ਪਰਾਲੀ ਨੂੰ ਅੱਗ ਨਾ ਲਾਈਏ, ਵਾਤਾਵਰਣ ਬਚਾਈਏ ਦੇ ਉਦੇਸ਼ ਤਹਿਤ ਕਿਸਾਨ ਮੇਲਾ ਲਗਾਇਆ

0
17

ਮਾਨਸਾ, 04 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ) ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੋਖਰ ਖੁਰਦ, ਮਾਨਸਾ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਨੂੰ ਅੱਗ ਨਾ ਲਾਈਏ, ਵਾਤਾਵਰਣ ਨੂੰ ਬਚਾਈਏ ਦੇ ਉਦੇਸ਼ ਤਹਿਤ ਕਿਸਾਨ ਮੇਲਾ ਲਾਇਆ ਗਿਆ। ਮੇਲੇ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ ਨੇ ਕੀਤੀ।
    ਕਿਸਾਨਾਂ ਨੂੰ  ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣੂ  ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ। ਇਸ ਮੌਕੇ ਉਹਨਾਂ ਨੇ ਪਰਾਲੀ ਦੀ ਸਾਂਭ-ਸੰਭਾਲ ਦੀਆਂ ਮਸ਼ੀਨਾਂ ਬਾਰੇ ਵੀ ਦੱਸਿਆ ਤੇ ਮਸ਼ੀਨਾਂ ਤੇ ਮਿਲਣ ਵਾਲੀ ਸਬਸਿਡੀ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਪ੍ਰਦੂਸਣ ਵੀ ਘੱਟ ਹੋਵੇਗਾ।
    ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਡਾ. ਜੀ.ਪੀ.ਐਸ ਸੋਢੀ ਨੇ ਆਏ ਹੋਏ ਮੁੱਖ ਮਹਿਮਾਨ, ਸਾਇੰਸਦਾਨਾਂ ਅਤੇ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਜੀ ਆਇਆਂ ਦੇ ਸ਼ਬਦ ਆਖੇ। ਕਿਸਾਨ ਵੀਰਾਂ ਨੂੰ ਜੀ ਆਇਆਂ ਕਹਿੰਦਿਆਂ ਡਾ. ਸੋਢੀ ਨੇ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਨਾਲ ਜੁੜਨ ਲਈ ਕਿਹਾ ਤਾਂ ਜੋ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਡਾ. ਸੋਢੀ ਨੇ ਕਿਸਾਨ ਵੀਰਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਰਵਾਏ ਜਾਂਦੇ ਸਹਾਇਕ ਧੰਦਿਆਂ ਦੀ ਸਿਖਲਾਈ ਲੈਣ ਲਈ ਪ੍ਰੇਰਿਆ। ਕਿਸਾਨ ਬੀਬੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਬੀਬੀਆਂ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਵੈ-ਸਹਾਇਤਾ ਗਰੁੱਪ ਬਨਾਉਣ ਦੀ ਸਿਖਲਾਈ ਲੈ ਕੇ ਨਾਰੀ ਸ਼ਸ਼ਕਤੀਕਰਨ ਵਿੱਚ ਆਪਣਾ ਯੋਗਦਾਨ ਪਾ ਸਕਦੀਆਂ ਹਨ।
    ਇਸ ਮੇਲੇ ਵਿਚ ਵੱਖ-ਵੱਖ ਮਹਿਕਮਿਆਂ ਅਤੇ ਕੰਪਨੀਆਂ ਨੇ ਸਟਾਲ ਲਗਾ ਕੇ ਆਏ ਹੋਏ ਕਿਸਾਨਾਂ  ਨੂੰ ਨਵੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ। ਡਾ. ਜਤਿੰਦਰ ਸਿੰਘ ਬਰਾੜ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਕਿਸਾਨ ਵੀਰਾਂ ਨੂੰ ਖੇਤੀ ਜਿਣਸਾਂ ਤੋਂ ਉਤਪਾਦ ਬਨਾਉਣ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਬਾਰੇ ਜਾਣਕਾਰੀ ਦਿਤੀ, ਤਾਂ ਕਿ ਕਿਸਾਨ ਵੀਰ ਖੇਤੀ ਉਤਪਾਦਾਂ ਤੋਂ ਵਧੇਰੇ ਮੁਨਾਫਾ ਕਮਾ ਸਕਣ। ਡਾ. ਹਰਵਿੰਦਰ ਸਿੰਘ ਸਿੱਧੂ ਨੇ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀਆਂ ਕਿਸਮਾਂ ਅਤੇ ਸਿਫਾਰਸ਼ਾਂ ਬਾਰੇ ਦੱਸਿਆ। ਡਾ. ਪ੍ਰਿਤਪਾਲ ਸਿੰਘ ਸਹਾਇਕ ਪ੍ਰੋਫੈਸਰ, ਭੂਮੀ ਵਿਗਿਆਨ ਨੇ ਕਿਸਾਨ ਵੀਰਾਂ ਨੂੰ ਅਗਾਮੀ ਹਾੜ੍ਹੀ ਰੁੱਤ ਦੀਆਂ ਫ਼ਸਲਾਂ ਵਿੱਚ ਰਸਾਇਣਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਵੀ ਜਾਣਕਾਰੀ ਦਿਤੀ ਗਈ। ਡਾ. ਗੁਰਦੀਪ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਉਲੀਕੇ ਸਿਖਲਾਈ ਕੋਰਸਾਂ ਅਤੇ ਹੋਰ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾ. ਭਰਤ  ਸਿੰਘ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਆਏ ਹੋਏ ਮਹਿਮਾਨਾਂ ਅਤੇ ਸਮੂਹ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੇਲੇ ਵਿਚ ਸ਼ਹਿਰ ਤੇ ਇਲਾਕੇ ਦੇ ਪਤਵੰਤਿਆਂ ਤੋਂ ਇਲਾਵਾ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।

LEAVE A REPLY

Please enter your comment!
Please enter your name here