

ਮਾਨਸਾ, 16 ਮਈ (ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾ-2019 ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਪਿੰਡਾਂ ਵਿੱਚ ਰੋਡ ਸ਼ੋਅ ਕਰਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਸਰਦੂਲਗੜ੍ਹ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਉਲੰਪਿਅਨ ਸ਼੍ਰੀ ਸਵਰਨ ਸਿੰਘ ਵਿਰਕ ਦੀ ਅਗਵਾਈ ਹੇਠ ਰੋਡ ਸ਼ੋਅ ਕੱਢਿਆ ਗਿਆ, ਜਿਸਨੂੰ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ ਨੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਹਰਪਿੰਦਰ ਸਿੰਘ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਿੰਡਾ ਵਿੱਚ ਇਸ ਤੋਂ ਇਲਾਵਾ ਸਵੀਪ ਪ੍ਰੋਗਰਾਮ ਅਧੀਨ ਵੋਟਰਾਂ ਨੂੰ ਵੋਟਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਅਤੇ ਵੋਟ ਪ੍ਰਕ੍ਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਅਤੇ ਸਰਕਾਰੀ ਸੈਕੰਡਰੀ ਸਕੂਲ ਆਹਲੂਪੁਰ ਵਿਖੇ ਸਵੀਪ ਵੈਨ ਰਾਹੀਂ ਕੈਂਪ ਲਗਾਏ ਗਏ।

ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਲੁਧਿਆਣਾ ਤੋਂ ਆਏ ਗਰੁੱਪ ਇਨੀਸ਼ੀਏਟਿਵ ਆਫ਼ ਚੇਂਜ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਨਾਟਕ ਖੇਡ ਕੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਗਰੁੱਪ ਵੱਲੋਂ ਜ਼ਿਲ੍ਹੇ ਅੰਦਰ ਹੁਣ ਤੱਕ 15 ਨੁੱਕੜ ਨਾਟਕ ਦਿਖਾਏ ਜਾ ਚੁੱਕੇ ਹਨ ਅਤੇ ਅੱਜ ਇਸ ਗਰੁੱਪ ਵੱਲੋਂ ਪਿੰਡ ਧਿੰਗੜ ਅਤੇ ਮੂਸਾ ਵਿਖੇ ਨੁੱਕੜ ਨਾਟਕ ਦਿਖਾਇਆ ਗਿਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪੰਹੁਚ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਸੁਨੇਹਾ ਦਿੱਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਗਠਿਤ ਕੀਤੀਆਂ ਟੀਮਾਂ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਲੋਕਾਂ ਨੂੰ ਈ.ਵੀ.ਐਮ. ਮਸ਼ੀਨ, ਵੀ.ਵੀ.ਪੀ.ਏ.ਟੀ. ਮਸ਼ੀਨ, ਸੀ-ਵਿਜੀਲ ਮੋਬਾਇਲ ਅਤੇ ਅਤੇ ਪੋਲਿੰਗ ਦੀ ਸਮੁੱਚੀ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ ਜਾਂਦਾ ਹੈ, ਤਾਂ ਜੋ ਵੋਟਰ ਆਪਣੀ ਮਨ-ਮਰਜ਼ੀ ਨਾਲ ਆਪਣੇ ਚਹੇਤੇ ਉਮੀਦਵਾਰ ਨੂੰ ਵੋਟ ਪਾ ਸਕੇ ਅਤੇ ਵੋਟਿੰਗ ਮਸ਼ੀਨਾਂ ਤੋਂ ਭਲੀ-ਭਾਂਤ ਜਾਣੂ ਹੋ ਸਕੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਤ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਊਨ੍ਹਾਂ ਨੂੰ ਡਰਾਉਂਦਾ-ਧਮਕਾਉਂਦਾ ਜਾਂ ਕਿਸੇ ਕਿਸਮ ਦਾ ਲਾਲਚ ਦੇਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਹਿੱਤ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜੇਕਰ ਕੋਈ ਵਿਅਕਤੀ ਆਦਰਸ਼ ਚੋਣ ਜਾਬਤੇ ਦੀ ਉਲੰਘਣਾਂ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੀਤੀ ਜਾ ਸਕਦੀ ਹੈ।























