

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਧਾਨ ਸਭਾ ਚੋਣ ਤੋਂ ਪਹਿਲਾਂ ਹੋਏ ਮੌੜ ਬੰਬ ਧਮਾਕੇ ਮਾਮਲੇ ਸਬੰਧੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਤਲਬ ਕੀਤਾ ਸੀ ਜਿਸ ਤੇ ਐਸਆਈਟੀ ਦੇ ਮੁਖੀ ਡੀਆਈਜੀ ਰਣਬੀਰ ਸਿੰਘ ਖੱਟੜਾ ਹਾਈਕੋਰਟ ‘ਚ ਪੇਸ਼ ਹੋਏ। ਹਾਈਕੋਰਟ ਨੇ ਜਾਂਚ ਤੋਂ ਸੰਤੁਸ਼ਟ ਨਾ ਹੁੰਦਿਆਂ ਵਿਸ਼ੇਸ਼ ਜਾਂਚ ਟੀਮ ਦੀ ਖਿਚਾਈ ਕੀਤੀ।
ਦਰਅਸਲ ਹਾਈ ਕੋਰਟ ਨੇ ਇਸ ਗੱਲੋਂ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਘਟਨਾ ਤੋਂ ਡੇਢ ਵਰ੍ਹਾ ਬੀਤ ਜਾਣ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲਿਆ।ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਿੱਟ ਨੂੰ ਚਾਰ ਹਫ਼ਤਿਆਂ ਵਿੱਚ ਵਿਸਥਾਰਤ ਸਟੇਟਸ ਰਿਪੋਰਟ ਦੇਣ ਦੇ ਹੁਕਮ ਦਿੰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ ਤੇ ਨਾਲ ਹੀ ਜਾਂਚ ਰਿਪੋਰਟ ਬੰਦ ਲਿਫਾਫੇ ਵਿੱਚ ਦੇਣ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ 31 ਜਨਵਰੀ 2017 ਨੂੰ ਮੌੜ ਮੰਡੀ ਵਿੱਚ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਨੂੰ ਨਿਸ਼ਾਨਾ ਬਣਾ ਕੇ ਮਾਰੂਤੀ ਕਾਰ ਵਿੱਚ ਬੰਬ ਧਮਾਕਾ ਕੀਤਾ ਗਿਆ ਸੀ, ਜਿਸ ਵਿੱਚ 7 ਜਣਿਆਂ ਦੀ ਮੌਤ ਹੋ ਗਈ ਸੀ ਅਤੇ 12 ਜਣੇ ਜ਼ਖ਼ਮੀ ਹੋ ਗਏ ਸਨ। ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ।
EDITED BY : SARA YAHA | | Last Updated :7:05 pm 22 august 2018























