

ਮਾਨਸਾ, 7 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਤ ਭਵਨ ਵਿਖੇ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਬੈਨਰ ਹੇਠ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐੱਲ.ਐਮ) ਅਹਿਮ ਭੂਮਿਕਾ ਨਿਭਾਅ ਰਿਹਾ ਹੈ ਅਤੇ ਇਸ ਸਕੀਮ ਤਹਿਤ ਔਰਤਾਂ ਨੂੰ ਸਮੂਹਾਂ ਦੇ ਰੂਪ ਵਿੱਚ ਕੰਮ ਕਰਦੇ ਹੋਏ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਘੱਟ ਵਿਆਜ ਦਰਾਂ ਉਤੇ ਕਰਜ਼ੇ ਦਿਵਾਏ ਜਾਂਦੇ ਹਨ ਤਾਂ ਜੋ ਉਹ ਆਪਣਾ ਕੰਮ ਸ਼ੁਰੂ ਕਰਕੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰ ਸਕਣ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ।
ਡਾ. ਸਿੰਗਲਾ ਨੇ ਅੱਗੇ ਕਿਹਾ ਕਿ ਅੱਜ ਉਨ੍ਹਾਂ ਸਾਰੀਆਂ ਔਰਤਾਂ ਦਾ ਸਨਮਾਨ ਕਰਨਾ ਮਾਣ ਵਾਲੀ ਗੱਲ ਹੈ ਜਿਨ੍ਹਾਂ ਨੇ ਮੁਸ਼ਕਿਲਾਂ ਦੇ ਬਾਵਜੂਦ ਆਪਣੀ ਹਿੰਮਤ, ਲਗਨ ਅਤੇ ਮਿਹਨਤ ਨਾਲ ਆਪਣੀ ਪਹਿਚਾਣ ਆਪ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਉਦਮੀ ਔਰਤਾਂ ਦੂਜਿਆਂ ਲਈ ਵੀ ਪ੍ਰੇਰਨਾ ਸਰੋਤ ਹਨ।
ਇਸ ਮੌਕੇ ਹਲਕਾ ਵਿਧਾਇਕ ਵੱਲੋਂ ਸਫ਼ਲਤਾਪੂਰਵਕ ਕਾਰੋਬਾਰ ਚਲਾ ਰਹੀਆਂ ਉਦਮੀ ਔਰਤਾਂ ਨੂੰ ਯਾਦਗਾਰੀ ਟਰਾਫੀਆਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਬੀ.ਡੀ.ਪੀ.ਓ. ਭੀਖੀ ਗੁਰਵਿੰਦਰ ਕੌਰ, ਹਰਦੀਪ ਸਿੰਘ (ਬੀ.ਪੀ.ਐਮ. ਮਾਨਸਾ), ਸੁਖਰਾਜ ਸਿੰਘ (ਬੀ.ਪੀ.ਐਮ. ਭੀਖੀ), ਹਰਪ੍ਰੀਤ ਕੌਰ, ਸ਼ਰਨਜੀਤ ਕੌਰ (ਜ਼ਿਲ੍ਹਾ ਕੋਆਰਡੀਨੇਟਰ ਆਮ ਆਦਮੀ ਪਾਰਟੀ), ਰਾਜਵਿੰਦਰ ਕੌਰ (ਬਲਾਕ ਕੋਆਰਡੀਨੇਟਰ) ਸਮੇਤ ਵਿਭਾਗ ਦਾ ਹੋਰ ਸਟਾਫ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।























