

ਬਰਨਾਲਾ, 30 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸ਼ਹੀਦ ਕਰਮ ਸਿੰਘ ਸਟੇਡੀਅਮ ਬਡਬਰ ਵਿਖੇ ਚੱਲ ਰਹੀਆਂ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਵਾਲੀਬਾਲ ਅੰਡਰ 14 ਸਾਲ ਵਿੱਚ ਫਰੀਦਕੋਟ ਦੀਆਂ ਕੁੜੀਆਂ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨੇ ਖਿਡਾਰੀਆਂ ਵੱਲੋਂ ਵਿਖਾਈ ਗਈ ਖੇਡ ਭਾਵਨਾ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਖੇਡਾਂ ਵਿਅਕਤੀ ਨੂੰ ਚੁਣੌਤੀਆਂ ਦਾ ਮੁਕਾਬਲਾ ਕਰਨਾ ਸਿਖਾਉਂਦੀਆਂ ਹਨ। ਇਸ ਤੋਂ ਇਲਾਵਾ ਖੇਡਾਂ ਵਿਅਕਤੀ ਅੰਦਰ ਆਤਮ ਵਿਸ਼ਵਾਸ਼, ਆਪਸੀ ਭਾਈਚਾਰੇ, ਸਹਿਯੋਗ ਅਤੇ ਮੁਕਾਬਲਾ ਕਰਨ ਦੀ ਭਾਵਨਾ ਦਾ ਵੀ ਵਿਕਾਸ ਕਰਦੀਆਂ ਹਨ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਦਾ ਧੰਨਵਾਦ ਕਰਦਿਆਂ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸਾਰੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਫਰੀਦਕੋਟ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ ਰਹਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਸ੍ਰੀ ਮੁਕਤਸਰ ਸਾਹਿਬ ਦੀਆਂ ਕੁੜੀਆਂ ਬਰਨਾਲਾ ਨੂੰ ਹਰਾ ਕੇ ਤੀਜੇ ਸਥਾਨ ਹਾਸਲ ਕੀਤਾ। ਇਸ ਤੋਂ ਪਹਿਲਾਂ ਕਰਵਾਏ ਗਏ ਸੈਮੀਫਾਈਨਲ ਮੈਚਾਂ ਵਿੱਚ ਬਠਿੰਡਾ ਨੇ ਬਰਨਾਲਾ ਅਤੇ ਫਰੀਦਕੋਟ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ।
ਇਸ ਮੌਕੇ ਸ਼ਹੀਦ ਕਰਮ ਸਿੰਘ ਸਪੋਰਟਸ ਕਲੱਬ ਬਡਬਰ ਦੇ ਪ੍ਰਧਾਨ ਅਰਵਿੰਦਰ ਸਿੰਘ ਨੀਲੂ, ਸਰਵਨ ਸਿੰਘ ਸ਼ੰਮੀ, ਜਥੇਦਾਰ ਗੁਰਮੁਖ ਸਿੰਘ, ਲੈਕ. ਬਲਜਿੰਦਰ ਸਿੰਘ, ਮਨਜੀਤ ਸਿੰਘ, ਖੇਮਨਪ੍ਰਤਾਪ ਸਿੰਘ, ਦਿਨੇਸ਼ ਕੁਮਾਰ, ਰਜਿੰਦਰ ਸਿੰਘ, ਅਵਤਾਰ ਸਿੰਘ, ਕੋਚ ਅਜੇ ਨਾਗਰ, ਅਮਨਦੀਪ ਕੌਰ, ਜਸਪ੍ਰੀਤ ਸਿੰਘ, ਰਵਿੰਦਰ ਕੌਰ, ਹਰਮੇਲ ਸਿੰਘ, ਹਰਦੀਪ ਸਿੰਘ, ਲਖਵੀਰ ਸਿੰਘ, ਅਰਸ਼ਦੀਪ ਸਿੰਘ ਸਮੇਤ ਜਿਲ੍ਹੇ ਦੇ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।























