ਸ੍ਰੀ ਮੁਕਤਸਰ ਸਾਹਿਬ, 18″ਸਤੰਬਰ (ਸਾਰਾ ਯਹਾਂ/ਮਨੀਸ਼ ਗਰਗ) ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਸਹਾਇਕ ਕਮਿਸ਼ਨਰ (ਜ) ਸ਼ਿਵਾਂਸ਼ ਅਸਥਾਨਾ ਵੱਲੋਂ ਪਿਛਲੇ ਦਿਨੀ ਹੋਈਆਂ ਲਗਾਤਾਰ ਬਾਰਸ਼ਾਂ ਦੇ ਕਾਰਨ ਹੋਏ ਨੁਕਸਾਨ ਦੇ ਸਬੰਧ ਵਿਚ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਬਾਮ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਹਾਇਕ ਕਮਿਸ਼ਨਰ ਸ਼ਿਵਾਂਸ਼ ਅਸਥਾਨਾ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਕਿ ਪਾਣੀ ਨਾਲ ਹੋਏ ਨੁਕਸਾਨ ਦੀ ਜਲਦ ਤੋਂ ਜਲਦ ਗਿਰਦਾਵਰੀ ਕਰਵਾ ਕੇ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਬਣਦਾ ਮੁਆਵਜ਼ਾ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।
ਸਹਾਇਕ ਕਮਿਸ਼ਨਰ ਸ਼ਿਵਾਂਸ਼ ਅਸਥਾਨਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਵਾਧੂ ਪਾਣੀ ਦੀ ਮਾਰ ਝੱਲ ਰਹੇ ਇਸ ਪਿੰਡ ਦੀ ਸਮੱਸਿਆ ਦੇ ਸਥਾਈ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਿੰਡ ਵਾਸੀਆਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਫ਼ਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਜੋ ਜਲਦੀ ਹੀ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ।
ਸਹਾਇਕ ਕਮਿਸ਼ਨਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫ਼ਾਈ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਭਾਰੀ ਬਾਰਿਸ਼ਾਂ ਤੋਂ ਬਾਅਦ ਗਲੀਆਂ, ਨਾਲੀਆਂ ਤੇ ਸੜਕਾਂ ਦੀ ਸਾਫ਼-ਸਫ਼ਾਈ ਲਾਜ਼ਮੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਤੋਂ ਬਾਅਦ ਕਈ ਬਿਮਾਰੀਆਂ ਦੇ ਫੈਲਣ ਦੀ ਸੰਭਾਵਨਾ ਹੁੰਦੀ ਹੈ, ਜਿਸ ਕਰਕੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣਾ ਲਾਜ਼ਮੀ ਹੈ ਅਤੇ ਸਾਰੇ ਨਾਗਰਿਕਾਂ ਨੂੰ ਵੱਧ ਚੜ੍ਹ ਕੇ ਇਸ ਮੁਹਿੰਮ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਤਹਿਸੀਲਦਾਰ ਮਲੋਟ ਗੁਰਪ੍ਰੀਤ ਸਿੰਘ, ਜ਼ਿਲ੍ਹਾ ਮੀਡੀਆ ਸਕੱਤਰ ਰਮੇਸ਼ ਅਰਨੀਵਾਲਾ, ਪਿੰਡ ਦੇ ਸਰਪੰਚ ਜਗਮੀਤ ਸਿੰਘ ਬਾਮ ਤੋਂ ਇਲਾਵਾ ਮੋਹਤਬਰ ਵਿਅਕਤੀ, ਪਟਵਾਰੀ ਸਾਹਿਬਾਨ ਅਤੇ ਸਬੰਧਤ ਅਧਿਕਾਰੀ ਵੀ ਮੌਜੂਦ ਸਨ।