ਸੀ.ਐਮ. ਦੀ ਯੋਗਸ਼ਾਲਾ ਤਹਿਤ ਲੋਕਾਂ ਨੂੰ ਯੋਗਾ ਨਾਲ ਜੋੜਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਡਾ. ਵਿਜੈ ਸਿੰਗਲਾ

0
82
oplus_0

ਮਾਨਸਾ, 21 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)

            ਲੋਕਾਂ ਨੂੰ ਤੰਦਰੁਸਤ ਰੱਖਣ ਅਤ ਸਿਹਤਮੰਦ ਪੰਜਾਬ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ.ਦੀ ਯੋਗਸ਼ਾਲਾ ਤਹਿਤ ਲੱਗਣ ਵਾਲੀਆਂ ਯੋਗਾਂ ਦੀਆਂ ਮੁਫ਼ਤ ਕਲਾਸਾਂ ਲੋਕਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋ ਰਹੀ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਮਾਨਸਾ ਜ਼ਿਲ੍ਹੇ ਦੇ ਲੋਕ ਇਨ੍ਹਾਂ ਯੋਗ ਕਲਾਸਾਂ ਦਾ ਲਾਹਾ ਲੈ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਥਾਨਕ ਸੈਂਟਰਲ ਪਾਰਕ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ 11ਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਕੀਤਾ। ਇਹ ਸਮਾਗਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੁਰਵੇਦ ਵਿਭਾਗ ਅਤੇ ਸੀ.ਐਮ.ਦੀ ਯੋਗਸ਼ਾਲਾ ਟੀਮ ਦੇ ਸਹਿਯੋਗ ਨਾਲ ਮਨਾਇਆ ਗਿਆ।

            ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪੰਜਾਬ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ, ਬੱਚੇ, ਬਜ਼ੁਰਗ ਅਤੇ ਔਰਤਾਂ ਜੁੜ ਰਹੇ ਹਨ ਅਤੇ ਖੁਦ ਨੂੰ ਤੰਦਰੁਸਤ ਅਤੇ ਰੋਗ ਮੁਕਤ ਰੱਖਣ ਵਿੱਚ ਸਫ਼ਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਜਲਦ ਹੀ ਮਾਨਸਾ ਬਲਾਕ ਵਿਖੇ 7 ਤੋਂ 12 ਹੋਰ ਟ੍ਰੇਨਰ ਨਿਯੁਕਤ ਕੀਤੇ ਜਾਣਗੇ, ਤਾਂ ਜੋ ਹਰ ਗਲੀ, ਮੁਹੱਲੇ ਅਤੇ ਸ਼ਹਿਰ ਵਿੱਚ ਯੋਗਾਂ ਦੀਆਂ ਕਲਾਸਾਂ ਨਿਰਵਿਘਨਤਾ ਅਤੇ ਸਫ਼ਲਤਾਪੂਰਵਕ ਚਲਾਈਆਂ ਜਾ ਸਕਣ।

            ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਯੋਗਾ ਨੂੰ ਜ਼ਰੂਰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਯੋਗਾ ਨਾਲ ਅਸੀਂ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹਿੰਦੇ ਹਾਂ ਅਤੇ ਖੁਦ ਨੂੰ ਤਰੋਤਾਜ਼ਾ ਮਹਿਸੂਸ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਮੁਫ਼ਤ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ ਮਾਹਿਰ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਯੋਗਾ ਦੇ ਆਸਨਾਂ, ਉਨ੍ਹਾਂ ਦੇ ਮਹੱਤਵ ਅਤੇ ਮਨੁੱਖੀ ਸਰੀਰ ਨੂੰ ਹੋਣ ਵਾਲੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।

            ਇਸ ਦੌਰਾਨ ਯੋਗਾ ਟ੍ਰੇਨਰ ਸੀਤਾ ਸੇਮਵਾਲ ਅਤੇ ਮੰਜੂ ਰਾਣੀ ਵੱਲੋਂ ਯੋਗਾ ਦੇ ਆਸਨ ਕਰਵਾਏ ਅਤੇ ਵਿਸਥਾਰ ਨਾਲ ਉਨ੍ਹਾਂ ਸਬੰਧੀ ਜਾਣਕਾਰੀ ਦਿੱਤੀ। ਐਸ.ਡੀ.ਕੰਨਿਆ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਵੱਲੋਂ ਯੋਗਾ ਸਬੰਧੀ ਸ਼ਾਨਦਾਰ ਕੋਰਿਓਗ੍ਰਾਫ਼ੀ ਪੇਸ਼ ਕੀਤੀ ਗਈ। ਮਨਾਏ ਗਏ 11ਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਵੱਡੀ ਗਿਣਤੀ ਲੋਕਾਂ ਵੱਲੋਂ ਯੋਗਾ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲਿਆ। ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਦੌਰਾਨ ਮੌਜੂਦਾ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

            ਇਸ ਮੌਕੇ ਐਸ.ਡੀ.ਐਮ. ਸ਼੍ਰੀ ਕਾਲਾ ਰਾਮ ਕਾਂਸਲ, ਆਯੁਰਵੈਦਿਕ ਅਤੇ ਯੁਨਾਨੀ ਅਫ਼ਸਰ ਡਾ. ਨਮਿਤਾ ਗਰਗ, ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਪਾਲ ਸਿੰਗਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ ਅਤੇ ਡਾ. ਪਰਮਜੀਤ ਸਿੰਘ, ਈ.ਓ. ਬਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੁਲਾਜ਼ਮ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

LEAVE A REPLY

Please enter your comment!
Please enter your name here