

ਮਾਨਸਾ, 26 ਨਵੰਬਰ (ਹੀਰਾ ਸਿੰਘ ਮਿੱਤਲ): ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੁਲਰੀਆਂ ਵਿਖੇ ਇੱਕ ਰੋਜ਼ਾ ਵਿਸ਼ੇਸ਼ ਐਨ.ਐਸ.ਐਸ. ਕੈਂਪ ਲਗਾਇਆ ਗਿਆ, ਜਿਸ ਵਿੱਚ ਕਰੀਬ 172 ਵਲੰਟੀਅਰਾਂ ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਐਨ.ਐਸ.ਐਸ. ਕੈਂਪਾਂ ਦੀ ਵੀ ਅਹਿਮ ਭੂਮਿਕਾ ਹੈ, ਜਿਸ ਵਿੱਚ ਵਲੰਟੀਅਰ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਐਨ.ਐਸ.ਐਸ. ਵਿਦਿਆਰਥੀ ਜੀਵਨ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਰੱਖਦੀ ਹੈ ਕਿਉਂਕਿ ਇਸ ਨਾਲ ਜਿੱਥੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਪ੍ਰੇਰਣਾ ਮਿਲਦੀ ਹੈ, ਉਥੇ ਵਿਦਿਆਰਥੀਆਂ ਵਿੱਚ ਮਿਲਵਰਤਨ ਦੀ ਭਾਵਨਾ ਦਾ ਵੀ ਵਿਕਾਸ ਹੁੰਦਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਵਾਰ ਮਾਨਸਾ ਜ਼ਿਲ੍ਹੇ ‘ਚ ਦਸੰਬਰ ਮਹੀਨੇ ਵਿੱਚ 7 ਰੋਜ਼ਾ ਐਨ.ਐਸ.ਐਸ. ਦੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਯੁਵਕ ਸੇਵਾਵਾਂ ਵਿਭਾਗ ਨੂੰ ਫੰਡਜ਼ ਵੀ ਪ੍ਰਾਪਤ ਹੋ ਚੁੱਕੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸ਼੍ਰੀ ਦਰਸ਼ਨ ਸਿੰਘ ਬਰੇਟਾ ਨੇ ਸਮਾਗਮ ਵਿੱਚ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਮਾਨਸਿਕ ਵਿਕਾਸ ਹੀ ਸਕੂਲ, ਸੰਸਥਾ ਅਤੇ ਦੇਸ਼ ਦਾ ਵਿਕਾਸ ਹੁੰਦਾ ਹੈ। ਇਸ ਲਈ ਚੰਗੀ ਪੜ੍ਹਾਈ ਲਿਖਾਈ ਤੋਂ ਇਲਾਵਾ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਰਹਿਣਾ ਚਾਹੀਦਾ ਹੈ।
ਇਸ ਉਪਰੰਤ ਐਨ.ਸੀ.ਸੀ. ਅਫ਼ਸਰ ਸ਼੍ਰੀ ਜਸਵੀਰ ਸਿੰਘ, ਸ਼੍ਰੀ ਦੇਸਰਾਜ ਸਿੰਘ, ਸ਼੍ਰੀ ਜਸਵਿੰਦਰ ਕੌਰ, ਮੈਡਮ ਬੇਅੰਤ ਕੌਰ, ਮੈਡਮ ਅਮਨਪ੍ਰੀਤ ਕੌਰ ਅਤੇ ਹਾਜ਼ਰ ਐਨ.ਐਸ.ਐਸ. ਵਲੰਟੀਅਰਾਂ ਨੇ ਸਵਾਲਾਂ ਦਾ ਸਿਲਸਿਲਾ ਰਚਾਇਆ ਅਤੇ ਸ਼੍ਰੀ ਕੇਵਲ ਸਿੰਘ ਧਰਮਪੁਰਾ ਨੇ ਮੰਚ ਦਾ ਸੰਚਾਲਨ ਕੀਤਾ। ਇਸ ਮੌਕੇ ਮੌਜੂਦਾ ਨੇ ਵਾਤਾਵਰਨ ਦੀ ਸੰਭਾਲ ਲਈ ਆਪਣੀ ਵਚਨਬੱਧਤਾ ਜ਼ਾਹਰ ਕੀਤੀ।
EDITED BY : SARA YAHA | | Last Updated : 7:41 PM 26 ਨਵੰਬਰ 2018
























