*ਵਿਧਾਇਕ ਡਾ. ਵਿਜੇ ਸਿੰਗਲਾ ਵੱਲੋਂ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕਰਨ ਦੀ ਹਦਾਇਤ*

0
69

ਮਾਨਸਾ, 9 ਫਰਵਰੀ (ਸਾਰਾ ਯਹਾਂ):  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਲਏ ਗਏ ਅਹਿਦ ਨੂੰ ਪੂਰਾ ਕਰਨ ਲਈ ਵਿਧਾਇਕ ਡਾ. ਵਿਜੇ ਸਿੰਗਲਾ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਕਾਰਜਸ਼ੀਲ ਸਬ-ਡਵੀਜ਼ਨ ਪੱਧਰੀ ਤਾਲਮੇਲ ਕਮੇਟੀ ਦੀ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਭਵਿੱਖੀ ਰਣਨੀਤੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਕਿੱਲੀ ਚਾਹਲਾਂ, ਮੋਗਾ ਵਿਖੇ 16 ਫਰਵਰੀ ਨੂੰ ਹੋਣ ਵਾਲੀ ਪਿੰਡਾਂ ਦੇ ਪਹਿਰੇਦਾਰ ਮੈਗਾ ਮੀਟਿੰਗ ਸਬੰਧੀ ਵੀ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਗਿਆ। ਵਿਧਾਇਕ ਡਾ. ਸਿੰਗਲਾ ਨੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਗਾ ਮੀਟਿੰਗ ਵਿੱਚ ਵੱਧ ਚੜ ਕੇ ਸ਼ਾਮਿਲ ਹੋਣ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।

                ਡਾ. ਵਿਜੇ ਸਿੰਗਲਾ ਨੇ ਯੁੱਧ ਨਸ਼ਿਆਂ ਵਿਰੁੱਧ 2.0 ਮੋਬਾਈਲ ਐਪ ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਵਰਤੋਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਐਪ ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਦੀ ਪੁਖ਼ਤਾ ਜਾਣਕਾਰੀ ਸਾਂਝੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।

                 ਵਿਧਾਇਕ ਨੇ ਨਿਰਦੇਸ਼ ਦਿੱਤੇ ਕਿ ਪਿੰਡ ਅਤੇ ਵਾਰਡ ਪੱਧਰ ਤੱਕ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ।

                ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ ਜਿਸ ਨੂੰ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਜੜ੍ਹੋਂ ਪੁੱਟਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ਼ ਨਸ਼ਾ ਫੜਨਾ ਹੀ ਨਹੀਂ, ਸਗੋਂ  ਨਸ਼ਾ ਪੀੜਤਾਂ ਨੂੰ ਇਸ ਦਲਦਲ ਵਿੱਚੋਂ ਕੱਢ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ।

                 ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇ ਕੇ ਪ੍ਰਸ਼ਾਸਨ ਦਾ ਸਰਗਰਮ ਸਹਿਯੋਗ ਕਰਨ।

                ਮੀਟਿੰਗ ਦੌਰਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ, ਡੀਐਸਪੀ ਬੂਟਾ ਸਿੰਘ, ਥਾਣਾ ਮੁਖੀ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਈਓ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਜਾਫ਼ਰੀ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਗੁਰਮੇਜ ਸਿੰਘ ਸਮਾਊ, ਹਲਕਾ ਕੋਆਰਡੀਨੇਟਰ ਸ਼ਮਿੰਦਰ ਸਿੰਘ ਛਿੰਦਾ ਅਤੇ ਬਲਾਕ ਕੋਆਰਡੀਨੇਟਰਾਂ, ਕਾਰਜਸਾਧਕ ਅਫ਼ਸਰ ਮਾਨਸਾ ਕੁਲਦੀਪ ਸਿੰਘ, ਬੀ.ਡੀ.ਪੀ.ਓ. ਭੀਖੀ ਗੁਰਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

NO COMMENTS