

ਮਾਨਸਾ, 31 ਅਕਤੂਬਰ(ਸਾਰਾ ਯਹਾ,ਬਲਜੀਤ ਸ਼ਰਮਾ) : ਰਾਸ਼ਟਰੀ ਏਕਤਾ ਦਿਵਸ ਮੌਕੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਉਦੇਸ਼ਾਂ ਨੂੰ ਯਾਦ ਕਰਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਮਨਾਂ ਅੰਦਰ ਦੇਸ਼ ਦੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਬਣਾਏ ਰੱਖਣ ਦੀ ਅਪੀਲ ਕੀਤੀ। ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਣ ਲਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਵੱਲੋਂ ਏਕਤਾ ਮਾਰਚ ਦੇ ਨਾਂਅ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਲੈ ਕੇ ਤਿੰਨਕੋਨੀ ਤੱਕ ਇੱਕ ਦੌੜ ਵੀ ਲਗਵਾਈ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਨਵਦੀਪ ਕੁਮਾਰ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਯੋਗਦਾਨ ਸਬੰਧੀ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ 1947 ਦੀ ਆਜ਼ਾਦੀ ਤੋਂ ਬਾਅਦ ਸਾਰੀਆਂ ਰਿਆਸਤਾਂ ਨੂੰ ਲੋਕਤੰਤਰ ਅਧੀਨ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਮਾਜ ‘ਚ ਏਕਤਾ ਬਰਕਰਾਰ ਰੱਖਣ ਲਈ ਇੱਕਜੁਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਅੱਜ ਦਾ ਦਿਨ ਵੱਖ-ਵੱਖ ਵਿੱਦਿਅਕ ਸੰਸਥਾਵਾਂ ਜ਼ਿਲ੍ਹਾ
ਇੰਸਟਿਚਿਊਟ ਆਫ਼ ਐਜੂਕੇਸ਼ਨ ਅਤੇ ਟਰੇਨਿੰਗ, ਗੁਰੂਕੁਲ ਅਕੈਡਮੀ ਉੱਭਾ, ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ, ਸ਼ਹੀਦ ਜਗਸੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਾ, ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ, ਐਨ.ਐਸ.ਐਸ. ਵਲੰਟੀਅਰ ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਖੀ ਆਦਿ ਵਿਖੇ ਵੀ ਮਨਾਇਆ ਗਿਆ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਦਾ ਪ੍ਰਣ ਲਿਆ। ਇਸ ਤੋਂ ਇਲਾਵਾ ਐਸ.ਡੀ.ਐਮ. ਦਫ਼ਤਰ ਸਰਦੂਲਗੜ੍ਹ ਅਤੇ ਡੇਅਰੀ ਵਿਭਾਗ ਵਿਖੇ ਵੀ ਸਹੁੰ ਚੁੱਕੀ ਗਈ। ਇਸ ਮੌਕੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਵਿਨਾਸ਼ ਕੌਰ, ਤਹਿਸੀਲ ਭਲਾਈ ਅਫ਼ਸਰ ਸ਼੍ਰੀ ਕੁਲਦੀਪ ਸਿੰਘ ਤੋਂ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

























