

ਮਾਨਸਾ, 14 ਅਗਸਤ (ਬਲਜੀਤ ਸ਼ਰਮਾ ) : ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ ਐਸ.ਐਸ.ਪੀ. ਮਾਨਸਾ ਸ਼੍ਰੀ ਮਨਧੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਫੋਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ।
ਇਸ ਮੌਕੇ ਐਸ.ਐਸ.ਪੀ. ਨੇ ਕਿਹਾ ਕਿ ਪੁਲਿਸ ਵਿਭਾਗ ਦਾ ਮੁੱਖ ਮੰਤਵ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ ਅਤੇ ਕਿਸੇ ਵੀ ਅਸਮਾਜਿਕ ਤੱਤ ਨੂੰ ਜ਼ਿਲ੍ਹੇ ਦੀ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਹਰ ਸਮੇਂ ਲੋਕਾਂ ਦੀ ਮਦਦ ਲਈ ਤਿਆਰ-ਬਰ-ਤਿਆਰ ਹੈ ਅਤੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਸਵਾਰਥ ਕਾਰਨ ਭੋਲੇ-ਭਾਲੇ ਲੋਕਾਂ ਨੂੰ ਨਸ਼ੇ ਦੇ ਦਲਦਲ ਵਿੱਚ ਫਸਾਉਣ ਵਾਲੇ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਆਪਣੇ ਆਸ-ਪਾਸ ਕਿਸੇ ਵੀ ਪ੍ਰਕਾਰ ਦੀ ਘਟਨਾ ਜਾਂ ਨਸ਼ਾ ਤਸਕਰਾਂ ਸਬੰਧੀ ਕੋਈ ਜਾਣਕਾਰੀ ਰੱਖਦੇ ਹਨ, ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਅੱਜ ਦਾ ਇਹ ਫਲੈਗ ਮਾਰਚ ਬੱਸ ਸਟੈਂਡ ਤੋਂ ਹੁੰਦੇ ਹੋਏ, ਗੁਰੂਦੁਆਰਾ ਚੌਂਕ ਅਤੇ ਸਿਵਲ ਹਸਪਤਾਲ ਦੇ ਰਸਤੇ ਲੰਘਦਿਆਂ ਥਾਣਾ ਸਿਟੀ-1 ‘ਤੇ ਆ ਕੇ ਸਮਾਪਤ ਹੋਇਆ। ਇਸ ਉਪਰੰਤ ਐਸ.ਐਸ.ਪੀ. ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਦਾਇਤਾਂ ਕੀਤੀਆਂ ਕਿ 15 ਅਗਸਤ ਦੇ ਮੱਦੇਨਜ਼ਰ ਪੂਰੀ ਮੁਸਤੈਦੀ ਨਾਲ ਡਿਊਟੀ ਕੀਤੀ ਜਾਵੇ। ਉਨ੍ਹਾਂ ਵੱਖ-ਵੱਖ ਨਾਕਿਆਂ ਸਬੰਧੀ ਵੀ ਜਾਣਕਾਰੀ ਹਾਸਿਲ ਕੀਤੀ।
EDITED BY : SARA YAHA | | Last Updated :7:25 pm 14 august 2018






















