂ ਤੋਂ ਮਠਿਆਈਆਂ ਨਾ ਖਰੀਦਣ ਕਿਉਂਕਿ ਜ਼ਿਆਦਾ ਮੁਨਾਫ਼ੇ ਦੇ ਲਾਲਚ ਵਿੱਚ ਅਜਿਹੇ ਦੁਕਾਨਦਾਰ ਨਕਲੀ ਮਿਠਾਈਆਂ ਭੋਲੇ ਭਾਲੇ ਲੋਕਾਂ ਨੂੰ ਵੇਚ ਦਿੰਦੇ ਹਨ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦਾ ਹਰ ਸ਼ਹਿਰ ਕਵਰ ਕੀਤਾ ਜਾਵੇ।
ਉਨ੍ਹਾ ਨਾਪ-ਤੋਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਰੋਜ਼ਾਨਾ ਦੁਕਾਨਾਂ ਦੀ ਚੈਕਿੰਗ ਕਰ ਕੇ ਇਹ ਯਕੀਨੀ ਬਣਾਉਣ ਕਿ ਕਿਤੇ ਕੋਈ ਦੁਕਾਨਦਾਰ ਮਿਠਾਈਆਂ ਦੇ ਨਾਲ-ਨਾਲ ਡੱਬੇ ਦਾ ਭਾਰ ਨਾ ਤੋਲ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਹੋਣ ‘ਤੇ ਸਬੰਧਤ ਦੁਕਾਨਕਾਰ ਦਾ ਤੁਰੰਤ ਚਲਾਨ ਕੀਤਾ ਜਾਵੇ।
EDITED BY : SARA YAHA | | Last Updated : 7:38 pm 22 October 2018























