ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਵਿਖੇ ਫੌਜੀ, ਨੀਮ ਫੌਜੀ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਸਥਿਤੀ ਦਾ ਜਾਇਜ਼ਾ

0
24
ਜਲੰਧਰ/ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 27 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ’ਤੇ ਸਥਿਤੀ ਦੇ ਮੱਦੇਨਜ਼ਰ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨਾਂ ਨੇ ਇਸ ਸਬੰਧ ਵਿੱਚ ਅੱਜ ਸ਼ਾਮ ਫੌਜ, ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਅਤੇ ਆਈ.ਟੀ.ਬੀ.ਪੀ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਾਇਜ਼ਾ ਲਿਆ।
ਮੁੱਖ ਮੰਤਰੀ ਨੂੰ ਹਵਾਈ ਰੋਕਾਂ ਤੋਂ ਬਾਅਦ ਨਾਸਾਜ਼ਗਾਰ ਮੌਸਮ ਦੇ ਕਾਰਨ ਚੰਡੀਗੜ ਤੋਂ ਰਵਾਨਾ ਹੋਣ ਵਿੱਚ ਦੇਰੀ ਹੋਈ। ਉਨਾਂ ਕਿਹਾ ਕਿ ਸਥਿਤੀ ਪੂਰੀ ਤਰਾਂ ਨਿਯੰਤਰਣ ਵਿੱਚ ਹੈ ਅਤੇ ਫੌਜ ਅਤੇ ਨੀਮ ਫੌਜੀ ਬਲਾਂ ਦੇ ਨਾਲ ਪੁਲਿਸ ਅਤੇ ਜ਼ਿਲਾ ਪ੍ਰਸ਼ਾਸਨ ਅਫਵਾਹਾਂ ਦਾ ਟਾਕਰਾ ਕਰਨ ਲਈ ਪੂਰੀ ਤਰਾਂ ਸਰਗਰਮੀ ਵਿੱਚ ਲੱਗੇ ਹੋਏ ਹਨ।
 ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਅਗਲੇ ਦੋ ਦਿਨਾਂ ਦੌਰਾਨ ਅੰਮਿ੍ਰਤਸਰ, ਤਰਨਤਾਰਨ, ਪਠਾਨਕੋਟ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲਿਆਂ ਦੇ ਸਰਹੱਦੀ ਇਲਾਕਿਆਂ ਵਿੱਚ ਲੋਕਾਂ ’ਚ ਵਿਸ਼ਵਾਸ ਪੈਦਾ ਕਰਨ ਲਈ ਜਾਣਗੇ। ਉਨਾਂ ਨੇ ਪੁਲਵਾਮਾ ਵਿਖੇ ਸੀ.ਆਰ.ਪੀ.ਐਫ ਦੇ ਕਾਫਲੇ ’ਤੇ ਹਮਲੇ ਤੋਂ ਬਾਅਦ ਭਾਰਤੀ ਹਵਾਈ ਫੌਜ ਵੱਲੋਂ ਸਰਹੱਦ ਪਾਰ ਕਰਕੇ ਅੱਤਵਾਦੀਆਂ ਦੀਆਂ ਛੁਪਣਗਾਹਾਂ ’ਤੇ ਕੀਤੇ ਹਮਲੇ ਦੇ ਸੰਦਰਭ ਵਿੱਚ ਪੈਦਾ ਹੋਈ ਸਥਿਤੀ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੁਲਿਸ ਅਤੇ ਸੁਰੱਖਿਆ ਫੋਰਸਾਂ ਨੂੰ ਆਖਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਥਿਤੀ ਦੇ ਨਾਲ ਨਿਪਟਣ ਲਈ ਫੌਜ ਨੂੰ ਸੂਬੇ ਵੱਲੋਂ ਹਰ ਮਦਦ ਦੇਣ ਦੀ ਪੇਸ਼ਕਸ਼ ਕੀਤੀ ਤਾਂ ਜੋ ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਦੀ ਸੁਰੱਖਿਆ ਅਤੇ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਸਰਹੱਦ ’ਤੇ ਪੈਦਾ ਹੋਏ ਤਣਾਅ ਦੇ ਪਿਛੋਕੜ ਵਿੱਚ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਸੂਬਾ ਪੂਰੀ ਤਰਾਂ ਤਿਆਰ ਹੈ।
ਸਾਰੀਆਂ ਨਾਜ਼ੁਕ ਥਾਵਾਂ ’ਤੇ ਸੁਰੱਖਿਆ ਦੇ ਲਈ ਚੁੱਕੇ ਗਏ ਕਦਮਾਂ ਬਾਰੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ। ਉਨਾਂ ਨੇ ਇਸ ਖਿੱਤੇ ਵਿੱਚ ਆਰਮੀ ਬੇਸ ਅਤੇ ਹਵਾਈ ਅੱਡਿਆ ਸਣੇ ਸਾਰੀਆਂ ਨਾਜ਼ੁਕ ਸਥਾਪਤੀਆਂ ਬਾਰੇ ਦੱਸਿਆ। ਮੌਜੂਦਾ ਸਥਿਤੀਆਂ ਦੇ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਸਿਵਲ ਹਸਪਤਾਲਾਂ ਨੂੰ ਤਿਆਰ ਕਰਨ ਵਾਸਤੇ ਢੁੱਕਵੇਂ ਕਦਮ ਚੁੱਕੇ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਬਾਅਦ ਵਿੱਚ ਦੱਸਿਆ ਕਿ ਫੌਜ ਅਤੇ ਨੀਮ ਫੌਜੀ ਬਲਾਂ ਨੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਢੁੱਕਵੇ ਕਦਮ ਚੁੱਕੇ ਹਨ।
ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਮੇਜਰ ਜਨਰਲ ਆਰ.ਕੇ.ਸਿੰਘ, ਬੀ.ਐਸ.ਐਫ ਦੇ ਡੀ.ਆਈ.ਜੀ ਸੁਨੀਲ ਮੋਹਨ, ਸਕੁਵੈਡਨ ਲੀਡਰ ਰਾਹੁਲ ਨਾਇਕ ਅਤੇ ਕਮਾਂਡੈਂਟ ਆਈ.ਟੀ.ਬੀ.ਪੀ ਅਚਲ ਸ਼ਰਮਾ ਸ਼ਾਮਲ ਸਨ।

ਚੰਡੀਗੜ ਤੋਂ ਰਵਾਨਾ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਅਮਨ ਕਾਨੂੰਨ ਨੂੰ ਬਣਾਈ ਰੱਖਣ ਸਬੰਧੀ ਕਦਮਾਂ ਬਾਰੇ ਵਿਚਾਰ ਕੀਤਾ।


EDITED BY : SARA YAHA | | Last Updated : 8:23 pm 27 ਫ਼ਰਵਰੀ 2019

LEAVE A REPLY

Please enter your comment!
Please enter your name here