

ਮਾਨਸਾ 29 ਨਵੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਅੱਜ ਦੇ ਬੱਚੇ ਕੱਲ੍ਹ ਦੇ ਨੇਤਾ ਦੀ ਕਹਾਵਤ ਅਨੁਸਾਰ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਵਿਦਿਆਰਥੀਆਂ ਨੂੰ ਭਾਗ ਲੈਣ ਦਾ ਮੌਕਾ ਮਿਲਿਆ। ਮਾਨਸਾ ਜ਼ਿਲ੍ਹੇ ਦੇ ਮਾਣ ਵਾਲੀ ਗੱਲ ਇਹ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਮਾਨਸਾ ਜ਼ਿਲ੍ਹੇ ਦੇ ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਫਫੜੇ ਭਾਈਕੇ ਦੇ ਵਿਦਿਆਰਥੀ ਜਸਪ੍ਰੀਤ ਸਿੰਘ, ਜੋ ਇੱਕ ਦਿਨ ਲਈ ਮਾਨਸਾ ਤੋਂ ਵਿਧਾਇਕ ਬਣੇ ਸਨ। ਜਸਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੋਈ ਕਿ ਮੈਂਨੂੰ ਵਿਧਾਨ ਸਭਾ ਵਿੱਚ ਇੱਕ ਦਿਨ ਲਈ ਵਿਧਾਇਕ ਬਣਕੇ ਪੰਜਾਬ ਦੇ ਲੋਕਾਂ ਨੂੰ ਆਉਂਦੀਆਂ ਮੁਸਕਲਾਂ ਅਤੇ ਵਿਕਾਸ ਲਈ ਸੇਵਾ ਨਿਭਾਉਣ ਦਾ ਮੌਕਾ ਮਿਲਿਆ। ਇਸ ਮੌਕੇ ਤੇ ਜਸਪ੍ਰੀਤ ਸਿੰਘ ਨੇ ਆਪਣੇ ਹੱਥੀਂ ਤਿਆਰ ਕੀਤਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸਕੈੱਚ ਉਨ੍ਹਾਂ ਨੂੰ ਭੇਂਟ ਕੀਤਾ। ਮੈਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜਿਹੇ ਬੱਚਿਆਂ ਲਈ ਵਿਸ਼ੇਸ਼ ਤੌਰ ਤੇ ਉਪਰਾਲੇ ਕੀਤੇ ਜਾਂਦੇ ਹਨ ਜਿਸ ਨਾਲ ਅਜਿਹੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾ ਸਕੇ।
ਸਕੈੱਚ ਪ੍ਰਾਪਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਉਹ ਇਸ ਗੱਲ ਤੋਂ ਬਹੁਤ ਖੁਸ਼ ਹਨ ਕਿ ਨੌਜਵਾਨ ਪੜ੍ਹਾਈ ਦੇ ਨਾਲ–ਨਾਲ ਕਲਾ ਅਤੇ ਰਚਨਾਤਮਕਤਾ ਵਿੱਚ ਵੀ ਅੱਗੇ ਹਨ। ਉਨ੍ਹਾਂ ਕਿਹਾ ਕਿ ਇਹ ਚਿੱਤਰ ਤੁਹਾਡੀ ਕਲਾ, ਕਾਬਲੀਅਤ ਅਤੇ ਸਮਰਪਣ ਦਾ ਪ੍ਰਤੀਕ ਹੈ। ਤੁਸੀਂ ਜੋ ਮਿਹਨਤ ਕਰ ਰਹੇ ਹੋ, ਉਹ ਤੁਹਾਨੂੰ ਜੀਵਨ ਵਿੱਚ ਬਹੁਤ ਉੱਚਾਈਆਂ ਤੱਕ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਦਿਲੋਂ ਕਾਮਨਾ ਕਰਦਾ ਹਾਂ ਕਿ ਤੁਸੀਂ ਆਪਣੀ ਕਲਾਤਮਕ ਪਹਿਚਾਣ ਨੂੰ ਹੋਰ ਮਜ਼ਬੂਤ ਕਰੋ ਅਤੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰੋ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ, ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਅਤੇ ਲੈਕਚਰਾਰ ਗੁਰਜੀਤ ਸਿੰਘ ਮਾਨ ਵਲੋਂ ਵਿਦਿਆਰਥੀ ਦੀ ਹੌਂਸਲਾ ਅਫਜ਼ਾਈ ਕੀਤੀ ਗਈ।
ਇਸ ਮੌਕੇ ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਫਫੜੇ ਭਾਈ ਕੇ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।























