ਕਿਸਾਨ ਪਾਣੀ ਦੀ ਹੋਂਦ ਨੂੰ ਬਣਾਈ ਰੱਖਣ ਲਈ ਸਹਿਯੋਗ ਕਰਨ: ਡਿਪਟੀ ਕਮਿਸ਼ਨਰ

0
54

ਮਾਨਸਾ, 06 ਮਈ (ਸਾਰਾ ਯਹਾ,(ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਪੰਜਾਬ ਸਰਕਾਰ ਦੇ ਪੰਜਾਬ ਪ੍ਰੋਜ਼ਰਵੇਸ਼ਨ ਆਫ ਸਬ-ਸੁਆਇਲ ਵਾਟਰ ਐਕਟ 2009 ਅਧੀਨ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦੀ ਬਿਜਾਈ  20 ਮਈ ਤੋਂ ਪਹਿਲਾਂ ਅਤੇ ਝੋਨੇ ਦੀ ਬਿਜਾਈ 20 ਜੂਨ ਤੋਂ ਪਹਿਲਾਂ ਨਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਝੋਨੇ ਦੀ ਅਗੇਤੀ ਬਿਜਾਈ ਨਾਲ ਧਰਤੀ ਹੇਠਲਾ ਪਾਣੀ ਬਹੁਤ ਬਰਬਾਦ ਹੁੰਦਾ ਹੈ, ਜਦੋਂ ਕਿ ਸਰਕਾਰ ਵੱਲੋਂ ਨਿਰਧਾਰਤ ਮਿਤੀ ਤੇ ਝੋਨੇ ਦੀ ਬਿਜਾਈ ਕਰਨ ਨਾਲ ਪਾਣੀ ਦੀ ਵੱਡੇ ਪੱਧਰ ਤੇ ਬੱਚਤ ਹੁੰਦੀ ਹੈ ਅਤੇ ਮਾਨਸੂਨ ਦੌਰਾਨ ਹੋਣ ਵਾਲੀਆਂ ਬਾਰਸ਼ਾਂ ਦੇ ਪਾਣੀ ਦਾ ਝੋਨੇ ਦੀ ਫਸਲ ਉੱਪਰ ਲਾਹੇਵੰਦ ਅਸਰ ਵੀ ਹੁੰਦਾ ਹੈ।    
ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਚਾਹਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਝੋਨੇ ਦੀ ਲਵਾਈ 20 ਜੂਨ ਤੋਂ ਪਹਿਲਾਂ ਨਾ ਕਰਨ ਲਈ ਕਿਹਾ ਗਿਆ ਹੈ ਅਤੇ ਝੋਨੇ ਦੀ ਪਨੀਰੀ ਦੀ ਬਿਜਾਈ 20 ਮਈ ਤੋਂ ਪਹਿਲਾਂ ਨਾ ਕੀਤੀ ਜਾਵੇ। ਇਸ ਤਹਿਤ ਹੁਣ ਤੋਂ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਵੱਖ-ਵੱਖ ਬਲਾਕਾਂ ਅਤੇ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ 20 ਮਈ ਤੋਂ ਪਹਿਲਾਂ ਝੋਨੇ ਦੀ ਪਨੀਰੀ ਨਾ ਬੀਜਣ ਅਤੇ 20 ਜੂਨ ਤੋਂ ਪਹਿਲਾ ਝੋਨੇ ਦੀ ਲਵਾਈ ਨਾ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਝੋਨੇ ਦੀ ਫਸਲ ਲਗਾਤਾਰ ਲਾਉਣ ਨਾਲ ਪਾਣੀ ਦਾ ਪੱਧਰ ਕਾਫੀ ਹੇਠਾਂ ਚਲਾ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੇਕਰ ਕਿਸਾਨ ਇੱਕ ਸਿੰਚਾਈ ਝੋਨੇ ਦੀ ਫਸਲ ਵਿੱਚ ਪੂਰੇ ਪੰਜਾਬ ਵਿੱਚ ਬਚਾਉਂਦੇ ਹਨ ਤਾਂ 2 ਸਾਲ ਲਈ ਮਨੁੱਖ, ਪਸ਼ੂ-ਪੰਛੀਆਂ ਅਤੇ  ਹੋਰ ਜੀਵ ਜੰਤੂਆਂ ਲਈ ਪਾਣੀ ਬਚਾਇਆ ਜਾ ਸਕਦਾ ਹੈ। ਇਸ ਲਈ ਹਰ ਇੱਕ ਮਨੁੱਖ ਨੂੰ ਕੁਦਰਤੀ ਸੋਮੇ ਬਚਾਉਣ ਲਈ ਯਤਨ ਕਰਨ ਚਾਹੀਦੇ ਹਨ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਯੂਨੀਵਰਸਿਟੀ ਦੀਆਂ ਸਿਫਾਰਿਸ਼ ਕੀਤੀਆਂ ਹੋਈਆਂ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਨੂੰ ਤਰਜੀਹ ਦੇਣ ਜਿਵੇਂ ਕਿ ਪੀ.ਆਰ. 126, ਪੀ.ਆਰ. 121, ਪੀ.ਆਰ. 122, ਪੀ.ਆਰ. 124 ਅਤੇ ਪੀ.ਆਰ. 127. ਇਨ੍ਹਾਂ ਕਿਸਮਾਂ ਦੀ ਬਿਜਾਈ ਨਾਲ 15-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਇਹ ਕਿਸਮਾਂ ਲੰਬਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੇ ਮੁਕਾਬਲੇ 20-25 ਦਿਨ ਪਹਿਲਾਂ ਪੱਕ ਜਾਂਦੀਆਂ ਹਨ ਅਤੇ  ਕੀੜੇਮਾਰ/ਬਿਮਾਰੀਆਂ ਤੋਂ ਰੋਕਥਾਮ ਲਈ 2 ਸਪਰੇਆਂ ਘੱਟ ਕਰਨ ਦੀ ਜ਼ਰੂਰਤ ਪੈਂਦੀ ਹੈ।  ਜਿਸ ਨਾਲ ਕਿਸਾਨਾਂ ਦੀ ਖੇਤੀ ਲਾਗਤ ਦੇ ਖਰਚੇ ਘਟਦੇ ਹਨ ਅਤੇ ਪਾਣੀ ਦੀ ਵੀ ਬੱਚਤ ਹੁੰਦੀ ਹੈ।

LEAVE A REPLY

Please enter your comment!
Please enter your name here