

ਮਾਨਸਾ, 4 ਜਨਵਰੀ (ਸਾਰਾ ਯਹਾਂ/ਔਲਖ ) ਸਿਹਤ ਮੁਲਾਜ਼ਮ ਜਥੇਬੰਦੀਆਂ ਕੰਟਰੈਕਟ ਅਤੇ ਆਉਟਸੋਰਸਜ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ, 37 ਤਰ੍ਹਾਂ ਦੇ ਕੱਟੇ ਗਏ ਭੱਤੇ ਬਹਾਲ ਕਰਵਾਉਣ, ਪੁਰਾਣੀ ਪੈਨਸ਼ਨ ਲਾਗੂ ਕਰਵਾਉਣ, ਆਸ਼ਾ ਵਰਕਰਾਂ ਨੂੰ ਬੱਝਵਾਂ ਮਾਣ ਭੱਤਾ ਦਵਾਉਣ ਆਦਿ ਮੰਗਾਂ ਨੂੰ ਲੈ ਕੇ ਹੜਤਾਲ ਤੇ ਹਨ। ਸਿਹਤ ਜਥੇਬੰਦੀਆਂ ਦੀ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਬਲਾਕ ਪੱਧਰ ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਅਤੇ ਕੱਲ੍ਹ ਨੂੰ ਖਰੜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸੇ ਸੰਦਰਭ ਵਿੱਚ ਅੱਜ ਸਿਹਤ ਬਲਾਕ ਖਿਆਲਾ ਕਲਾਂ ਵਿਖੇ ਸਿਹਤ ਮੁਲਾਜ਼ਮਾਂ ਦੀ ਵਿਸ਼ਾਲ ਇਕੱਤਰਤਾ ਹੋਈ ਜਿਸ ਵਿੱਚ ਵੱਖ ਵੱਖ ਸਿਹਤ ਮੁਲਾਜ਼ਮ ਆਗੂਆਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਅਲੋਚਨਾਂ ਕਰਦੇ ਹੋਏ ਕਿਹਾ ਕਿ ਕਰੋਨਾ ਦੇ ਦੌਰ ਵਿੱਚ ਸਿਹਤ ਮੁਲਾਜ਼ਮਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਗੈਰ ਕੰਮ ਕੀਤੇ ਪਰ ਸਰਕਾਰ ਉਨ੍ਹਾਂ ਨੂੰ ਕੋਈ ਸਪੈਸ਼ਲ ਭੱਤਾ ਦੇਣ ਦੀ ਥਾਂ ਬਣਦੇ ਭੱਤਿਆਂ ਦੀ ਵੀ ਕਟੌਤੀ ਕਰਨ ਜਾ ਰਹੀ ਹੈ ਅਤੇ 15-15 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕਰ ਰਹੀ। ਆਗੂਆਂ ਨੇ ਕਿਹਾ ਕਿ ਸਰਕਾਰ ਨੇ 36000 ਮੁਲਾਜ਼ਮ ਪੱਕੇ ਕਰਨ ਦੀ ਇਸ਼ਤਿਹਾਰਬਾਜ਼ੀ ਉਤੇ ਕਰੋੜਾਂ ਰੁਪਏ ਖਰਚ ਕਰ ਦਿੱਤੇ ਜਦੋਂ ਕਿ ਪਿਛਲੇ ਦਿਨੀਂ ਮੁਲਾਜ਼ਮਾਂ ਦੀ ਫਾਇਲ ਰਾਜਪਾਲ ਨੇ ਵਾਪਸ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ਾ ਵਰਕਰਾਂ ਨੂੰ 2500 ਰੁਪਏ ਦਾ ਐਲਾਨ ਕਰ ਕੇ ਹਾਲੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਇਨਾਂ ਗੱਲਾਂ ਤੋਂ ਸਰਕਾਰ ਦੀ ਨੀਤੀ ਤੇ ਨੀਅਤ ਦਾ ਸਾਫ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀ ਇਲੈਕਸ਼ਨ ਵਿੱਚ ਇਸ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ। ਇਸ ਦੌਰਾਨ ਮੁਲਾਜਮ ਆਗੂ ਕੇਵਲ ਸਿੰਘ, ਚਾਨਣ ਦੀਪ ਸਿੰਘ, ਜਗਦੀਸ਼ ਸਿੰਘ, ਚੰਦਰਕਾਂਤ, ਜਗਤਾਰ ਸਿੰਘ, ਮਨਦੀਪ ਕੌਰ, ਸੁਖਦੀਪ ਕੌਰ, ਅਵਤਾਰ ਸਿੰਘ ਆਦਿ ਨੇ ਸੰਬੋਧਨ ਕੀਤਾ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਅੰਤ ਵਿੱਚ ਮੁਲਾਜ਼ਮਾਂ ਨੇ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ, ਲਵਜੀਤ ਮਿੱਤਲ, ਬਰਜਿੰਦਰ ਸਿੰਘ, ਜਸਵੀਰ ਸਿੰਘ, ਡਾ ਬਲਜਿੰਦਰ ਕੌਰ, ਡਾ ਹਰਮਨਦੀਪ ਸਿੰਘ, ਡਾ ਅਰਜਨ ਸ਼ਾਰਧਾ, ਕੇਵਲ ਸਿੰਘ, ਸੁਖਵੀਰ ਸਿੰਘ, ਤਰਸੇਮ ਸਿੰਘ, ਲਵਦੀਪ ਸਿੰਘ, ਮਲਕੀਤ ਸਿੰਘ, ਪ੍ਰਦੀਪ ਸਿੰਘ, ਭੋਲਾ ਸਿੰਘ, ਸੁਖਵਿੰਦਰ ਸਿੰਘ, ਜਗਦੇਵ ਸਿੰਘ, ਗੁਰਵਿੰਦਰ ਕੌਰ, ਅਮਨਦੀਪ ਕੌਰ, ਕਰਮਜੀਤ ਕੌਰ, ਬਲਰਾਜ ਕੌਰ, ਰਮਨਦੀਪ ਕੌਰ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।























