

ਮਾਨਸਾ, 21 ਮਈ (ਸਾਰਾ ਯਹਾ,(ਬਲਜੀਤ ਸ਼ਰਮਾ) : ਅੱਤਵਾਦ ਵਿਰੋਧੀ ਦਿਵਸ ਮੌਕੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹੁੰ ਚੁੱਕ ਸਮਾਗਮ ਸਥਾਨਕ ਬੱਚਤ ਭਵਨ ਵਿਖੇ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਹਾਜਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਉੰਦਿਆਂ ਸਹਾਇਕ ਕਮਿਸ਼ਨਰ ਸ੍ਰੀ ਨਵਦੀਪ ਕੁਮਾਰ ਨੇ ਕਿਹਾ ਕਿ ਸਾਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਰਵਾਇਤਾਂ ਵਿਚ ਅਟੁੱਟ ਵਿਸ਼ਵਾਸ ਰੱਖ ਕੇ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ। ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਨ, ਸਮੁੱਚੇ ਭਾਈਚਾਰੇ ਨੂੰ ਇਕ ਸਮਾਨ ਸਮਝਣ ਦਾ ਪ੍ਰਣ ਲਿਆ ਅਤੇ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖਤਰਾ ਪੈਦਾ ਕਰਨ ਵਾਲੀਆਂ ਢਾਹੂ ਤਾਕਤਾਂ ਦਾ ਵਿਰੋਧ ਕਰਨ ਦੀ ਸਹੁੰ ਚੁੱਕੀ।























