
ਭਾਰਤ ਵਿੱਚ ਹਰ ਸਾਲ 16 ਮਈ ਨੂੰ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦਾ ਮੁੱਖ ਮੰਤਵ ਲੋਕਾਂ ਨੂੰ ਡੇਂਗੂ ਬੁਖਾਰ ਬਾਰੇ ਜਾਣਕਾਰੀ ਦੇਣਾ ਅਤੇ ਇਸ ਤੋਂ ਬਚਾਅ ਲਈ ਸਾਂਝੇ ਯਤਨ ਕਰਨ ਦੀ ਪ੍ਰੇਰਨਾ ਦੇਣਾ ਹੈ। ਡੇਂਗੂ ਇੱਕ ਗੰਭੀਰ ਬਿਮਾਰੀ ਹੈ ਜੋ ਕਿ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਮੌਨਸੂਨ ਦੇ ਆਉਣ ਨਾਲ ਇਸ ਬਿਮਾਰੀ ਦੇ ਫੈਲਣ ਦਾ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ ਕਿਉਂਕਿ ਇਸ ਸਮੇਂ ਦੌਰਾਨ ਮੱਛਰਾਂ ਦੀ ਪੈਦਾਵਾਰ ਤੇਜ਼ੀ ਨਾਲ ਹੁੰਦੀ ਹੈ। ਇਸ ਲਈ, ਇਸ ਬਿਮਾਰੀ ਤੋਂ ਬਚਣ ਲਈ ਵਿਅਕਤੀਗਤ ਅਤੇ ਸਮੂਹਿਕ ਪੱਧਰ ‘ਤੇ ਕਦਮ ਚੁੱਕਣ ਦੀ ਸਖ਼ਤ ਲੋੜ ਹੈ।
ਡੇਂਗੂ ਦੇ ਮੁੱਖ ਲੱਛਣਾਂ ਵਿੱਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਅਸਹਿ ਦਰਦ, ਅੱਖਾਂ ਦੇ ਪਿੱਛੇ ਦਰਦ, ਚਮੜੀ ‘ਤੇ ਲਾਲ ਧੱਫੜ ਅਤੇ ਕਈ ਵਾਰ ਮਤਲੀ ਅਤੇ ਉਲਟੀਆਂ ਸ਼ਾਮਲ ਹਨ। ਜੇਕਰ ਕਿਸੇ ਵਿਅਕਤੀ ਨੂੰ ਇਹ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਸਨੂੰ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਡੇਂਗੂ ਦਾ ਕੋਈ ਖਾਸ ਇਲਾਜ ਨਹੀਂ ਹੈ ਇਸ ਲਈ ਇਸ ਤੋਂ ਬਚਾਅ ਹੀ ਸਭ ਤੋਂ ਵਧੀਆ ਤਰੀਕਾ ਹੈ।
ਡੇਂਗੂ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਬਹੁਤ ਜ਼ਰੂਰੀ ਹੈ। ਪਾਣੀ ਨੂੰ ਕਿਸੇ ਵੀ ਖੁੱਲ੍ਹੇ ਭਾਂਡੇ, ਕੂਲਰ, ਗਮਲੇ ਜਾਂ ਟਾਇਰਾਂ ਵਿੱਚ ਇਕੱਠਾ ਨਾ ਹੋਣ ਦਿਓ। ਜੇਕਰ ਪਾਣੀ ਜਮ੍ਹਾਂ ਹੈ ਤਾਂ ਉਸਨੂੰ ਤੁਰੰਤ ਸਾਫ਼ ਕਰੋ ਜਾਂ ਬਦਲ ਦਿਓ। ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣ ਲਈ ਇਹ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਇਸ ਦਿਸ਼ਾ ਵਿੱਚ ਸਿਹਤ ਵਿਭਾਗ ਵੱਲੋਂ ਹਰ ਸ਼ੁਕਰਵਾਰ ‘ਡੇਂਗੂ ਤੇ ਵਾਰ’ ਮੁਹਿੰਮ ਤਹਿਤ ‘ਡਰਾਈ ਡੇ’ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਵਿੱਚ ਜਮ੍ਹਾਂ ਪਾਣੀ ਨੂੰ ਸੁਕਾਉਣ ਅਤੇ ਸਾਫ਼ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ, ਸਾਨੂੰ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਮੱਛਰ ਭਜਾਉਣ ਵਾਲੇ ਲੋਸ਼ਨ ਅਤੇ ਸਪਰੇਆਂ ਦੀ ਵਰਤੋਂ ਵੀ ਲਾਭਦਾਇਕ ਹੋ ਸਕਦੀ ਹੈ।

ਰਾਸ਼ਟਰੀ ਡੇਂਗੂ ਦਿਵਸ ਸਾਨੂੰ ਇਹ ਅਹਿਸਾਸ ਕਰਵਾਉਂਦਾ ਹੈ ਕਿ ਡੇਂਗੂ ਇੱਕ ਸਮਾਜਿਕ ਸਮੱਸਿਆ ਹੈ ਅਤੇ ਇਸ ਨੂੰ ਸਿਰਫ਼ ਸਾਂਝੇ ਯਤਨਾਂ ਨਾਲ ਹੀ ਹਰਾਇਆ ਜਾ ਸਕਦਾ ਹੈ। ਸਰਕਾਰ ਅਤੇ ਸਿਹਤ ਵਿਭਾਗ ਇਸ ਬਿਮਾਰੀ ਦੀ ਰੋਕਥਾਮ ਲਈ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਚਲਾਉਂਦੇ ਹਨ, ਪਰ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਹ ਮੁਹਿੰਮਾਂ ਸਫਲ ਨਹੀਂ ਹੋ ਸਕਦੀਆਂ। ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਆਓ, ਇਸ ਰਾਸ਼ਟਰੀ ਡੇਂਗੂ ਦਿਵਸ ‘ਤੇ ਅਸੀਂ ਸਾਰੇ ਮਿਲ ਕੇ ਇਹ ਪ੍ਰਣ ਕਰੀਏ ਕਿ ਅਸੀਂ ਡੇਂਗੂ ਨੂੰ ਆਪਣੇ ਸਮਾਜ ਵਿੱਚੋਂ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਸਾਂਝੇ ਯਤਨਾਂ ਨਾਲ ਅਸੀਂ ਨਾ ਸਿਰਫ਼ ਆਪਣੀ ਸਿਹਤ ਦੀ ਰੱਖਿਆ ਕਰ ਸਕਦੇ ਹਾਂ, ਸਗੋਂ ਇੱਕ ਸਿਹਤਮੰਦ ਅਤੇ ਸੁਰੱਖਿਅਤ ਭਵਿੱਖ ਵੀ ਯਕੀਨੀ ਬਣਾ ਸਕਦੇ ਹਾਂ। ਯਾਦ ਰੱਖੋ, ਡੇਂਗੂ ਤੋਂ ਬਚਾਅ ਵਿੱਚ ਹੀ ਸਭ ਦੀ ਭਲਾਈ ਹੈ।























