*ਸਿਰਫ਼ ਉਦਘਾਟਨਾਂ ਨਾਲ ਨਹੀਂ ਬਣੇਗਾ ਨੌਜਵਾਨਾਂ ਦਾ ਭਵਿੱਖ….ਗੁਰਪ੍ਰੀਤ ਵਿੱਕੀ*

0
14

ਮਾਨਸਾ ਮਾਰਚ 11 (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਦੇ ਨਾਂ ’ਤੇ ਵੱਡੇ-ਵੱਡੇ ਦਾਅਵੇ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੌਜੂਦਾ ਸਰਕਾਰ ਵੱਲੋਂ ਅਸਲ ਵਿਕਾਸ ਕਰਨ ਦੀ ਬਜਾਏ ਸਿਰਫ਼ ਉਦਘਾਟਨਾਂ, ਐਲਾਨਾਂ ਅਤੇ ਪ੍ਰਚਾਰ ਦੇ ਜ਼ਰੀਏ ਆਪਣੀ ਰਾਜਨੀਤੀ ਚਮਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਪਰੋਤਕ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਕੀਤਾ
ਉਹਨਾਂ ਕਿਹਾ ਕਿ ਪਿਛਲੇ ਦਿਨੀਂ ਮਾਨਸਾ ਦੇ ਨੇੜੇ ਹਲਕਾ ਸਰਦੂਲਗੜ੍ਹ ਦੇ ਪਿੰਡ ਸਾਹਨੇਵਾਲੀ ਵਿੱਚ ਸਰਕਾਰੀ ਆਈ ਟੀ ਆਈ ਦਾ ਉਦਘਾਟਨ ਕੀਤਾ ਇਸ ਮੌਕੇ ਮੁੱਖਮੰਤਰੀ ਨੇ ਆਪਣੀ ਸਰਕਾਰ ਦੇ ਸੋਹਲੇ ਗਾਏ ਅਤੇ ਇਸਨੂੰ ਸਰਕਾਰ ਦੀ ਵੱਡੀ ਉਪਲਬਧੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਹਕੀਕਤ ਇਹ ਹੈ ਕਿ ਸਿਰਫ਼ ਇੱਕ ਇਮਾਰਤ ਦਾ ਉਦਘਾਟਨ ਕਰ ਦੇਣ ਨਾਲ ਨਾ ਤਾਂ ਤਕਨੀਕੀ ਸਿੱਖਿਆ ਮਜ਼ਬੂਤ ਹੁੰਦੀ ਹੈ ਅਤੇ ਨਾ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੁੰਦੇ ਹਨ। ਵਿੱਕੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਕਈ ਸਰਕਾਰੀ ਆਈ.ਟੀ.ਆਈ. ਸੰਸਥਾਵਾਂ ਅਜਿਹੀਆਂ ਹਨ ਜਿੱਥੇ ਅਧਿਆਪਕਾਂ ਦੀ ਭਾਰੀ ਕਮੀ ਹੈ, ਲੈਬੋਰਟਰੀਆਂ ਅਤੇ ਆਧੁਨਿਕ ਮਸ਼ੀਨਰੀ ਦੀ ਘਾਟ ਹੈ ਅਤੇ ਵਿਦਿਆਰਥੀਆਂ ਨੂੰ ਢੰਗ ਦੀ ਤਕਨੀਕੀ ਸਿਖਲਾਈ ਵੀ ਨਹੀਂ ਮਿਲ ਰਹੀ।
ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਪਰ ਅੱਜ ਹਾਲਾਤ ਇਹ ਹਨ ਕਿ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਰੋਜ਼ਗਾਰ ਨਹੀਂ ਮਿਲ ਰਿਹਾ ਅਤੇ ਉਹ ਵਿਦੇਸ਼ਾਂ ਵੱਲ ਰੁਖ ਕਰਨ ਲਈ ਮਜਬੂਰ ਹੋ ਰਹੇ ਹਨ। ਇਸ ਹਕੀਕਤ ਨੂੰ ਛੁਪਾਉਣ ਲਈ ਸਰਕਾਰ ਵੱਲੋਂ ਨਵੇਂ-ਨਵੇਂ ਉਦਘਾਟਨ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਇਆ ਜਾ ਸਕੇ।
ਸੱਚਾਈ ਇਹ ਹੈ ਕਿ ਪੰਜਾਬ ਦੇ ਤਕਨੀਕੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਗੰਭੀਰ ਯੋਜਨਾ ਅਤੇ ਦੂਰਦਰਸ਼ੀ ਨੀਤੀ ਦੀ ਲੋੜ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਮੌਜੂਦਾ ਆਈ.ਟੀ.ਆਈ. ਸੰਸਥਾਵਾਂ ਦੀ ਹਾਲਤ ਸੁਧਾਰੀ ਜਾਵੇ, ਉਥੇ ਪੱਕੇ ਅਧਿਆਪਕਾਂ ਦੀ ਭਰਤੀ ਕੀਤੀ ਜਾਵੇ, ਆਧੁਨਿਕ ਮਸ਼ੀਨਰੀ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਨੌਜਵਾਨਾਂ ਨੂੰ ਉਦਯੋਗਿਕ ਮੰਗ ਦੇ ਅਨੁਸਾਰ ਤਕਨੀਕੀ ਸਿਖਲਾਈ ਦਿੱਤੀ ਜਾਵੇ। ਪਰ ਅਫਸੋਸ ਦੀ ਗੱਲ ਹੈ ਕਿ ਮੌਜੂਦਾ ਸਰਕਾਰ ਵੱਲੋਂ ਅਜਿਹੇ ਠੋਸ ਕਦਮ ਚੁੱਕਣ ਦੀ ਬਜਾਏ ਸਿਰਫ਼ ਪ੍ਰਚਾਰਕ ਰਾਜਨੀਤੀ ਕੀਤੀ ਜਾ ਰਹੀ ਹੈ।
ਅਸੀਂ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦੇਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਸਿਰਫ਼ ਉਦਘਾਟਨਾਂ ਅਤੇ ਪ੍ਰਚਾਰ ਨਾਲ ਹੋਰ ਜ਼ਿਆਦਾ ਸਮੇਂ ਤੱਕ ਗੁਮਰਾਹ ਨਹੀਂ ਕੀਤਾ ਜਾ ਸਕਦਾ। ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਅਜਿਹੀ ਦਿਖਾਵੇ ਵਾਲੀ ਰਾਜਨੀਤੀ ਨੂੰ ਬਖ਼ਸ਼ਣ ਵਾਲੇ ਨਹੀਂ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਖੋਖਲੇ ਦਾਅਵਿਆਂ ਦੀ ਬਜਾਏ ਅਸਲ ਵਿਕਾਸ ਵੱਲ ਧਿਆਨ ਦਿੱਤਾ ਜਾਵੇ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਤੁਰੰਤ ਅਤੇ ਠੋਸ ਕਦਮ ਚੁੱਕੇ ਜਾਣ।

LEAVE A REPLY

Please enter your comment!
Please enter your name here