ਮਾਨਸਾ, 03 ਜੂਨ(ਸਾਰਾ ਯਹਾ,(ਬਲਜੀਤ ਸ਼ਰਮਾ) : ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆਵਲ ਰੱਖਣ ਵਿੱਚ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਅੱਜ 5 ਜੂਨ ਨੂੰ ਮਨਾਏ ਜਾਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਕੀਤੀ ਇੱਕ ਅਹਿਮ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਬਰਾੜ ਨੇ ਕਿਹਾ ਕਿ ਵਾਤਾਵਰਨ ਦਿਵਸ ਸਬੰਧੀ ਸਮੂਹ ਵਿਭਾਗ ਆਪਣਾ ਐਕਸ਼ਨ ਪਲਾਨ ਤਿਆਰ ਕਰਕੇ ਮੀਟਿੰਗ ਉਪਰੰਤ ਜਮ੍ਹਾ ਕਰਵਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਆਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਮਨੁੱਖੀ ਹੋਂਦ ਦੀ ਕਲਪਨਾ ਹੀ ਸਵੱਛ ਵਾਤਾਵਰਨ ‘ਤੇ ਨਿਰਭਰ ਕਰਦੀ ਹੈ। ਕਿਉਂਕਿ ਸਾਫ਼-ਸੁਥਰਾ ਵਾਤਾਵਰਨ ਸਾਨੂੰ ਤੰਦਰੁਸਤੀ ਅਤੇ ਬਿਮਾਰੀਆਂ ਮੁਕਤ ਜੀਵਨ ਬਤੀਤ ਕਰਨ ਵਿੱਚ ਮਦਦਗਾਰ ਸਾਬਿਤ ਹੁੰਦਾ ਹੈ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਵੀ ਪ੍ਰੇਰਿਤ ਕਰਨ ਕਿ ਉਹ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਕਿਉਂਕਿ ਜੇਕਰ ਅਸੀਂ ਪਾਣੀ ਦੀ ਦੁਰਵਰਤੋਂ ਕਰਾਂਗੇ, ਤਾਂ ਸਾਡੀਆਂ ਅਗਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਨੂੰ ਵਾਤਾਵਰਨ ਨੂੰ ਬਚਾਉਣ ਵਿੱਚ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਰੁੱਖ ਬਣਨ ਤੱਕ ਸਾਂਭ-ਸੰਭਾਲ ਕਰਨੀ ਚਾਹੀਦਾ ਹੈ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀ ਪਰਮਜੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਭਲਾਈ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਅਤੇ ਖੇਡ ਅਫ਼ਸਰ ਮਾਨਸਾ ਸ਼੍ਰੀ ਹਰਪਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।