

ਮਾਨਸਾ, 29 ਮਈ (ਸਾਰਾ ਯਹਾ,(ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ—ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ ਅਤੇ ਹਾਜਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਉਨ੍ਹਾਂ ਦੇ ਸਬੰਧਤ ਕੰਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਜਿ਼ਲ੍ਹਾ ਰੁਜ਼ਗਾਰ ਬਿਊਰੋ ਦਫ਼ਤਰ ਦੇ ਕਰਮਚਾਰੀਆਂ ਨੂੰ ਪਿੰਡਾਂ ਦੇ ਪੜ੍ਹੇ ਲਿਖੇ 10—10 ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਮਿਲ ਕੇ ਇਸ ਦਫ਼ਤਰ ਵਿਖੇ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ ਅਤੇ ਉਨ੍ਹਾਂ ਨਾਲ ਹੀ ਕਿਹਾ ਕਿ ਰਜਿਸਟਰੇਸ਼ਨ ਵਾਲੇ ਬੱਚਿਆਂ ਦੇ ਮੋਬਾਇਲ ਨੰਬਰ ਜ਼ਰੂਰ ਲਏ ਜਾਣ ਤਾਂ ਜੋ ਭਵਿੱਖ ਵਿਚ ਉਨ੍ਹਾਂ ਨੂੰ ਸੰਪਰਕ ਕੀਤਾ ਜਾ ਸਕੇ।
ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਕੋਲੋਂ ਕਰਜ਼ਾ ਮਾਫ਼ੀ ਦੇ ਪੈਂਡਿੰਗ ਕੇਸਾਂ ਸਬੰਧੀ ਜਇਜ਼ਾ ਲਿਆ ਅਤੇ ਜਿ਼ਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨੈਸ਼ਨਲ ਫੂਡ ਸਕਿਊਰਟੀ ਐਕਟ ਦੇ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਿੱਥੇ ਰੈਵਨਿਊ ਕੋਰਟ ਮੈਨੇਜ਼ਮੇਂਟ ਦਾ ਜਾਇਜ਼ਾ ਲਿਆ ਉੱਥੇ ਹੀ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮਿਊਂਸਪਲ ਕਾਊਂਸਲ ਦੇ ਅਧਿਕਾਰੀਆਂ ਨਾਲ ਮਿਲ ਕੇ ਕੱਲ੍ਹ ਤੋਂ ਹੀ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਕੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਜਾਵੇ ਅਤੇ ਇਸ ਦੀ ਰਿਪੋਟਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਚੈਕਿੰਗ ਅਤੇ ਫੋਗਿੰਗ ਨੂੰ ਤਰਜੀਹ ਦਿੱਤੀ ਜਾਵੇ ਅਤੇ ਉਨ੍ਹਾਂ ਨਾਲ ਹੀ ਐਸ.ਡੀ.ਐਮ ਨੂੰ ਡੇਂਗੂ ਦੇ ਲਾਰਵੇ ਸਬੰਧੀ ਕੱਟੇ ਜਾ ਰਹੇ ਚਲਾਣ ਦੀ ਮੋਨੀਟਰਿੰਗ ਕਰਨ ਲਈ ਕਿਹਾ ਗਿਆ। ਉਨ੍ਹਾਂ ਕਾਰਜਸਾਧਕ ਅਫ਼ਸਰਾਂ ਨੂੰ ਫੋਗਿੰਗ ਲਈ ਸਾਧਨਾਂ ਦਾ ਮੁਕੰਮਲ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਂਗੂ ਦਾ ਲਾਰਵਾ ਮਿਲਣ ਤੇ 32 ਚਲਾਣ ਕੱਟੇ ਜਾ ਚੁੱਕੇ ਹਨ ਅਤੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰ ਵਿਚ ਕੂਲਰ, ਫਰਿੱਜ ਅਤੇ ਪਾਣੀ ਦੇ ਹੋਰ ਬਰਤਨਾਂ ਦੀ ਸਫ਼ਾਈ ਯਕੀਨੀ ਬਣਾਉਣ ਤਾਂ ਜੋ ਡੇਂਗੂ ਦਾ ਲਾਰਵਾ ਨਾ ਪਲ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ 2019 ਮੁਕੰਮਲ ਹੋਣ ਦੇ ਮੱਦੇਨਜ਼ਰ ਕਿਤੇ ਵੀ ਕੋਈ ਚੋਣ ਮਟੀਰੀਅਲ ਜਿਵੇਂ ਕਿ ਪੋਸਟਰ, ਬੈਨਰ ਆਦਿ ਉਤਾਰ ਦਿੱਤੇ ਜਾਣੇ ਯਕੀਨੀ ਬਣਾਉਣ ਲਈ ਕਿਹਾ ਅਤੇ ਨਾਲ ਹੀ ਉਨ੍ਹਾਂ ਜਿ਼ਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨੂੰ ਤਹਿਸੀਲ ਦਫ਼ਤਰ ਅਤੇ ਹੋਰ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦੀ ਨਿਗਰਾਨੀ ਲਈ ਇਨਸਪੈਕਸ਼ਨ ਕਰਨ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱੱਧੂ, ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ ਮੌਜੂਦ ਸਨ।























