ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋ ਤੇ ਪਾਬੰਦੀ

0
25

ਮਾਨਸਾ, 13 ਫਰਵਰੀ (ਸਾਰਾ ਯਹਾ,(ਹੀਰਾ ਮਿੱਤਲ) : ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਨਾਲ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਆਪਣੇ ਕਾਰਜ ਖੇਤਰ ਅੰਦਰ ਉਕਤ ਜ਼ਿੰਮੇਵਾਰੀਆਂ ਲਾਗੂ ਕਰਾਉਣਗੀਆਂ। ਇਸ ਤੋਂ ਇਲਾਵਾ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਉਂ ਸੂਚਨਾ ਸਬੰਧਿਤ ਮੁੱਖ ਥਾਣਾ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਕਰਨਗੀਆਂ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ‘ਤੇ ਹੁੱਕਾ ਪੀਣ ‘ਤੇ ਪੂਰਨ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿਚ ਕਿਹਾ ਕਿ ਲੋਕ ਹਿੱਤ ਵਿਚ ਆਮ ਜਨਤਾ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਲਾਜ਼ਮੀ ਹੋ ਜਾਂਦਾ ਹੈ।
ਸੀ.ਆਰ.ਪੀ.ਸੀ. 1973 ਦੀ ਧਾਰਾ 144 ਦੇ ਤਹਿਤ ਇਕ ਹੋਰ ਹੁਕਮ ਜਾਰੀ ਕਰਦਿਆਂ ਉਨ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ ਅਤੇ ਥਾਵਾਂ ਤੇ ਗੰਦੇ ਤੇ ਅਸ਼ਲੀਲ ਪੋਸਟਰ ਲਗਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ, ਗੈਰ ਸਰਕਾਰੀ ਇਮਾਰਤਾਂ ਅਤੇ ਥਾਵਾਂ ਤੋਂ ਇਲਾਵਾ ਸਿਨੇਮਿਆਂ ਅਤੇ ਵੀਡੀਓ ਹਾਲਾਂ ਤੇ ਅਕਸਰ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਅਤੇ ਆਮ ਲੋਕਾਂ ਤੋਂ ਇਲਾਵਾ ਲੜਕੇ ਲੜਕੀਆਂ ਦੇ ਆਚਰਣ ਤੇ ਭੈੜਾ ਅਸਰ ਪੈਂਦਾ ਹੈ। ਇਸਲਈ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਜਰੂਰੀ ਹੈ।
ਇਸ ਤੋਂ ਇਲਾਵਾ ਹੋਰ ਹੁਕਮ ਵਿਚ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋ ਤੇ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਵੱਲੋਂ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਦੇ ਲਿਫ਼ਾਫੇ ਵਰਤੇ ਜਾਂਦੇ ਹਨ। ਇਨ੍ਹਾਂ ਦੀ ਵਰਤੋ ਨਾਲ ਸਫਾਈ ਵਿਚ ਵਿਘਨ ਪੈਂਦਾ ਹੈ ਅਤੇ ਸੀਵਰੇਜ਼ ਆਦਿ ਵਿਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿਚ ਆ ਜਾਂਦਾ ਹੈ।


EDITED BY : SARA YAHA | | Last Updated : 8:07 pm 13 ਫ਼ਰਵਰੀ 2019

LEAVE A REPLY

Please enter your comment!
Please enter your name here