ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਸਨਮੁਖ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਟੇਸ਼ਨ ਨਾ ਛੱਡਣ ਦੀ ਸਖ਼ਤ ਹਦਾਇਤ

0
2

ਮਾਨਸਾ, 26 ਜੁਲਾਈ (ਬਲਜੀਤ ਸ਼ਰਮਾ): ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਹਰ ਸਮੇਂ ਮੁਸਤੈਦੀ ਯਕੀਨੀ ਬਣਾਉਂਦਿਆਂ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਅੱਜ ਸਖ਼ਤ ਹਦਾਇਤ ਕੀਤੀ ਕਿ ਕੋਈ ਵੀ ਅਧਿਕਾਰੀ ਅਤੇ ਮੁਲਾਜ਼ਮ ਆਪਣਾ ਸਬੰਧਤ ਸਟੇਸ਼ਨ ਨਹੀਂ ਛੱਡੇਗਾ। ਅੱਜ ਸਥਾਨਕ ਬੱਚਤ ਭਵਨ ਵਿਖੇ ਸੰਭਾਵੀ ਹੜ੍ਹਾਂ ਦੇ ਖ਼ਤਰੇ ਦੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਛੁੱਟੀ ਨਹੀਂ ਲਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਡਿਊਟੀ ਦੌਰਾਨ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂ ਜੋ ਇਹ ਮਸਲਾ ਲੋਕਾਂ ਦੀ ਜਾਨ-ਮਾਲ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਆਪਣੀ ਡਿਊਟੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਵੇ ਅਤੇ ਵਿਭਾਗ ਮੁਖੀ, ਮੁਲਾਜ਼ਮਾਂ ਦੇ ਮੋਬਾਈਲ ਨੰਬਰਾਂ ਦੀ ਸੂਚੀ ਡਿਪਟੀ ਕਮਿਸ਼ਨਰ ਦਫ਼ਤਰ ਕੋਲ ਜਮ੍ਹਾਂ ਕਰਾਉਣ।
ਡਿਪਟੀ ਕਮਿਸ਼ਨਰ ਨੇ ਫ਼ੌਜ ਦੇ ਬਠਿੰਡਾ ਕੈਂਪ ਤੋਂ ਆਏ ਫ਼ਲੱਡ ਰਿਲੀਫ਼ ਕਾਲਮ ਦੇ ਕੈਪਟਨ ਅਮਨ ਅਰੋੜਾ ਨੂੰ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਅਤੇ ਫ਼ੌਜ ਦੀ ਮਦਦ ਨਾਲ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਮਸਨੂਈ ਅਭਿਆਸ ਕੀਤਾ ਜਾਵੇ ਅਤੇ ਇਸ ਸਬੰਧੀ ਤਰੀਕ ਮਿੱਥ ਕੇ ਇਸ ਅਮਲ ਨੂੰ ਨੇਪਰੇ ਚਾੜ੍ਹਿਆ ਜਾਵੇ। ਕੈਪਟਨ ਅਮਨ ਅਰੋੜਾ ਨੇ ਦੱਸਿਆ ਕਿ ਫ਼ੌਜ ਵੱਲੋਂ ਜ਼ਿਲ੍ਹੇ ਵਾਸਤੇ 3 ਕਾਲਮ ਤੈਨਾਤ ਕੀਤੇ ਗਏ ਹਨ ਅਤੇ ਜਦਕਿ 1 ਕਾਲਮ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਫ਼ੌਜ ਨੂੰ ਸਮੇਂ ਸਿਰ ਹੜ੍ਹਾਂ ਬਾਰੇ ਸੂਚਨਾ ਮਿਲਣੀ ਯਕੀਨੀ ਬਣਾਈ ਜਾਵੇ। ਇਸ ਨਾਲ ਰਾਹਤ ਟੀਮਾਂ ਦਾ ਮੌਕੇ ‘ਤੇ ਪਹੁੰਚਣ ਦਾ ਸਮਾਂ ਹੋਰ ਘੱਟ ਸਕਦਾ ਹੈ ਜਾਂ ਫ਼ੌਜ ਆਪਣਾ ਆਰਜ਼ੀ ਕੈਂਪ ਸੰਵੇਦਨਸ਼ੀਲ ਥਾਵਾਂ ਨੇੜੇ ਪਹਿਲਾਂ ਹੀ ਬਣਾ ਸਕਦੀ ਹੈ ਤਾਂ ਜੋ ਕਿਸੇ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਐਕਸੀਅਨ ਨੂੰ ਨਿਰਦੇਸ਼ ਦਿੱਤੇ ਕਿ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਦਫ਼ਤਰ ਨੂੰ ਘੱਗਰ ਦਰਿਆ ਦੇ ਪਾਣੀ ਦੇ ਪੱਧਰ ਦੀ ਰੋਜ਼ਾਨਾ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਸਥਿਤੀ ‘ਤੇ ਹਰ ਸਮੇਂ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਤਹਿਤ ਡਰੇਨਾਂ ਦੀ ਸਫ਼ਾਈ ਲਈ ਵਰਤਣ ਅਤੇ ਸਫ਼ਾਈ ਤੇ ਡਰੇਨਾਂ ਦੇ ਕਿਨਾਰਿਆਂ ‘ਤੇ ਮਿੱਟੀ ਪਾਉਣ ਦਾ ਕੰਮ ਛੇਤੀ ਤੋਂ ਛੇਤੀ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਵਿਭਾਗ ਮਿੱਟੀ ਦੇ ਥੈਲਿਆਂ ਦਾ ਅਗਾਊਂ ਪ੍ਰਬੰਧ ਕਰ ਕੇ ਰੱਖੇ। ਇਸ ‘ਤੇ ਐਕਸੀਅਨ ਨੇ ਜਾਣੂ ਕਰਵਾਇਆ ਕਿ ਵਿਭਾਗ ਵੱਲੋਂ ਪੰਜ ਹਜ਼ਾਰ ਥੈਲਿਆਂ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਹੋਇਆ ਹੈ।
   ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਨਿਰਦੇਸ਼ ਦਿੱਤੇ ਕਿ ਉਹ ਦਵਾਈਆਂ ਦੇ ਸਟਾਕ ਹਰ ਹੀਲੇ ਮੁਕੰਮਲ ਕਰਨ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 4 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਇੱਕ ਜ਼ਿਲ੍ਹਾ ਪੱਧਰ ਅਤੇ ਤਿੰਨ ਬਲਾਕ ਪੱਧਰ ‘ਤੇ ਤੈਨਾਤ ਰਹਿਣਗੀਆਂ। ਅਧਿਕਾਰੀ ਨੇ ਦੱਸਿਆ ਕਿ ਵਿਭਾਗ ਕੋਲ ਦਵਾਈਆਂ ਦਾ ਪੂਰਾ ਸਟਾਕ ਉਪਲਬਧ ਹੈ ਅਤੇ ਹਰ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ 13 ਟੀਮਾਂ ਜ਼ਿਲ੍ਹੇ ਵਿੱਚ ਕਾਰਆਮਦ ਕੀਤੀਆਂ ਗਈਆਂ ਹਨ, ਪਸ਼ੂਆਂ ਲਈ ਸ਼ੈਡਾਂ ਦੀ ਨਿਸ਼ਾਨਦੇਹੀ ਅਤੇ ਚਾਰੇ ਦਾ ਪ੍ਰਬੰਧ ਕਰ ਲਿਆ ਗਿਆ ਹੈ, ਚਾਰਾਂ ਟੀਮਾਂ ਅਤੇ ਚਾਰਾਂ ਸਪਲਾਇਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਉਚੇਚੇ ਤੌਰ ‘ਤੇ ਦੱਸਿਆ ਕਿ ਵਿਭਾਗ ਵੱਲੋਂ ਪਸ਼ੂਆਂ ਨੂੰ ਦਵਾਈਆਂ ਅਤੇ ਟੀਕੇ ਲਾਉਣ ਦਾ ਟੀਚਾ, ਜੋ 3.10 ਲੱਖ ਸੀ, ਨੂੰ ਲਗਭਗ ਪੂਰਾ ਕਰ ਲਿਆ ਗਿਆ ਹੈ ਅਤੇ ਵਿਭਾਗ ਹੁਣ ਤੱਕ 2.80 ਲੱਖ ਦਵਾਈਆਂ/ਟੀਕਾਕਰਨ ਕਰ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਰਹਿੰਦਾ ਟੀਚਾ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੂੰ ਸਕੱਤਰ ਰੈਡ ਕਰਾਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਜਥੇਬੰਦੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ‘ਚ ਮੀਟਿੰਗ ਕਰਕੇ ਉਨ੍ਹਾਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਲਾਮਬੰਦ ਕੀਤਾ ਗਿਆ ਹੈ ਅਤੇ ਸਮੂਹ ਜਥੇਬੰਦੀਆਂ ਦੀ ਸੂਚੀ ਤਿਆਰ ਕਰਕੇ ਐਸ.ਡੀ.ਐਮਜ਼ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ। ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀ ਨੇ ਦੱਸਿਆ ਕਿ ਬਿਜਲੀ ਵਿਭਾਗ ਵੱਲੋਂ ਕੰਟਰੋਲ ਰੂਮ ਸਥਾਪਤ ਕਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਰਿਪੇਅਰ ਹੋਣ ਵਾਲੀਆਂ ਲਾਈਨਾਂ ਜਾਂ ਤਾਰਾਂ ਨੂੰ ਛੇਤੀ ਤੋਂ ਛੇਤੀ ਠੀਕ ਕਰਨ ਅਤੇ ਹੜ੍ਹ ਆਉਣ ਦੀ ਸਥਿਤੀ ਵਿਚ ਬਿਜਲੀ ਕੱਟਣ ਤੇ ਆਰਜ਼ੀ ਬਿਜਲੀ ਦਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਸਬ-ਡਿਵੀਜ਼ਨ ਖੇਤਰ ਵਿੱਚ ਚੈਕਿੰਗ ਕਰਨ ਅਤੇ ਸਾਰੇ ਕਾਰਜਾਂ ਦੀ ਦੇਖ-ਰੇਖ ਕਰਨ ਦੇ ਨਾਲ-ਨਾਲ ਬਚਾਅ ਕਾਰਜ ਨਾਲ ਸਬੰਧਤ ਸਾਮਾਨ ਜਿਵੇਂ ਕਿਸ਼ਤੀਆਂ, ਬੈਟਰੀਆਂ ਆਦਿ ਦਾ ਪ੍ਰਬੰਧ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਐਸ.ਐਸ.ਪੀ. ਸ੍ਰੀ ਮਨਧੀਰ ਸਿੰਘ ਨੇ ਦੱਸਿਆ ਕਿ ਪੰਜਾਬ ਤੇ ਹਰਿਆਣੇ ਦੀ ਸਰਹੱਦ ‘ਤੇ ਪੈਂਦੇ ਚਾਂਦਪੁਰਾ ਬੰਨ੍ਹ ਨੇੜੇ ਆਰਜ਼ੀ ਪੁਲਿਸ ਚੌਕੀਆਂ ਬਣਾ ਕੇ ਮੁਲਾਜ਼ਮਾਂ ਨੂੰ ਵਾਇਰਲੈਸ ਤੇ ਵਾਕੀ-ਟਾਕੀ ਸੈਟ ਮੁਹੱਈਆ ਕਰਵਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਇਸ ਘੱਗਰ ਦੇ ਨੇੜੇ ਦੇ ਖੇਤਰਾਂ ਦੇ ਡੀ.ਐਸ.ਪੀਜ਼ ਅਤੇ ਐਸ.ਐਚ.ਓ. ਨੂੰ ਹਰ ਸਮੇਂ ਮੁਸਤੈਦ ਰਹਿਣ ਦੀ ਹਦਾਇਤ ਕੀਤੀ ਗਈ ਹੈ। ਐਸ.ਐਸ.ਪੀ. ਵੱਲੋਂ ਘੱਗਰ ਬੰਨ੍ਹ ਨੇੜੇ ਫ਼ਲੱਡ ਲਾਈਟਾਂ ਲਾਉਣ ਦੀ ਮੰਗ ਸਬੰਧੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਇਸ ਸਬੰਧੀ ਪ੍ਰਬੰਧ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਐਸ.ਡੀ.ਐਮਜ਼ ਨੂੰ ਵੀ ਵਾਕੀ-ਟਾਕੀ ਮੁਹੱਈਆ ਕਰਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗੋਤਾਖ਼ੋਰਾਂ ਦੀ ਸੂਚੀ ਵੀ ਛੇਤੀ ਤੋਂ ਛੇਤੀ ਡਿਪਟੀ ਕਮਿਸ਼ਨ ਦਫ਼ਤਰ ਜਮ੍ਹਾਂ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ ਨੂੰ ਕਿਹਾ ਕਿ ਬਲਾਕ ਪੰਚਾਇਤ ਵਿਕਾਸ ਅਫ਼ਸਰਾਂ ਨੂੰ ਆਪਣੇ ਸਬੰਧਤ ਖੇਤਰਾਂ ਵਿੱਚ ਜਨਤਕ ਸੂਚਨਾ ਪ੍ਰਣਾਲੀ ਮਜ਼ਬੂਤ ਕਰਨ ਅਤੇ ਪਿੰਡਾਂ ਤੋਂ ਅਨਾਊਂਸਮੈਂਟਾਂ ਕਰਾਉਣ ਵਾਲੀਆਂ ਸਮਾਜ ਸੇਵੀ ਜਥੇਬੰਦੀਆਂ ਜਾਂ ਧਾਰਮਿਕ ਅਸਥਾਨਾਂ ਨਾਲ ਨਿਰੰਤਰ ਤਾਲਮੇਲ ਰੱਖਣ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਨਾਜ ਅਤੇ ਹੋਰ ਖਾਣ-ਪੀਣ ਦੀ ਸਮੱਗਰੀ ਦਾ ਸਟਾਕ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਪਬਲਿਕ ਹੈਲਥ ਵਿਭਾਗ ਨੂੰ ਆਰਜ਼ੀ ਪਖ਼ਾਨਿਆਂ ਦਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਸਬੰਧਤ ਸ਼ਹਿਰਾਂ ਵਿੱਚ ਪਾਣੀ ਕੱਢਣ ਵਾਲੇ ਪੰਪਾਂ ਦੀ ਮੌਜੂਦਗੀ, ਪੀਣਯੋਗ ਪਾਣੀ ਦੀ ਉਪਲਬਧਤਾ ਅਤੇ ਟੋਭਿਆਂ ਤੇ ਸੀਵਰੇਜ ਦੀ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਹੈਲਪਲਾਈਨ ਨੰਬਰ 01652-229082 ਸਥਾਪਤ ਕੀਤਾ ਗਿਆ ਹੈ, ਜਿਥੇ ਹੜ੍ਹਾਂ ਸਬੰਧੀ ਜਾਣਕਾਰੀ ਦਾ ਅਦਾਨ-ਪ੍ਰਦਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਦੱਸਿਆ ਕਿ ਹੜ੍ਹਾਂ ਨਾਲ ਸਬੰਧਤ ਮੁਕਾਮੀ ਹੈਲਪਲਾਈਨ ਨੰਬਰ, ਕੰਟਰੋਲ ਰੂਮ ਨੰਬਰ, ਸਬੰਧਤ ਅਧਿਕਾਰੀਆਂ ਦੀ ਸੂਚੀ ਜ਼ਿਲ੍ਹੇ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਜਾ ਰਹੀ ਹੈ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਐਸ.ਪੀ.(ਡੀ) ਸ੍ਰੀ ਨਰਿੰਦਰਪਾਲ ਸਿੰਘ ਵੜਿੰਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਸਕੱਤਰ ਰੈਡ ਕਰਾਸ ਸ਼੍ਰੀ ਜਗਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here