

ਮਾਨਸਾ, 28 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) ): ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਖੋਖਰ ਖੁਰਦ, ਮਾਨਸਾ ਵੱਲੋਂ ਜਲ ਸ਼ਕਤੀ ਅਭਿਆਨ ਤਹਿਤ ਪਿੰਡ ਭੈਣੀ ਬਾਘਾ ਬਲਾਕ ਮਾਨਸਾ ਵਿੱਚ ਕਿਸਾਨ ਮੇਲਾ ਕਰਵਾਇਆ ਗਿਆ । ਮੇਲੇ ਦਾ ਉਦਘਾਟਨ ਮਾਣਯੋਗ ਡਿਪਟੀ ਕਮਿਸ਼ਨਰ ਮਾਨਸਾ, ਸ਼੍ਰੀਮਤੀ ਅਪਨੀਤ ਰਿਆਤ ਨੇ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਅਤੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਉੱਪਰ ਚੁੱਕਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਜਲ ਸ਼ਕਤੀ ਅਭਿਆਨ ਨੂੰ ਜਨ ਅੰਦੋਲਨ ਦੇ ਤੌਰ ਤੇ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਇਸ ਅਭਿਆਨ ਤਹਿਤ ਪਾਣੀ ਦੇ ਪੱਧਰ ਵਿਚ ਸੁਧਾਰ ਲਿਆਉਣ ਲਈ ਵਿਆਪਕ ਯੋਜਨਾ ਵੀ ਉਲੀਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੀ ਮਦਦ ਨਾਲ ਜ਼ਿਲ੍ਹੇ ਵਿਚ ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ, ਡਾ. ਗੁਰਮੇਲ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਖੋਖਰ ਖੁਰਦ ਮਾਨਸਾ ਦੇ ਸਹਿਯੋਗੀ ਨਿਰਦੇਸ਼ਕ ਡਾ. ਜੀ.ਪੀ.ਐੱਸ ਸੋਢੀ ਨੇ ਮੁੱਖ ਮਹਿਮਾਨ ਅਤੇ ਹੋਰ ਸਖਸ਼ੀਅਤਾਂ ਦਾ ਸਵਾਗਤ ਕੀਤਾ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ।ਉਹਨਾਂ ਕਿਹਾ ਕਿ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਜਾਗਰੂਕ ਕਰਨ ਲਈ ਜਲ ਸ਼ਕਤੀ ਅਭਿਆਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੇਲੇ ਲਾਏ ਜਾ ਰਹੇ ਹਨ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੋਂ ਤਕਨੀਕੀ ਮਾਹਿਰਾਂ ਦੀ ਟੀਮ ਜਿਨ੍ਹਾਂ ਵਿੱਚ ਡਾ. ਰਾਕੇਸ਼ ਸ਼ਾਰਦਾ, ਡਾ. ਵਿਜੈ ਕੁਮਾਰ, ਡਾ. ਅਨੁਰੀਤ ਕੌਰ ਅਤੇ ਡਾ. ਹਰਪਾਲ ਸਿੰਘ ਭੁੱਲਰ ਸ਼ਾਮਲ ਸਨ ਨੇ ਕਿਸਾਨ ਵੀਰਾਂ ਨਾਲ ਖੇਤੀ ਵਿੱਚ ਪਾਣੀ ਦੀ ਸਾਂਭ-ਸੰਭਾਲ ਅਤੇ ਹੋਰ ਤਕਨੀਕੀ ਜਾਣਕਾਰੀ ਸਾਂਝੀ ਕੀਤੀ।
ਕਿਸਾਨ ਮੇਲੇ ਵਿੱਚ ਖੇਤਰੀ ਕੇਂਦਰ ਬਠਿੰਡਾ ਦੇ ਡਾਇਰੈਕਟਰ ਡਾ. ਪਰਮਜੀਤ ਸਿੰਘ ਤੋਂ ਇਲਾਵਾ ਖੇਤੀਬਾੜੀ ਅਤੇ ਸਹਾਇਕ ਮਹਿਕਮਿਆਂ ਦੇ ਅਫ਼ਸਰ ਸਹਿਬਾਨਾਂ ਨੇ ਵੀ ਸ਼ਿਰਕਤ ਕੀਤੀ। ਉਹਨਾਂ ਆਪਣੇ ਆਪਣੇ ਵਿਭਾਗਾਂ ਦੀਆਂ ਨੁਮਾਇਸ਼ਾ ਵੀ ਲਗਾਈਆਂ। ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਬਜ਼ੀਆਂ ਦੀਆਂ ਕਿੱਟਾਂ, ਕਨੋਲਾ ਸਰੋਂ ਦਾ ਬੀਜ, ਸਬਜ਼ੀਆਂ ਦੀ ਪਨੀਰੀ, ਫਲਦਾਰ ਬੂਟੇ ਅਤੇ ਖੇਤੀ ਸਾਹਿਤ ਵੀ ਵੇਚਿਆ ਗਿਆ।
ਇਸ ਮੌਕੇ ਕਿਸਾਨ ਯੂਨੀਅਨ ਦੇ ਪ੍ਰਧਾਨ ਸ਼੍ਰੀ ਗੋਰਾ ਸਿੰਘ ਭੈਣੀ ਬਾਘਾ, ਸ਼੍ਰੀ ਮਹਿੰਦਰ ਸਿੰਘ ਭੈਣੀ ਬਾਘਾ ਅਤੇ ਸ਼੍ਰੀ ਮੱਖਣ ਸਿੰਘ ਭੈਣੀ ਬਾਘਾ ਤੋਂ ਇਲਾਵਾ 450 ਦੇ ਕਰੀਬ ਕਿਸਾਨ ਵੀਰਾਂ ਨੇ ਸ਼ਿਰਕਤ ਕੀਤੀ।























