

ਮਾਨਸਾ, 4 ਅਕਤੂਬਰ (ਬਲਜੀਤ ਸ਼ਰਮਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ”ਪਰਾਲੀ ਸਾੜਨ ਵਿਰੁੱਧ ਮੁਹਿੰਮ” ਤਹਿਤ ਕਿਸਾਨਾਂ ਅਤੇ ਸਾਰੇ ਭਾਈਵਾਲਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਸਾੜਨ ਤੋਂ ਪੈਦਾ ਹੁੰਦੀ ਗੰਭੀਰ ਸਮੱਸਿਆ ਨੂੰ ਜੇਕਰ ਸੱਚੀ ਨੀਅਤ ਨਾਲ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਵਾਤਾਵਰਨ ਨੂੰ ਬਚਾਇਆ ਜਾ ਸਕਦਾ ਹੈ ਕਿਉਂਕਿ ਸੱਚੀਆਂ ਨੀਤਾਂ ਨੂੰ ਹੀ ਮੁਰਾਦਾਂ ਦਾ ਫੁੱਲ ਲੱਗਦਾ ਹੈ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ ਨੇ ਅੱਜ ਮਾਨਸਾ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀਆਂ ਦੋ ਵੱਖ-ਵੱਖ ਹੰਗਾਮੀ ਮੀਟਿੰਗਾਂ ਦੌਰਾਨ ਕੀਤਾ। ਸ੍ਰੀ ਹੁਸਨ ਲਾਲ ਨੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆੜ੍ਹਤੀਏ, ਸ਼ੈਲਰ ਮਾਲਕ, ਐਨ.ਜੀ.ਓਜ਼. ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਹਰ ਖੇਤਰ ਵਿੱਚ ਨਾਮਣਾ ਖੱਟ ਰਹੇ ਜ਼ਿਲ੍ਹਾ ਮਾਨਸਾ ਦੇ ਬਾਸ਼ਿੰਦਿਆਂ ਤੋਂ ਇਹ ਵੀ ਉਮੀਦ ਕੀਤੀ ਜਾਂਦੀ ਹੈ ਕਿ ਉਹ ਪਰਾਲੀ ਨਾ ਸਾੜਨ ਸਬੰਧੀ ਮੁਹਿੰਮ ਵਿੱਚ ਵੀ ਮੋਹਰੀ ਭੂਮਿਕਾ ਨਿਭਾਉਣਗੇ। ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਹ ਮਾਨਸਾ ਵਿਚ ਆ ਕੇ ਲੋਕਾਂ ਨੂੰ ਪਰਾਲੀ ਦੇ ਸਾੜਨ ਨਾਲ ਹੋਣ ਬਾਰੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਆਏ ਹਨ ਅਤੇ ਅਗਲੇ ਦੋ ਮਹੀਨੇ ਤੱਕ ਤਕਰੀਬਨ ਹਰ ਹਫ਼ਤੇ ਆਉਂਦੇ ਰਹਿਣਗੇ।
ਸਥਾਨਕ ਬੱਚਤ ਭਵਨ ਵਿੱਚ ਮੀਟਿੰਗ ਦੌਰਾਨ ਸ੍ਰੀ ਹੁਸਨ ਲਾਲ ਨੇ ਕਿਹਾ, ”ਜੇ ਵਾਤਾਵਰਣ ਨੂੰ ਬਚਾਉਣ ਲਈ ਹੁਣ ਹੰਭਲਾ ਨਾ ਮਾਰਿਆ ਗਿਆ ਤਾਂ ਦਿਨ ਪ੍ਰਤੀ ਦਿਨ ਵਧ ਰਹੀ ਕਾਰਬਨ ਡਾਇਆਕਸਾਈਡ ਗੈਸ ਸਾਡੇ ਲਈ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਖ਼ਤਰਾ ਬਣ ਜਾਵੇਗੀ।” ਸੋ ਇਸ ਕਰਕੇ ਹਰ ਅਧਿਕਾਰੀ ਸੱਚੇ ਮਨ ਅਤੇ ਹਲੀਮੀ ਨਾਲ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਰੋਕ ਕੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਪ੍ਰਵਿਰਤੀ ‘ਤੇ ਕਾਬੂ ਪਾਉਣ ਲਈ ਪ੍ਰਭਾਵੀ ਢੰਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਰੱਖੇ।”
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪਿਛਲੇ ਵਰ੍ਹੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ 3000 ਮਾਮਲੇ ਸਾਹਮਣੇ ਆਏ ਸਨ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿਨ੍ਹਾਂ ਕਿਸਾਨਾਂ ਨੇ ਅੱਗ ਲਗਾਈ ਸੀ ਉਨ੍ਹਾਂ ਦਾ ਵੇਰਵਾ ਤਕਰੀਬਨ ਇਕੱਠਾ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਅਗਾਂਹ ਤੋਂ ਇਹ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ।
ਉਨ੍ਹਾਂ ਸ੍ਰੀ ਹੁਸਨ ਲਾਲ ਨੂੰ ਜਾਣੂ ਕਰਵਾਇਆ ਕਿ ਇਸ ਵਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਰਿਮੋਟ ਸੈਸਿੰਗ ਰਾਹੀਂ ਅੱਗ ਲੱਗਣ ਵਾਲੇ ਖੇਤਾਂ ਦੀ ਨਿਸ਼ਾਨਦੇਹੀ ਵੀ ਕੀਤੀ ਜਾਵੇਗੀ ਅਤੇ ਜ਼ਿਲ੍ਹੇ ਦੇ ਸਬੰਧਤ ਅਧਿਕਾਰੀਆਂ ਨੂੰ ਇਸ ਦੀ ਰੋਜ਼ਾਨਾ ਦੇ ਆਧਾਰ ‘ਤੇ ਰਿਪੋਰਟ ਭੇਜੀ ਜਾਵੇਗੀ ਜਿਸ ‘ਤੇ ਕਾਰਵਾਈ ਕਰਦਿਆਂ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾਣਗੇ ਅਤੇ ਅਗਾਂਹ ਤੋਂ ਅਜਿਹਾ ਨਾ ਕਰਨ ਦੀ ਤਾੜਨਾ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 2 ਏਕੜ ਰਕਬੇ ਤੱਕ ਅੱਗ ਲਾਉਣ ਵਾਲੇ ਵਿਅਕਤੀ ਲਈ 2500 ਰੁਪਏ, 2 ਤੋਂ 5 ਏਕੜ ਲਈ 5,000 ਅਤੇ 5 ਤੋਂ ਵੱਧ ਏਕੜ ‘ਤੇ ਅੱਗ ਲਈ 15,000 ਰੁਪਏ ਚਲਾਨ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਗ ਦੀਆਂ ਘਟਨਾਵਾਂ ਰੋਕਣ ਜਾਂ ਅੱਗ ਨਾਲ ਗ੍ਰਸਤ ਥਾਵਾਂ ਦਾ ਦੌਰਾ ਕਰਨ ਵਾਲੀ ਟੀਮ ਵਿੱਚ ਇਸ ਵਾਰ ਸਹਿਕਾਰੀ ਸਭਾਵਾਂ, ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪਸ਼ੂ ਪਾਲਣ ਵਿਭਾਗ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਧਿਕਾਰੀਆਂ ਦੇ ਨਾਲ-ਨਾਲ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ ਤਾਂ ਜੋ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਿਆ ਜਾ ਸਕੇ।
ਜ਼ਿਲ੍ਹਾ ਵਾਸੀਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਬਾਰੇ ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਸਕੱਤਰ ਨੂੰ ਦੱਸਿਆ ਕਿ ਪਿੰਡਾਂ ਅਤੇ ਸਕੂਲਾਂ ਵਿੱਚ ਨੁੱਕੜ ਨਾਟਕਾਂ ਅਤੇ ਸੈਮੀਨਾਰਾਂ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਸਮੇਂ-ਸਮੇ ‘ਤੇ ਧਾਰਮਿਕ ਅਸਥਾਨਾਂ ਤੋਂ ਅਨਾਊਸਮੈਂਟ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ 12ਵੀਂ ਦੇ ਵਿਦਿਆਰਥੀਆਂ ਨੂੰ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗ਼ੈਰ ਸਰਕਾਰੀ ਸੰਸਥਾ ਮਾਲਵਾ ਲੋਕ ਹਿੱਤ ਆਰਗੇਨਾਈਜ਼ੇਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਪਿਛਲੇ ਦਿਨੀਂ ਜ਼ਿਲ੍ਹੇ ਵਿੱਚ ਜਾਗਰੂਕਤਾ ਲਿਆਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਦੇ ਮੈਂਬਰ ਖੇਤੀਬਾੜੀ ਵਿਭਾਗ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਰਾਂ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਨਾਲ ਵਾਤਾਵਰਣ ਨੂੰ ਹੁੰਦੇ ਨੁਕਸਾਨ ਅਤੇ ਇਸ ਦੇ ਬਚਾਅ ਸਬੰਧੀ ਜਾਗਰੂਕ ਕਰਦੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਾਦਿੱਤਾ ਸਿੰਘ ਸਿੱਧੂ ਨੇ ਝੋਨੇ ਦੇ ਖੇਤ ਵਿੱਚੋਂ ਪਰਾਲੀ ਦੀਆਂ ਗੱਠਾਂ ਬਣਾਉਣ ਤੇ ਦੂਜੀ ਫ਼ਸਲੀ ਬੀਜਣ ਦੀ ਮਸ਼ੀਨਰੀ ‘ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਰਿਆਇਤਾਂ ਅਤੇ ਫ਼ਸਲੀ ਵਿਭਿੰਨਤਾ ਬਾਰੇ ਪ੍ਰਾਜੈਕਟਰ ਰਾਹੀਂ ਪੇਸ਼ਕਾਰੀ ਦਿੱਤੀ।
ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ. ਸ੍ਰੀ ਰਵੀ ਪਾਲ ਨੇ ਸੁਝਾਅ ਦਿੱਤਾ ਕਿ ਕਾਪੀਆਂ ਆਦਿ ਦਾ ਗੱਤਾ ਬਣਾਉਣ ਜਿਹੀਆਂ ਫ਼ੈਕਟਰੀਆਂ ਨੂੰ ਮੁੜ ਹੋਂਦ ਵਿੱਚ ਲਿਆਉਣ ਨਾਲ ਪਰਾਲੀ ਦੀ ਖਪਤ ਆਸਾਨੀ ਨਾਲ ਹੋ ਸਕਦੀ ਹੈ। ਇਸ ਨਾਲ ਜਿਥੇ ਪਲਾਸਟਿਕ ‘ਤੇ ਨਿਰਭਰਤਾ ਘਟੇਗੀ, ਉਥੇ ਕਿਸਾਨ ਆਮਦਨ ਕਮਾਉਣ ਲਈ ਅੱਗ ਲਾਉਣ ਦੇ ਰੁਝਾਨ ਤੋਂ ਸਹਿਜੇ ਹੀ ਮੁੜ ਜਾਣਗੇ।
ਝੋਨੇ ਦੀ ਖ਼ਰੀਦ, ਅਦਾਇਗੀ ਤੇ ਚੁਕਾਈ ‘ਚ ਕੋਈ ਰੁਕਾਵਟ ਨਾ ਆਉਣ ਦਿੱਤੀ ਜਾਵੇ: ਪ੍ਰਬੰਧਕੀ ਸਕੱਤਰ
ਜ਼ਿਲ੍ਹਾ ਮਾਨਸਾ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ, ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਕੁਦਰਤੀ ਨਿਬੇੜੇ ਲਈ ਪਾਬੰਦ ਕੀਤੇ ਗਏ ਪ੍ਰਬੰਧਕੀ ਸਕੱਤਰ ਸ੍ਰੀ ਹੁਸਨ ਲਾਲ ਨੇ ਮੀਟਿੰਗ ਦੌਰਾਨ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸਮੂਹ ਸਰਕਾਰੀ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਖ਼ਰੀਦ, ਅਦਾਇਗੀ ਤੇ ਫ਼ਸਲ ਦੀ ਚੁਕਾਈ ਵਿੱਚ ਕੋਈ ਰੁਕਾਵਟ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਸਬੰਧੀ ਵਿਆਪਕਾਂ ਕਾਰਜਾਂ ‘ਤੇ ਮੁੱਖ ਮੰਤਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਨਜ਼ਰ ਰੱਖ ਰਹੇ ਹਨ। ਇਸ ਲਈ ਪੁਖ਼ਤਾ ਪ੍ਰਬੰਧ ਕਰਨ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਨੂੰ ਵੀ ਹਰ ਹੀਲੇ ਯਕੀਨੀ ਬਣਾਇਆ ਜਾਵੇ।
EDITED BY : SARA YAHA | | Last Updated : 7:30 pm 04 October 2018























