*ਹਰ ਵਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਡਿਪਟੀ ਕਮਿਸ਼ਨਰ*

0
53

ਮਾਨਸਾ, 29 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ)  : ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ 15 ਅਗਸਤ 2025 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਅਤੇ ਡਾ. ਗੁਰਲੀਨ ਕੌਰ, ਆਈ.ਏ.ਐਸ. (ਸਿਖਲਾਈ ਅਧੀਨ) ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਇਸ ਸਾਲ ਵੀ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦਾ ਮੰਤਵ ਆਜ਼ਾਦੀ ਦੇ ਜਸ਼ਨ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ’ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਯੋਧਿਆਂ ਅਤੇ ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਸਬੰਧੀ ਸੱਭਿਆਚਾਰਕ ਪ੍ਰੋਰਗਾਮ, ਪ੍ਰੇਡ, ਪੀ.ਟੀ. ਸ਼ੋਅ ਆਦਿ ਦੀ ਪਹਿਲੀ ਰਿਹਰਸਲ 04 ਅਗਸਤ ਨੂੰ, ਦੂਜੀ ਰਿਹਰਸਲ 08 ਅਗਸਤ ਨੂੰ ਅਤੇ ਤੀਜੀ ਤੇ ਫੁੱਲ ਡਰੈਸ ਰਿਹਰਸਲ 13 ਅਗਸਤ, 2025 ਨੂੰ ਹੋਵੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮਾਂ ਰਹਿੰਦਿਆਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।
ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ’ਚ ਵੱਖ-ਵੱਖ ਸਜਾਵਟੀ ਗੇਟ ਬਣਾਉਣ ਤੇ ਚੌਂਕਾਂ ਦੀ ਸਜਾਵਟ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਟੇਜ ਦੀ ਸਜਾਵਟ, ਬੈਰੀਕੇਡਿੰਗ, ਸਾਫ਼ ਪੀਣ ਵਾਲੇ ਪਾਣੀ ਤੇ ਸਾਫ਼-ਸਫ਼ਾਈ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੌਕੇ ਫਾਇਰ ਬ੍ਰਿਗੇਡ ਵੀ ਮੌਜੂਦ ਰੱਖੀ ਜਾਵੇ।
ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਸਕੂਲੀ ਵਿਦਿਆਰਥੀਆਂ ਦੀ ਸਮਾਗਮ ਵਿਚ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਟਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਰਿਹਰਸਲ ਤੇ ਸਮਾਗਮ ਵਾਲੇ ਦਿਨ ਐਂਬੂਲੈਸ ਤੇ ਡਾਕਟਰੀ ਟੀਮਾਂ ਦਾ ਖਾਸ ਪ੍ਰਬੰਧ ਕਰਨ ਲਈ ਕਿਹਾ।

LEAVE A REPLY

Please enter your comment!
Please enter your name here