ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਤਹਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਕੈਲੰਡਰ ਜਾਰੀ

0
8

ਮਾਨਸਾ, 15 ਮਾਰਚ(ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾਂ 2019 ਸਬੰਧੀ ਵੱਧ ਤੋਂ ਵੱਧ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਪਾਉਣ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਮਾਨਸਾ ਦਾ ਸਵੀਪ ਗਤੀਵਿਧੀ ਕੈਲੰਡਰ ਅੱਜ ਜਾਰੀ ਕੀਤਾ ਗਿਆ। ਇਸ ਕੈਲੰਡਰ ਅਨੁਸਾਰ ਆਮ ਜਨਤਾ ਨੂੰ ਵੋਟ ਬਣਾਉਣ, ਵੋਟ ਕੱਟਣ, ਵੋਟ ਤਬਦੀਲ ਕਰਨ ਆਦਿ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਲੋਕਤੰਤਰ ਵਿੱਚ ਆਪਣਾ ਅਹਿਮ ਹਿੱਸਾ ਪਾਉਣ।
                  ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਅੱਜ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਮਾਨਯੋਗ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਸਵੀਪ ਤਹਿਤ ਵੱਖ-ਵੱਖ ਵਿੱਦਿਅਕ ਅਦਾਰਿਆਂ ‘ਚ ਮੁਕਾਬਲੇ ਕਰਵਾਏ ਜਾਣਗੇ। 18 ਮਾਰਚ ਤੋਂ ਸਕੂਲਾਂ ਅਤੇ ਕਾਲਜਾਂ ‘ਚ ਵਾਦ ਵਿਵਾਦ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਜਾਗੋ ਅਤੇ ਪ੍ਰਭਾਤ ਫੇਰੀਆਂ ਵੀ ਵਿਸ਼ੇਸ਼ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਕਰਵਾਈਆਂ ਜਾਣਗੀਆਂ।     
             ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਰੇ ਹੀ ਉਪ-ਮੰਡਲ ਮੈਜਿਸਟਰੇਟਾਂ ਵੱਲੋਂ ਆਪਣੇ ਆਪਣੇ ਪੱਧਰ ‘ਤੇ ਚੁਣਾਵ ਪਾਠਸ਼ਾਲਾ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਮੁੱਖ ਮੰਤਵ ਪੇਂਡੂ ਇਲਾਕਿਆਂ ਦੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨਾ ਹੈ। ਇਸ ਪਾਠਸ਼ਾਲਾ ‘ਚ 25 ਗਤੀਵਿਧੀਆਂ ਅਤੇ 6 ਗੇਮਾਂ ਕਰਵਾਈਆਂ ਜਾਣਗੀਆਂ। ਜਿਸ ਵਿੱਚ ਵੋਟ ਬਣਾਉਣ ਤੋਂ ਲੈ ਕੇ ਪਾਉਣ ਤੱਕ ਦੀ ਸਾਰੀ ਪ੍ਰਕਿਰਿਆ ਆਮ ਲੋਕਾਂ ਨੂੰ ਉਨ੍ਹਾਂ ਦੀ ਭਾਸ਼ਾ ‘ਚ ਸਮਝਾਈ ਜਾਵੇਗੀ। ਇਸ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਹਰੇਕ ਵਿਧਾਨ ਸਭਾ ਹਲਕੇ ‘ਚ ਪੰਜ-ਪੰਜ ਮਾਡਲ ਪੋਲਿੰਗ ਸਟੇਸ਼ਨ ਬਣਾਏ ਜਾਣਗੇ, ਜਿੱਥੇ ਵੋਟਰਾਂ ਲਈ ਵੱਖ-ਵੱਖ ਤਰੀਕਿਆਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
             ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਸੀ ਵਿਜਿਲ ਮੋਬਾਇਲ ਐਪਲੀਕੇਸ਼ਨ ਅਤੇ ਸੁਵਿਧਾ ਮੋਬਾਇਲ ਐਪਲੀਕੇਸ਼ਨ ਸਬੰਧੀ ਜਾਣਕਾਰੀ ਲਈ। ਵੱਖ-ਵੱਖ ਚੋਣ ਅਫ਼ਸਰਾਂ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਮੋਬਾਇਲ ਐਪਲੀਕੇਸ਼ਨਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਅਤੇ ਸਿਖਲਾਈ ਚੋਣ ਅਮਲੇ ਨੂੰ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਕੋਈ ਵੀ ਚੋਣ ਅਧਿਕਾਰੀ ਅਤੇ ਕਰਮਚਾਰੀ ਆਪਣਾ ਫੋਨ ਬੰਦ ਨਹੀਂ ਕਰੇਗਾ ਅਤੇ ਮੋਬਾਇਲ ਫੋਨ ਦੀ ਬੈਟਰੀ ਬੈਕਅੱਪ ਸਬੰਧੀ ਵੀ ਵਿਸ਼ੇਸ਼ ਖਿਆਲ ਰੱਖਿਆ ਜਾਵੇ, ਤਾਂ ਜੋ ਲੋੜ ਪੈਣ ਉੱਤੇ ਆਸਾਨੀ ਨਾਲ ਸਬੰਧਤ ਅਫ਼ਸਰ ਨੂੰ ਸੰਪਰਕ ਕੀਤਾ ਜਾ ਸਕੇ।
              ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ, ਐਸ.ਡੀ.ਐਮ. ਮਾਨਸਾ ਸ੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ੍ਰੀ ਆਦਿਤਿਆ ਢਚਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ ਅਹਿਮਦ, ਸਹਾਇਕ ਕਮਿਸ਼ਨਰ ਸ੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਐਸ.ਪੀ. ਐਚ. ਸ੍ਰੀ ਮੇਜਰ ਸਿੰਘ, ਤਹਿਸੀਲਦਾਰ ਚੋਣਾਂ ਸ਼੍ਰੀ ਗੁਰਚਰਨ ਸਿੰਘ ਅਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ। 

LEAVE A REPLY

Please enter your comment!
Please enter your name here