
ਮਾਨਸਾ, 01 ਮਈ ( ਹੀਰਾ ਸਿੰਘ ਮਿੱਤਲ) : 8 ਮਈ ਨੂੰ ਮਨਾਏ ਜਾਣ ਵਾਲੇ ਵਿਸ਼ਵ ਰੈਡ ਕਰਾਸ ਦਿਵਸ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਵੱਖ-ਵੱਖ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜ ਸੇਵੀ ਵਿਅਕਤੀਆਂ ਦੇ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਖੂਨਦਾਨ ਤੋਂ ਇਲਾਵਾ ਹੋਰ ਵੀ ਅਜਿਹੀਆਂ ਗਤੀਵਿਧੀਆਂ ਕੀਤੀਆਂ ਜਾਣ, ਜਿਸ ਨਾਲ ਹਰੇਕ ਵਿਅਕਤੀ ਵਿੱਚ ਸਮਾਜ ਦੀ ਭਲਾਈ ਦਾ ਸੁਨੇਹਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਦਿਵਸ ਮੌਕੇ ਲੋਕਾਂ ਨੂੰ ਕੌਮੀ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨ ਸਬੰਧੀ ਸਕੂਲੀ ਪੱਧਰ ‘ਤੇ ਰੈਲੀਆਂ ਕੱਢੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਰਾਸ਼ਟਰ ਸੇਵਾ, ਸਮਾਜ ਸੇਵਾ ਅਤੇ ਦੇਸ਼ ਭਗਤੀ ਸਬੰਧੀ ਸਕੂਲੀ ਪੱਧਰ ‘ਤੇ ਸੰਦੇਸ਼ ਦਿੱਤਾ ਜਾਵੇ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਪਿੰਡਾਂ, ਸ਼ਹਿਰਾਂ ਆਦਿ ਵਿਖੇ ਪੌਦੇ ਲਗਾਕੇ ਜਾਂ ਹੋਰ ਸਮਾਜ ਭਲਾਈ ਗਤੀਵਿਧੀਆਂ ਇਸ ਦਿਵਸ ਮੌਕੇ ਕਰਨ, ਜਿਸ ਨਾਲ ਲੋਕਾਂ ਵਿੱਚ ਚੰਗੇ ਵਾਤਾਵਰਣ ਸਬੰਧੀ ਜਾਗਰੂਕਤਾ ਫੈਲਾਈ ਜਾ ਸਕੇ।
ਇਸ ਮੌਕੇ ਸੈਕਟਰੀ ਰੈਡ ਕਰਾਸ ਮਾਨਸਾ ਸ਼੍ਰੀ ਜਗਦੇਵ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਜੀ ਦਾ ਜਨਮ ਦਿਹਾੜਾ 8 ਮਈ ਨੂੰ ਪੂਰੀ ਦੁਨੀਆ ਵਿੱਚ ਵਿਸ਼ਵ ਰੈਡ ਕਰਾਸ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮਾਨਸਾ ਵਲੋਂ 8 ਮਈ 2018 ਨੂੰ ਵਿਸ਼ਵ ਰੈਡ ਕਰਾਸ ਦਿਵਸ ਬੱਚਤ ਭਵਨ ਵਿਖੇ ਸਵੇਰੇ 9:00 ਵਜੇ ਖੂਨਦਾਨ ਕੈਂਪ ਲਗਾਕੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸ਼ਹਿਰ-ਨਿਵਾਸੀਆਂ ਨੂੰ ਲੋਕ ਸੇਵਾ ਹਿੱਤ ਇਸ ਕੈਂਪ ਵਿੱਚ ਭਾਗ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ, ਡੀ.ਐਸ.ਪੀ. ਸ਼੍ਰੀ ਕਰਨਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਦੀਪਕ ਰੁਹੇਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਭਾਸ਼ ਚੰਦਰ ਅਤੇ ਸੈਕਟਰੀ ਰੈਡ ਕਰਾਸ ਸ਼੍ਰੀ ਜਗਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਮਾਜ ਸੇਵੀ ਸਖ਼ਸ਼ੀਅਤਾਂ ਮੌਜੂਦ ਸਨ।






















