

ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਚੋਣ 13 ਨਵੰਬਰ ਨੂੰ ਕਰਵਾਈ ਜਾਵੇਗੀ। ਇਸ ਦਾ ਖੁਲਾਸਾ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। 13 ਨਵੰਬਰ 2018 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ ਅਤੇ ਇਸੇ ਦਿਨ ਹੀ ਪ੍ਰਧਾਨ ਸਮੇਤ ਹੋਰਨਾਂ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।
ਹਾਲਾਂਕਿ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਚੋਣ ਸਬੰਧੀ ਹਾਲੇ ਤਕ ਕੋਈ ਜਾਣਕਾਰੀ ਨਹੀਂ ਹੈ। ਐਸਜੀਪੀਸੀ ਚੋਣਾਂ ਕਰਵਾਉਣ ਲਈ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਆਮ ਆਦਮੀ ਪਾਰਟੀ ਦੇ ਦਾਖਾ ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਕੇਂਦਰ ਨੂੰ ਚਿੱਠੀ ਲਿਖ ਚੁੱਕੇ ਹਨ।
ਹੁਣ ਲੌਂਗੋਵਾਲ ਨੇ 13 ਨਵੰਬਰ ਯਾਨੀ ਦੀਵਾਲੀ ਤੋਂ ਹਫ਼ਤਾ ਬਾਅਦ ਐਸਜੀਪੀਸੀ ਦੀਆਂ ਪ੍ਰਧਾਨਗੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਸਤੀਫ਼ੇ ਦਾ ਖੰਡਨ ਕਰਦਿਆਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਉਨ੍ਹਾਂ ਬਾਰੇ ਜ਼ਿਕਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਦ ਵੀ ਕੁਝ ਹੋਏਗਾ ਤਾਂ ਤੁਹਾਨੂੰ ਦੱਸ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਸਤੀਫ਼ੇ ਦੀ ਖ਼ਬਰ ਨੂੰ ਅਫਵਾਹ ਦੱਸਿਆ ਸੀ। ਉਂਝ ਉਨ੍ਹਾਂ ਇਹ ਵੀ ਮੰਨਿਆ ਹੈ ਕਿ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਪਰ ਜਦੋਂ ਉਨ੍ਹਾਂ ਦਾ ਮਨ ਹੋਵੇਗਾ ਉਦੋਂ ਹੀ ਅਸਤੀਫ਼ਾ ਦੇਣਗੇ।
EDITED BY : SARA YAHA | | Last Updated : 7:00 pm 18 October 2018























