*ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ*

0
16

ਮਾਨਸਾ/ਸਰਦੂਲਗੜ੍ਹ, 10 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 2.0 ਤਹਿਤ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਬੱਚਤ ਭਵਨ ਵਿਖੇ ‘ਹਲਕਾ ਪੱਧਰੀ ਤਾਲਮੇਲ ਕਮੇਟੀ’ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੀ ਪ੍ਰਗਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 16 ਫਰਵਰੀ ਨੂੰ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿੱਚ ਕਰਵਾਈ ਜਾ ਰਹੀ ਮੈਗਾ ਮੀਟਿੰਗ ਵਿੱਚ ਵੱਧ ਚੜ੍ ਕੇ ਸ਼ਮੂਲੀਅਤ ਕੀਤੀ ਜਾਵੇ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੇ 96 ਪਿੰਡਾਂ ਅਤੇ 15 ਵਾਰਡਾਂ ਵਿੱਚ ਸਰਗਰਮ ਪੇਂਡੂ ਅਤੇ ਵਾਰਡ ਡਿਫੈਂਸ ਕਮੇਟੀਆਂ ਵਲੋਂ ਜ਼ਮੀਨੀ ਪੱਧਰ ਉੱਤੇ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਹ ਕਮੇਟੀਆਂ ਨਸ਼ਾ ਵੇਚਣ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ਉਤੇ ਪੁਲਿਸ ਪ੍ਰਸ਼ਾਸਨ ਨੂੰ ਫੌਰੀ ਸੂਚਿਤ ਕੀਤਾ ਜਾਂਦਾ ਹੈ ਅਤੇ ਮਾੜੇ ਅਨਸਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।

ਮੀਟਿੰਗ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਨਾਕਾਬੰਦੀ ਹੋਰ ਸਖ਼ਤ ਕਰਨ ਅਤੇ ਨਸ਼ਾ ਤਸਕਰਾਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ। ਵਿਧਾਇਕ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਕਾਲੀ ਕਮਾਈ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਦੁਸ਼ਮਣਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਮੀਟਿੰਗ ਵਿੱਚ ਮੌਜੂਦ ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ ਨੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ।

ਵਿਧਾਇਕ ਨੇ ਅਖੀਰ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਸਹੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ।

ਮੀਟਿੰਗ ਦੌਰਾਨ ਐਡਵੋਕੇਟ ਪਰਮਿੰਦਰ ਸਿੰਘ ਬਹਿਣੀਵਾਲ ਹਲਕਾ ਕੋਆਰਡੀਨੇਟਰ, ਗੁਰਪ੍ਰੀਤ ਸਿੰਘ ਵਾਈਸ ਕੋਆਰਡੀਨੇਟਰ, ਡੀਐਸਪੀ ਮਨਜੀਤ ਸਿੰਘ, ਬੀਡੀਪੀਓ ਸਰਦੂਲਗੜ੍ਹ ਰਾਜ ਕੁਮਾਰ, ਬੀਡੀਪੀਓ ਝਨੇਰ ਪਰਮਜੀਤ ਸਿੰਘ, ਬਲਾਕ ਕੋਆਰਡੀਨੇਟਰ ਤੇ ਪਾਰਟੀ ਵਰਕਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here