ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਕਰਵਾਇਆ ਸਵੀਪ ਸਬੰਧੀ ਸੈਮੀਨਾਰ

0
16

ਮਾਨਸਾ, 06 ਮਈ (ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾ-2019 ਦੀਆਂ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਵੋਟਾਂ ਪਾਉਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਸੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਵੀਪ ਟੀਮ ਵੱਲੋਂ ਸੈਮੀਨਾਰ ਕਰਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ 100 ਫੀਸਦੀ ਵੋਟਿੰਗ ਕਰਨ ਦੀ ਅਪੀਲ ਕੀਤੀ ਗਈ। ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀਆਂ ਵੋਟਾਂ ਬਣ ਚੁੱਕੀਆਂ ਹਨ, ਉਹ ਆਪਣੇ ਵੋਟ ਦੇ ਅਧਿਕਾਰੀ ਦਾ ਇਸਤੇਮਾਲ ਜ਼ਰੂਰ ਕਰਨ।

ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਲੋਕਤੰਤਰ ਇਸ ਉਤਸਵ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਜਿਸ ਦੇਸ਼ ਦੀ ਨੌਜਵਾਨ ਪੀੜ੍ਹੀ ਜਿਨ੍ਹੀ ਜਾਗਰੂਕ ਹੁੰਦੀ ਹੈ, ਉਹ ਦੇਸ਼ ਉਨ੍ਹੀਂ ਹੀ ਤਰੱਕੀ ਕਰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੋਟਾਂ ਦੀ ਪ੍ਰਕ੍ਰਿਆ ਤੋਂ ਖੁਦ ਜਾਣੂ ਹੋ ਕੇ ਹੋਰਨਾਂ ਨੂੰ ਵੀ ਜਾਣੂ ਕਰਵਾਉਣਾ ਚਾਹੀਦਾ ਹੈ। 

ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਲੰਘੇ ਸ਼ੁਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇੱਕ ਵਿਸ਼ਾਲ ਸਾਈਕਲ, ਮੋਟਰਸਾਈਕਲ ਅਤੇ ਜੀਪ ਰੈਲੀ ਦਾ ਵੀ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਸੈਂਕੜੇ ਨੌਜਵਾਨਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਮੰਤਵ ਲੋਕਾਂ ਨੂੰ 100 ਫੀਸਦੀ ਪੋਲਿੰਗ ਕਰਵਾਉਣ ਲਈ ਪ੍ਰੇਰਿਤ ਕਰਨਾ ਸੀ।

LEAVE A REPLY

Please enter your comment!
Please enter your name here