

ਮਾਨਸਾ, 26 ਨਵੰਬਰ (ਸਾਰਾ ਯਹਾ,ਬਲਜੀਤ ਸ਼ਰਮਾ)) : 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਸਥਾਨਕ ਬੱਚਤ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਮੂਹ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸੰਵਿਧਾਨ ਦੀ ਪਾਲਣਾ ਕਰਨ ਹਿੱਤ ਸਹੁੰ ਚੁੱਕੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਵੱਲੋਂ ਰਚਿਤ ਸੰਵਿਧਾਨ ਨੂੰ ਤਿਆਰ ਕਰਨ ਵਿੱਚ 2 ਸਾਲ 11 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਿਆ। ਉਨ੍ਹਾਂ ਦੱਸਿਆ ਕਿ ਇਹ ਸੰਵਿਧਾਨ ਹਰੇਕ ਵਰਗ ਨੂੰ ਮੁੱਖ ਰੱਖਕੇ ਤਿਆਰ ਕੀਤਾ ਗਿਆ ਅਤੇ ਇਸ ਸੰਵਿਧਾਨ ਦੇ ਨਿਯਮਾਂ ਅਨੁਸਾਰ ਹੀ ਦੇਸ਼ ਦੇ ਕੰਮ-ਕਾਜ਼ ਚੱਲ ਰਹੇ ਹਨ। ਇਸ ਉਪਰੰਤ ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਨੇ ਮੌਜੂਦਾ ਨੂੰ ਸੰਵਿਧਾਨ ਦੇ ਕੁਝ ਅਨੁਛੇਦਾ ਅਤੇ ਆਰਟੀਕਲਜ਼ ਦੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਭਾਰਤ ਦਾ ਸੰਵਿਧਾਨ 26 ਨਵੰਬਰ 1949 ਨੂੰ ਬਣਿਆ ਅਤੇ 26 ਜਨਵਰੀ 1950 ਨੂੰ ਇਸ ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 26 ਨਵੰਬਰ ਦਾ ਦਿਨ ਭਾਰਤ ਦੇ ਸੰਵਿਧਾਨ ਦਿਵਸ ਦੇ ਰੂਪ ਵਿੱਚ ਘੋਸ਼ਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਦਾ ਸੰਵਿਧਾਨ ਵਿਸ਼ਵ ਦੇ ਲੋਕਤਾਂਤਰਿਕ ਦੇਸ਼ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ। ਅੱਜ ਸੰਵਿਧਾਨ ਦਿਵਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਾਰਤ ਨੂੰ ਇੱਕ ਸੰਪੂਰਨ ਪ੍ਰਭੁੱਤਾ ਸੰਪਨ ਸਮਾਜਵਾਦੀ, ਧਰਮ ਨਿਰਪੇਖ ਲੋਕਤੰਤਰਾਤਮਕ ਗਣਰਾਜ ਬਣਾਉਣ ਲਈ ਅਤੇ ਇਸ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਕ ਨਿਆਂ, ਵਿਚਾਰ, ਅਭਿਵਿਅਕਤੀ, ਵਿਸ਼ਵਾਸ, ਧਰਮ ਅਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਅਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਸੁਨਿਸ਼ਚਿਤ ਕਰਨ ਲਈ ਭਾਈਚਾਰਾ ਵਧਾਉਣ ਸਬੰਧੀ ਸਹੁੰ ਚੁੱਕੀ ਗਈ।ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘੁਬੀਰ ਮਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਰਾਜਵੰਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਵਿਨਾਸ਼ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।























