

ਚੰਡੀਗੜ੍ਹ, (ਸਾਰਾ ਯਹਾ,ਬਲਜੀਤ ਸ਼ਰਮਾ) 28 ਸਤੰਬਰ : ਸ਼ਹੀਦੇ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੀ 112ਵੀਂ ਜਨਮ ਵਰ੍ਹੇਗੰਢ ‘ਤੇ ਸਰਧਾਂਜਲੀ ਭੇਟ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ.ਪੀ. ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇੱਕ ਅਜਿਹੀ ਸੋਚ ਹੈ, ਜੋ ਹਮੇਸ਼ਾ ਅਮਰ ਰਹੇਗੀ।
ਇਸ ਮਹਾਨ ਦੇਸ਼ ਭਗਤ ਦੀ ਜਨਮ ਵਰ੍ਹੇਗੰਢ ਮਨਾਉਣ ਲਈ ਅਚਾਰਿਯਾਕੁਲ ਚੰਡੀਗੜ੍ਹ ਅਤੇ ਗਾਂਧੀ ਸਮਾਰਕ ਨਿਧੀ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਭਗਤ ਸਿੰਘ ਵੱਲੋਂ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਆਪਣੇ ਆਪ ਵਿੱਚ ਇੱਕ ਮਹਾਨ ਸੋਚ ਹੈ, ਜੋ ਸਾਡੇ ਨੌਜਵਾਨਾਂ ਲਈ ਦੇਸ਼ ਭਗਤੀ ਦੀ ਭਾਵਨਾ ਗ੍ਰਹਿਣ ਕਰਨ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗਾ। ਇਸ ਮਹਾਨ ਸ਼ਹੀਦ ਦੀ ਵਿਰਾਸਤ ਦੀ ਅੰਤਰਰਾਸ਼ਟਰੀ ਸਰਹੱਦ ਦੇ ਦੋਹਾਂ ਪਾਸੇ ਸਮਾਨ ਕਦਰ ਹੈ।
ਭਾਰਤ ਨੂੰ ਅੰਗਰੇਜ਼ੀ ਸਾਮਰਾਜ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਹਵਾਲਾ ਦਿੰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਦੇਸ਼ ਭਗਤੀ ਦੀ ਭਾਵਨਾ ਪੰਜਾਬੀਆਂ ਦੇ ਖੂਨ ਵਿੱਚ ਹੈ, ਜੋ ਦੇਸ਼ ਨੂੰ ਅੰਦਰੂਨੀ ਅਤੇ ਬਾਹਰੀ ਹਮਲਿਆਂ ਤੋਂ ਬਚਾਉਣ ਲਈ ਹਮੇਸ਼ਾ ਮੋਹਰੀ ਰਹੀ। ਉਨ੍ਹਾਂ ਕਿਹਾ ਕਿ ਅਸੀਂ ਅਤੇ ਸਾਡੀਆਂ ਪੀੜ੍ਹੀਆਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਵਰਗੇ ਮਹਾਨ ਦੇਸ਼ ਭਗਤਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਦੇਸ਼ ਭਗਤਾਂ ਦੀ ਤਿੱਕੜੀ ਨੂੰ ਫਾਂਸੀ ਦੇਣਾ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਇੱਕ ਅਜਿਹਾ ਮੋੜ ਸੀ ਜਿਸਨੇ ਆਜ਼ਾਦੀ ਦੀ ਲਹਿਰ ਨੂੰ ਹੋਰ ਤੇਜ਼ ਕਰ ਦਿੱਤਾ। ਇਸ ਸਮਾਗਮ ਦੌਰਾਨ ਗਾਇਕਾਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ। ਅਚਾਰਿਯਾਕੁਲ ਚੰਡੀਗੜ੍ਹ ਅਤੇ ਗਾਂਧੀ ਸਮਾਰਕ ਨਿਧੀ ਵੱਲੋਂ ਸਪੀਕਰ ਨੂੰ ਮੋਮੈਂਟੋ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਦੇ ਭਤੀਜੇ ਕਿਰਨਜੀਤ ਸਿੰਘ, ਗਾਂਧੀ ਸਮਾਰਕ ਨਿਧੀ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ) ਦੇ ਪ੍ਰਧਾਨ ਕੇ.ਕੇ. ਸ਼ਾਰਦਾ, ਅਚਾਰਿਯਾਕੁਲ ਚੰਡੀਗੜ੍ਹ ਦੇ ਸੀਨੀਅਰ ਉਪ ਪ੍ਰਧਾਨ ਪ੍ਰੇਮ ਵਿੱਜ, ਭਗਤ ਸਿੰਘ ਸਕੂਲ ਆਫ਼ ਲਰਨਿੰਗ ਦੇ ਪ੍ਰਧਾਨ ਪ੍ਰੋ. ਐਮ.ਐਮ. ਜੁਨੇਜਾ ਮੌਜੂਦ ਸਨ।























