

ਮਾਨਸਾ, 16 ਮਈ (ਸਾਰਾ ਯਹਾ,(ਬਲਜੀਤ ਸ਼ਰਮਾ): ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਵਿਧਾਨ ਸਭਾ ਹਲਕਿਆਂ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮਾਨਸਾ ਦੇ ਸਾਰੇ ਬਾਹਰੋਂ ਆਏ ਰਾਜਨੀਤਿਕ ਪਾਰਟੀਆਂ ਦੇ ਵਿਅਕਤੀਆਂ ਨੂੰ 17 ਮਈ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਵਾਪਸ ਚਲੇ ਜਾਣ ਦੀ ਹਦਾਇਤ ਕੀਤੀ ਹੈ। ਇਸ ਤੋਂ ਇਲਾਵਾ 5 ਵਿਅਕਤੀਆਂ ਤੋਂ ਵੱਧ ਇਕੱਠੇ ਹੋਣ ਅਤੇ ਰੈਲੀ ਆਦਿ ਕਰਨ ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਲੋਕ ਸਭਾ ਚੋਣਾਂ 19 ਮਈ ਨੂੰ ਹੋਣੀਆਂ ਹਨ, ਜਿਸ ਸਬੰਧੀ ਚੋਣ ਪ੍ਰਚਾਰ 17 ਮਈ ਨੂੰ ਸ਼ਾਮ 6 ਵਜੇ ਤੋਂ ਬੰਦ ਹੋ ਜਾਵੇਗਾ, ਪ੍ਰੰਤੂ ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਵਿਅਕਤੀ ਚੋਣ ਪ੍ਰਚਾਰ ਦੇ ਬੰਦ ਹੋਣ ਤੋਂ ਬਾਅਦ ਵੀ ਹਲਕੇ ਵਿਚ ਰਹਿ ਕੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਲੁਕ ਛਿਪ ਕੇ ਚੋਣ ਪ੍ਰਚਾਰ ਕਰਦੇ ਰਹਿੰਦੇ ਹਨ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਜਰੂਰੀ ਬਣ ਜਾਂਦਾ ਹੈ ਕਿ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਵਿਅਕਤੀ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਬਾਹਰੋਂ ਚੋਣ ਪ੍ਰਚਾਰ ਕਰਨ ਲਈ ਆਏ ਹੋਏ ਹਨ ਉਹ 17 ਮਈ ਨੂੰ 6 ਵਜੇ ਤੋਂ ਬਾਅਦ ਇਸ ਹਲਕੇ ਵਿਚੋਂ ਵਾਪਸ ਚਲੇ ਜਾਣ ਤਾਂ ਜੋ ਕਿਸੇ ਕਿਸਮ ਦੀ ਕੋਈ ਅਣਹੋਣੀ ਘਟਨਾ ਨਾ ਵਾਪਰੇ। ਇਸ ਤੋਂ ਇਲਾਵਾ 5 ਵਿਅਕਤੀਆਂ ਤੋਂ ਵੱਧ ਇਕੱਠੇ ਹੋਣ ਅਤੇ ਕੋਈ ਵੀ ਚੋਣ ਰੈਲੀ, ਪਬਲਿਕ ਮੀਟਿੰਗ ਕਰਨ ਦੀ ਮਨਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਯਤ ਸਮੇਂ ਤੋਂ ਬਾਅਦ ਜੇਕਰ ਕੋਈ ਵੀ ਬਾਹਰਲਾ ਵਿਅਕਤੀ ਮਾਨਸਾ ਜ਼ਿਲ੍ਹੇ ਦੀ ਹਦੂਦ ਅੰਦਰ ਪਾਇਆ ਗਿਆ ਜਾਂ ਕਿਸੇ ਵੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਾ, 5 ਵਿਅਕਤੀਆਂ ਨਾਲ ਇਕੱਠੇ ਹੋਣ ਜਾਂ ਰੈਲੀ ਕਰਦਾ ਪਾਇਆ ਗਿਆ ਤਾਂ ਇਸ ਸੂਰਤ ਵਿਚ ਉਸ ਵਿਰੁੱਧ ਕਰੀਮੀਨਲ ਪਰੋਸੀਜ਼ਰ ਕੋਡ, 1973 (ਸੀ.ਆਰ.ਪੀ.ਸੀ.) ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।























