

ਮਾਨਸਾ, 03 ਮਈ (ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਕਣਕ ਦੀ ਫਸਲ ਦੀ ਖਰੀਦੋ-ਫਰੋਖ਼ਤ ਪੂਰੇ ਜੋਰਾਂ ਨਾਲ ਅਤੇ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਮੰਡੀਆਂ ਵਿੱਚ ਚੱਲ ਰਹੇ ਖਰੀਦ ਪ੍ਰਬੰਧਾਂ ਦੀ ਚੈਕਿੰਗ ਕਰਨ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ।
ਇਸੇ ਲੜੀ ਤਹਿਤ ਅੱਜ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ ਨੇ ਸਰਦੂਲਗੜ੍ਹ ਵਿਖੇ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਬੋਰੀਆਂ ਦਾ ਤੋਲ ਕਰਵਾਕੇ ਉਨ੍ਹਾਂ ਦਾ ਵਜਨ ਵੀ ਚੈਕ ਕੀਤਾ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ ਇਸ ਲਈ ਕਿਸਾਨਾਂ ਦੀ ਕਣਕ ਦੀ ਬੋਲੀ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਕਣਕ ਦੀ ਖਰੀਦ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਕਰਨ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ 2 ਮਈ ਦੀ ਸ਼ਾਮ ਤੱਕ ਮੰਡੀਆਂ ਵਿੱਚ 566486 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 548413 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 648.09 ਕਰੋੜ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਕਣਕ ਵਿੱਚੋਂ ਪਨਗਰੇਨ ਵੱਲੋਂ 182971 ਮੀਟਰਕ ਟਨ, ਮਾਰਕਫੈਡ ਵੱਲੋਂ 135988, ਪਨਸਪ ਵੱਲੋਂ 79500, ਵੇਅਰ ਹਾਊਸ ਵੱਲੋਂ 55839, ਪੰਜਾਬ ਐਗਰੋ ਵੱਲੋਂ 64600, ਐਫ.ਸੀ.ਆਈ. ਵੱਲੋਂ 27200 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 2315 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।























