

ਮਾਨਸਾ, 13 ਜੂਨ(ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕਾਂ ਨੂੰ ਮਿਲਣ ਵਾਲੀਆਂ ਸਕੀਮਾਂ ਦੇ ਵੱਖ-ਵੱਖ ਮੁੱਦਿਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਸਬੰਧੀ ਲੋਕਾਂ ਨੂੰ ਜਾਗਰੂਕ ਕਰਵਾਉਣ, ਤਾਂ ਜੋ ਉਹ ਆਪਣੀ ਰਜਿਸ਼ਟ੍ਰੇਸ਼ਨ ਇਸ ਦਫ਼ਤਰ ਵਿਖੇ ਕਰਵਾਉਣ। ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡਾਂ ਵਿੱਚੋਂ ਵੀ 10-10 ਯੋਗ ਅਤੇ ਹੁਨਰਮੰਦ ਬੇਰੁਜ਼ਗਾਰ ਨੌਜਵਾਨ ਮੁੰਡੇ-ਕੁੜੀਆਂ ਦੀ ਸ਼ਨਾਖ਼ਤ ਕਰਕੇ ਰਿਪੋਰਟ ਜਲਦ ਜਮ੍ਹਾ ਕਰਵਾਈ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਸਿਹਤ ਵਿਭਾਗ ਤੋਂ ਜ਼ਿਲ੍ਹੇ ਅੰਦਰ ਚੱਲ ਰਹੇ 5 ਓਟ ਕਲੀਨਿਕ ਸੈਂਟਰਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਓਟ ਸੈਂਟਰਾਂ ਅੰਦਰ ਦਵਾਈਆਂ ਦੀ ਘਾਟ-ਕਮੀ ਨਹੀਂ ਆਉਣੀ ਚਾਹੀਦੀ। ਓਟ ਕੇਂਦਰਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਨਸ਼ਾ ਮੁਕਤ ਸਮਾਜ ਸਿਰਜਣ ‘ਚ ਅਤਿ ਸਹਾਇਕ ਸਿੱਧ ਹੋ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਡੈਪੋ ਅਤੇ ਬਡੀਜ਼ ਗਰੁੱਪਾਂ ਬਾਰੇ ਵੀ ਸਬੰਧਤ ਵਿਭਾਗਾਂ ਤੋਂ ਜਾਇਜ਼ਾ ਲਿਆ। ਪੋਸ਼ਣ ਅਭਿਆਨ ਸਬੰਧੀ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਦੀ ਖੁਰਾਕ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਜੋ ਬੱਚੇ ਸਰੀਰਕ ਤੌਰ ‘ਤੇ ਜ਼ਿਆਦਾ ਕਮਜ਼ੋਰ ਹਨ, ਉਨ੍ਹਾਂ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਉਨ੍ਹਾਂ ਦੀ ਖੁਰਾਕ ਸਬੰਧੀ ਮਾਵਾਂ ਨੂੰ ਵੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਉਨ੍ਹਾਂ ਹੋਰ ਵੀ ਸਕੀਮਾਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਂਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਸ਼੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।






















