*ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ-ਵਿਧਾਇਕ ਬੁੱਧ ਰਾਮ*

0
23

ਬੁਢਲਾਡਾ/ਮਾਨਸਾ, 19 ਮਈ  (ਸਾਰਾ ਯਹਾਂ/ਬਿਊਰੋ ਨਿਊਜ਼) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਹਲਕੇ ਦੇ ਚਾਰ ਸਰਕਾਰੀ ਸਕੂਲਾਂ ‘ਚ 01 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਸਰਕਾਰੀ ਸਕੂਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ। 

ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰੇਟਾ ਵਿਖੇ 46.26 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਬਰੇਟਾ ਵਿਖੇ 3.33 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰੇਟਾ ਵਿਖੇ 52.70 ਲੱਖ, ਸਰਕਾਰੀ ਮਿਡਲ ਸਕੂਲ ਬਰੇਟਾ ਪਿੰਡ ਵਿਖੇ 10.37 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਲਾਸਰੂਮ, ਲਾਇਬ੍ਰੇਰੀਆਂ, ਸਾਇੰਸ ਲੈਬਜ਼, ਪਲੇਅਗਰਾਊਂਡ, ਚਾਰਦੀਵਾਰੀਆਂ ਆਦਿ ਦਾ ਉਦਘਾਟਨ ਕੀਤਾ।

ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਵਿਕਾਸ ਕਾਰਜਾਂ ਤੋਂ ਇਲਾਵਾ ਸਪੋਰਟਸ ਤੇ ਟੂਰ ਗਰਾਂਟਾ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਬੱਚਿਆਂ ਅਤੇ ਸਕੂਲ ਦੀ ਸੁਰੱਖਿਆ ਲਈ ਚਾਰਦੀਵਾਰੀਆਂ ਦੀ ਉਸਾਰੀ ਕੀਤੀ ਜਾਣੀ ਲਾਜ਼ਮੀ ਹੈ। ਇਸ ਲਈ ਜਿਹੜ੍ਹੇ ਸਕੂਲਾਂ ਵਿਚ ਚਾਰਦੀਵਾਰੀਆਂ ਨਹੀਂ ਬਣੀਆਂ ਹੋਈਆਂ ਸਨ, ਉਨ੍ਹਾਂ ਸਾਰੇ ਸਕੂਲਾਂ ਵਿਚ ਚਾਰਦੀਵਾਰੀਆਂ ਦੀ ਉਸਾਰੀ ਕੀਤੀ ਜਾ ਰਹੀ ਹੈ।

ਵਿਧਾਇਕ ਨੇ ਕਿਹਾ ਕਿ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਵਿਚ ਅਧਿਆਪਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਅਧਿਆਪਨ ਤੋਂ ਹੀ ਰਾਜਨੀਤੀ ਵੱਲ ਆਏ ਹਨ ਅਤੇ ਅਧਿਆਪਕਾਂ ‘ਤੇ ਹਮੇਸ਼ਾ ਮਾਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਯੋਗ ਅਧਿਆਪਕਾਂ ਦੀ ਰਹਿਨੁਮਾਈ ਵਿਚ ਬੱਚਿਆਂ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ।

ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਸਕੂਲ ਮੁਖੀ ਮੋਨਿਕਾ, ਸ਼ਮੀਨਾ, ਗੁਰਜੰਟ ਸਿੰਘ ਤੇ ਸ਼ਿਖਾ, ਚੇਅਰਮੈਨ ਐਸ.ਐਮ.ਸੀ. ਬਲਵਿੰਦਰ ਖਾਨ, ਬਲਵਿੰਦਰ ਸਿੰਘ, ਜਗਦੀਸ਼ ਸਿੰਘ ਤੋਂ ਇਲਾਵਾ ਅਧਿਆਪਕ, ਬੱਚੇ, ਮਾਪੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

NO COMMENTS