ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਸਨਮੁੱਖ ਪਰਾਲੀ ਨਾ ਸਾੜਨ ਦਾ ਹੋਕਾ

0
13

ਮਾਨਸਾ, 18 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ): ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਆਧਾਰ ਤੇ ਸਿੱਖਿਆ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਵਿਚ ਜਾਗਰੂਕਤਾ ਫੈਲਾਉਣ ਹਿਤ ਰੈਲੀਆਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਬਲਿਹਾਰੀ ਕੁਦਰਤਿ ਵਸਿਆ’ ਦੇ ਉਪਦੇਸ਼ ਦਾ ਵਾਸਤਾ ਪਾਉਂਦਿਆਂ  ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਦਾ ਹੋਕਾ ਦਿੱਤਾ।
    ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਨਾਲ ਪਿੰਡਾਂ ਵਿਚ ਮਾਰਚ ਕੱਢਦਿਆਂ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦਾ ਪ੍ਰਚਾਰ ਕੀਤਾ ਅਤੇ ਪਰਾਲੀ ਨੂੰ ਅੱਗ ਲਾਉਣ ਕਰਕੇ ਧਰਤੀ ਦੇ ਹੋ ਰਹੇ ਨੁਕਸਾਨ ਅਤੇ ਫੈਲ ਰਹੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ।
    ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਉਤਸਵ ਵੱਡੇ ਪੱਧਰ ਤੇ ਮਨਾਏ ਜਾਣ ਕਰਕੇ ਦੇਸ਼-ਵਿਦੇਸ਼ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਪੰਜਾਬ ਪੁੱਜਣੀ ਸ਼ੁਰੂ ਹੋ ਗਈ ਹੈ, ਜਿਸ ਲਈ ਸੰਗਤਾਂ ਦੀ ਵੱਡੀ ਪੱਧਰ ਤੇ ਆਮਦ ਦੇ ਮੱਦੇਨਜ਼ਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਯਾਦ ਰੱਖਦਿਆਂ ਪਰਾਲੀ ਨਹੀਂ ਸਾੜਨੀ ਚਾਹੀਦੀ।  ਉਨ੍ਹਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ, ਜਿੰਨ੍ਹਾਂ ਨੇ ਅੱਜ ਪਰਾਲੀ ਨਾ ਸਾੜਨ ਦਾ ਖੁਦ ਪ੍ਰਣ ਕਰਦਿਆਂ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਪ੍ਰਤੀ ਜ਼ਿਲ੍ਹਾ ਪ੍ਰਸ਼ਾਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਪੂਰੀ ਤਰਾਂ ਯਤਨਸ਼ੀਲ ਹਨ। ਇਸੇ ਤਰਾਂ ਸਕੂਲੀ ਵਿਦਿਆਰਥੀਆਂ ਨੇ ਪਰਾਲੀ ਸਾੜਨ ਵਿਰੁੱਧ ਆਪਣੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਕਿਸਾਨ ਅਤੇ ਕਾਸ਼ਤਕਾਰ ਵਿਦਿਆਰਥੀਆਂ ਤੋਂ ਸਬਕ ਲੈ ਕੇ ਪਰਾਲੀ ਨੂੰ ਸਾੜਨ ਤੋਂ ਜ਼ਰੂਰ ਤੌਬਾ ਕਰਨਗੇ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਾਜਵੰਤ ਕੌਰ ਨੇ ਦੱਸਿਆ ਕਿ ਵਾਤਾਵਰਣ ਅਤੇ ਮਨੁੱਖੀ ਜੀਵਨ ਦੀ ਹੋਂਦ ਨੂੰ ਕਾਇਮ ਰੱਖਣ ਲਈ ਸਾਨੂੰ ਕੁਦਰਤੀ ਮਿੱਤਰ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸਲੋਗਨ ਹੱਥਾਂ ਵਿਚ ਫੜ੍ਹ ਕੇ ਅਤੇ ਪਰਾਲੀ ਨਾ ਸਾੜਨ ਦਾ ਹੋਕਾ ਦੇ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਪਰਾਲੀ ਨੂੰ ਜ਼ਮੀਨ ਵਿਚ ਵਾਹੁਣ ਦੇ ਫਾਇਦੇਆਂ ਸਬੰਧੀ ਜਾਗਰੂਕ ਕੀਤਾ ਗਿਆ।  ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪਿੰਡਾਂ ਵਿਚ ਵੀ ਸ਼ਲਾਘਾ ਕੀਤੀ ਜਾ ਰਹੀ ਹੈ
    ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਸੈਕੰਡਰੀ ਸਕੂਲ ਦਾਤੇਵਾਸ, ਸਰਕਾਰੀ ਸੈਕੰਡਰੀ ਸਕੂਲ ਝੰਡੂਕੇ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ, ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈ ਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਸਲਾ, ਸਰਕਾਰੀ ਹਾਈ ਸਕੂਲ ਮਾਨਖੇੜਾ ਅਤੇ ਸਰਕਾਰੀ ਹਾਈ ਸਕੂਲ ਬੋੜਾਵਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਪਰਾਲੀ ਨਾ ਮਚਾਓ, ਵਾਤਾਵਰਣ ਬਚਾਓ, ਪਰਾਲੀ ਸਾੜ ਨਾ ਕਰ ਸੁਆਹ, ਔਖਾ ਹੋ ਜਾਊ ਲੈਣਾ ਸਾਹ ਦਾ ਹੋਕਾ ਦਿੰਦਿਆਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।

LEAVE A REPLY

Please enter your comment!
Please enter your name here