

ਮਾਨਸਾ, 01 ਜੁਲਾਈ (ਸਾਰਾ ਯਹਾ,ਬਲਜੀਤ ਸ਼ਰਮਾ): ਹੜ੍ਹ ਸੀਜ਼ਨ ਦੇ ਅਗਾਉਂ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਹੜ੍ਹਾਂ ਦੀ ਸਥਿਤੀ ਵਿਚ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਸਮੂਹ ਹਾਜਰ ਅਧਿਕਾਰੀਆਂ ਕੋਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਐਕਸੀਅਨ ਨਹਿਰੀ ਵਿਭਾਗ ਨੂੰ ਸੰਵੇਦਨਸ਼ੀਲ ਡਰੇਨਾਂ ਤੇ ਤਵੱਜੋ ਦੇਣ ਲਈ ਕਿਹਾ ਗਿਆ। ਉਨ੍ਹਾਂ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿਚ ਸਬੰਧਿਤ ਸਾਰੀਆਂ ਡਰੇਨਜ਼ ਅਤੇ ਨਾਲਿਆਂ ਦੀ ਸਫ਼ਾਈ ਹੁਣ ਤੋਂ ਹੀ ਕਰਵਾਉਣੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਡਰੇਨਾਂ ਦੀ ਸਾਫ਼-ਸਫ਼ਾਈ ਪੱਖੋਂ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਇਸ ਸਬੰਧੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਈ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਹੜ੍ਹਾਂ ਦੇ ਸੰਭਾਵੀ ਖਤਰਿਆਂ ਤੋਂ ਨਜਿੱਠਣ ਲਈ ਲੋੜੀਂਦੇ ਪੰਪਾਂ ਦਾ ਇੰਤਜ਼ਾਮ ਯਕੀਨੀ ਬਣਾਉਣ। ਉਨ੍ਹਾਂ ਮਗਨਰੇਗਾ ਅਤੇ ਯੂਵਕ ਸੇਵਾਵਾਂ ਵਿਭਾਗ ਨੂੰ ਡਰੇਨਾਂ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਜਿੰਮੇਵਾਰੀ ਸੌਂਪੀ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਵਾਈਆਂ ਦਾ ਪ੍ਰਬੰਧ ਮੁਕੰਮਲ ਰੱਖਿਆ ਜਾਵੇ ਅਤੇ ਇਸ ਸਬੰਧੀ ਟੀਮਾਂ ਦਾ ਗਠਨ ਵੀ ਕੀਤਾ ਜਾਵੇ। ਉਨ੍ਹਾਂ ਐਸ.ਡੀ.ਐਮਜ਼. ਨੂੰ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਚਾਂਦਪੁਰਾ ਅਤੇ ਘੱਗਰ ਦੇ ਹੋਰ ਬੰਨ੍ਹਾਂ ਲਈ ਵਿਸ਼ੇਸ਼ ਤੌਰ ’ਤੇ ਯੋਜਨਾਬੱਧ ਤਰੀਕੇ ਨਾਲ ਪ੍ਰਬੰਧ ਕੀਤੇ ਜਾਣ। ਉਨ੍ਹਾਂ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ’ਤੇ ਪੈਨੀ ਨਜ਼ਰ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਸੰਭਾਵੀ ਹੜ੍ਹਾਂ ਵਰਗੇ ਹਾਲਾਤ ਦੌਰਾਨ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕਰ ਲਿਆ ਗਿਆ ਹੈ, ਜੋ 24 ਘੰਟੇ ਹੜ੍ਹਾਂ ਸਬੰਧੀ ਜਾਣਕਾਰੀ ਦੇਣ ਲਈ ਕਾਇਮ ਕੀਤਾ ਗਿਆ ਹੈ, ਜਿਸਦਾ ਨੰਬਰ 01652-229082 ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਸੰਭਾਵੀ ਹੜ੍ਹਾਂ ਦੀ ਸਥਿਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰਾਂ ਮੁਸਤੈਦ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਡੀ.ਐਸ.ਪੀ. ਸ੍ਰੀ ਸਰਬਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।























