

ਮਾਨਸਾ, 05 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਟਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਦੌਰਾਨ ਉਨ੍ਹਾਂ ਮਿਲਟਰੀ ਅਧਿਕਾਰੀਆਂ ਨੂੰ ਜ਼ਿਲ੍ਹਾ ਮਾਨਸਾ ਅੰਦਰ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਬਾਰੇ ਜਾਣੂ ਕਰਵਾਇਆ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਨਜ਼ਰਸਾਨੀ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਨਕਸ਼ੇ ਰਾਹੀਂ ਮਿਲਟਰੀ ਅਧਿਕਾਰੀਆਂ ਨਾਲ ਉਨ੍ਹਾਂ ਇਲਾਕਿਆਂ ਬਾਰੇ ਵਿਚਾਰ ਚਰਚਾ ਕੀਤੀ ਜਿੱਥੇ ਘੱਗਰ ਵਿਚ ਪਾਣੀ ਦੇ ਸਮਰੱਥਾ ਤੋਂ ਜ਼ਿਆਦਾ ਵਧਣ ਨਾਲ ਨੁਕਸਾਨ ਦਾ ਖਦਸ਼ਾ ਹੁੰਦਾ ਹੈ। ਉਨ੍ਹਾਂ ਮਿਲਟਰੀ ਨੂੰ ਇੰਨ੍ਹਾਂ ਸੰਵੇਦਨਸ਼ੀਲ ਇਲਾਕਿਆਂ ‘ਤੇ ਖਾਸ ਨਜ਼ਰਸਾਨੀ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲ ਦੀ ਘੜੀ ਘੱਗਰ ਵਿਚ ਪਾਣੀ ਦੀ ਮਾਤਰਾ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਪ੍ਰੰਤੂ ਲਗਾਤਾਰ ਹੋ ਰਹੀ ਬਰਸਾਤ ਕਰਕੇ ਕਿਤੇ ਵੀ ਬੰਨ੍ਹ ਦੇ ਟੁੱਟਣ ਜਾਂ ਪਾਣੀ ਦੇ ਵਧ ਜਾਣ ਦਾ ਖਦਸ਼ਾ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਕਿਸੇ ਵੀ ਤਰ੍ਹਾਂ ਦੇ ਰਾਹਤ ਅਤੇ ਬਚਾਅ ਕਾਰਜ ਲਈ ਮਿਲਟਰੀ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਲੋਕਾਂ ਦੀ ਸੁਰੱਖਿਆ ਅਤੇ ਬਚਾਅ ਕਾਰਜਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਚਾਂਦੁਪਰਾ ਅਤੇ ਸਰਦੂਲਗੜ੍ਹ ਵਿਖੇ ਘੱਗਰ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਸਥਿਤੀ ਵਿਚ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।
ਇਸ ਉਪਰੰਤ ਮਿਲਟਰੀ ਅਧਿਕਾਰੀਆਂ ਵੱਲੋਂ ਚਾਂਦਪੁਰਾ ਸਾਈਫਨ ਅਤੇ ਸਰਦੂਲਗੜ੍ਹ ਵਿਖੇ ਘੱਗਰ ਦੇ ਦੌਰੇ ਦੌਰਾਨ ਸੰਵੇਦਨਸ਼ੀਲ ਇਲਾਕਿਆਂ ਅਤੇ ਪਿੰਡ ਫੂਸਮੰਡੀ ਦਾ ਟਰੈਕਟਰਾਂ ਰਾਹੀਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਸਹਾਇਕ ਕਮਿਸ਼ਨਰ (ਯੂ.ਟੀ.) ਗੁਰਲੀਨ ਕੌਰ, ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਜੀਤ ਪਾਲ ਸਿੰਘ ਨੇ ਜਾਇਜ਼ਾ ਲਿਆ।
ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਘੱਗਰ ਵਿਚ ਪਾਣੀ ਦੀ ਸਮਰੱਥਾ ਵਧਣ ਕਾਰਨ ਜੋ ਇਲਾਕੇ ਪ੍ਰਭਾਵਿਤ ਹੁੰਦੇ ਹਨ ਉਨ੍ਹਾਂ ਦੀ ਨਜ਼ਰਸਾਨੀ ਦੀ ਲੋੜ ਹੈ ਜਿਸ ਬਾਰੇ ਉਨ੍ਹਾਂ ਮਿਲਟਰੀ ਅਧਿਕਾਰੀਆਂ ਨੂੰ ਇੰਨ੍ਹਾਂ ਥਾਵਾਂ ‘ਤੇ ਲਿਜਾ ਕੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ।

ਇਸ ਮੌਕੇ ਲੈਫਟੀਨੇਟ ਕਰਨਲ ਪੀ.ਕੇ. ਰਾਏ, ਕੈਪਟਨ ਨਿਤਿਨ ਸ਼ਰਮਾ, ਕੈਪਟਨ ਜੋਸੇਫ ਥਾਮਸ, ਸੂਬੇਦਾਰ ਪ੍ਰਦੀਪ ਕੁਮਾਰ, ਨਾਇਬ ਤਹਿਸੀਲਦਾਰ ਕਿਰਪਾਲ ਸਿੰਘ ਅਤੇ ਐਕਸੀਅਨ ਡਰੇਨੇਜ਼ ਸ੍ਰੀ ਭਾਵੁਕ ਸ਼ਰਮਾ ਮੌਜੂਦ ਸਨ।























