*ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਵਿੱਚ ਸੂਬੇ ਦੇ ਪੱਤਰਕਾਰਾਂ ਨੂੰ ਪੂਰੀ ਤਰ੍ਹਾਂ ਕੀਤਾ ਅਣਗੌਲ਼ਿਆ*

0
11

ਮਾਨਸਾ, 11 ਮਾਰਚ:-  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਜਨਰਲ ਜਗਤਾਰ ਸਿੰਘ ਧੰਜਲ, ਸੂਬਾ ਕਮੇਟੀ ਮੈਂਬਰ ਜੋਗਿੰਦਰ ਸਿੰਘ ਮਾਨ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਵਿੱਚ ਸੂਬੇ ਦੇ ਪੱਤਰਕਾਰਾਂ ਨੂੰ ਪੂਰੀ ਤਰ੍ਹਾਂ ਅਣਗੌਲ਼ਿਆ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਸਾਲਾਂ ਵਾਂਗ ਆਪਣੀ ਸਰਕਾਰ ਦੇ ਆਖ਼ਰੀ ਬਜਟ ਵਿੱਚ ਵੀ ਪੱਤਰਕਾਰਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਮੀਡੀਆ ਦੇ ਸਹਾਰੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਸਰਕਾਰ ਹੁਣ ਉਸ ਮੀਡੀਆ ਵੱਲ ਪਿੱਠ ਕਰ ਕੇ ਖੜ੍ਹੀ ਹੈ। ਆਗੂਆਂ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੱਤਾਧਾਰੀ ਧਿਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸਰਕਾਰ ਦੇ ਪੱਤਰਕਾਰ ਵਿਰੋਧੀ ਰਵਈਏ ਖ਼ਿਲਾਫ਼ ਸੂਬੇ ਵਿੱਚ ਹਰ ਪੱਧਰ ‘ਤੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਮੇਂ ਸਰਕਾਰ ਦੇ ਨੁਮਾਇੰਦਿਆਂ, ਮੰਤਰੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਭਰੋਸਾ ਮਿਲਣ ਦੇ ਬਾਵਜੂਦ ਬਜਟ ਪੇਸ਼ ਕਰਨ ਸਮੇਂ ਪੱਤਰਕਾਰਾਂ ਸਮੇਤ ਡੈਸਕ ਸਟਾਫ਼ ਨੂੰ ਪੈਨਸ਼ਨ, ਹਰਿਆਣਾ ਪੈਟਰਨ ‘ਤੇ ਮੁਫ਼ਤ ਬੱਸ ਸਫ਼ਰ, ਐਕਸ-ਗਰੇਸ਼ੀਆ ਸਕੀਮ ਅਧੀਨ ਲਿਆਉਣ, ਚੰਡੀਗੜ੍ਹ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 50 ਫੀਸਦ ਕਰਨ, ਜ਼ਿਲ੍ਹਿਆਂ ਵਿੱਚ ਪੱਤਰਕਾਰਾਂ ਨੂੰ ਰਿਹਾਇਸ਼ੀ ਮਕਾਨ-ਫਲੈਟ ਬਣਾਉਣ ਲਈ ਸਸਤੀਆਂ ਦਰਾਂ ਉਪਰ ਪਲਾਟ ਦੇਣ, ਪ੍ਰਿੰਟ ਅਤੇ ਇਲੈਕਟ੍ਰਾਨਿਕਸ ਮੀਡੀਆ ਦੇ ਨਿਊਜ਼ ਟੇਬਲਾਂ ਉਪਰ ਕੰਮ ਕਰਨ ਵਾਲੇ ਮੀਡੀਆ ਕਰਮੀਆਂ ਨੂੰ ਫ਼ੀਲਡ ਪੱਤਰਕਾਰਾਂ ਵਾਲੀਆਂ ਸਹੂਲਤਾਂ ਦੇਣ, ਸਾਰੇ ਪੱਤਰਕਾਰਾਂ ਲਈ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੇ ਮਾਮਲੇ ਵਿੱਚ ਬਜਟ ਵਿੱਚ ਜ਼ਿਕਰ ਤੱਕ ਨਾ ਕਰਨਾ ਸਰਕਾਰ ਦੇ ਮੀਡੀਆ ਪ੍ਰਤੀ ਰਵਈਏ ਨੂੰ ਨੰਗਾ ਕਰ ਕੇ ਰੱਖ ਦਿੱਤਾ ਹੈ। -ਜਗਤਾਰ ਸਿੰਘ ਧੰਜਲ, ਜਰਨਲ ਸਕੱਤਰ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ

NO COMMENTS