

ਮਾਨਸਾ, 13 ਦਸੰਬਰ (ਸਾਰਾ ਯਹਾ,ਬਲਜੀਤ ਸ਼ਰਮਾ) : ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਮਾਨਸਾ ਦੇ ਐੱਸ.ਡੀ.ਕੰਨਿਆ ਕਾਲਜ ਵਿੱਚ ਸਵੱਛ ਭਾਰਤ ਅਭਿਆਨ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਰਘਬੀਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਵੱਛ ਭਾਰਤ ਅਭਿਆਨ ਉੱਤੇ ਆਧਾਰਿਤ ਇਸ ਪ੍ਰੋਗਰਾਮ ਦਾ ਆਗਾਜ਼ ਸਫਾਈ ਅਭਿਆਨ ਉੱਤੇ ਵਿਚਾਰ ਵਟਾਂਦਰੇ ਤੋਂ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਸ੍ਰੀ ਰਘਬੀਰ ਮਾਨ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਵੱਛ ਭਾਰਤ ਮੁਹਿੰਮ ‘ਤੇ ਆਧਾਰਿਤ ਅਜਿਹੇ ਪ੍ਰੋਗਰਾਮ ਦੇਸ਼ ਭਰ ਵਿੱਚ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਨੇ, ਜੋ ਕਿ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਨੂੰ ਸਾਹਮਣੇ ਆਉਣਾ ਪਵੇਗਾ ਅਤੇ ਆਪਣੀ ਜਿੰਮੇਵਾਰੀ ਸਮਝਦਿਆਂ ਚਾਰ ਚੁਫੇਰੇ ਨੂੰ ਸਾਫ ਰੱਖਣ ਲਈ ਅਹਿਦ ਲੈਣਾ ਪਵੇਗਾ। ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਨੂੰ ਵੇਖਦਿਆਂ ਨਾ ਸਿਰਫ਼ ਮਾਨਸਾ ਬਲਕਿ ਵੱਖੋ ਵੱਖ ਥਾਵਾਂ ‘ਤੇ ਸਾਫ਼ ਸਫ਼ਾਈ ਦਾ ਖ਼ਾਸ ਤੌਰ ‘ਤੇ ਧਿਆਨ ਰੱਖਿਆ ਜਾ ਰਿਹਾ ਹੈ।
ਮਿਨਿਸਟਰੀ ਆਫ਼ ਆਈ ਐਂਡ ਬੀ ਦੇ ਅਧਿਕਾਰੀ ਸ੍ਰੀ ਗੁਰਮੀਤ ਸਿੰਘ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ‘ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। ਸ਼ਾਸਤਰੀ ਜੀ ਨੇ ‘ਜੈ ਜਵਾਨ ਜੈ ਕਿਸਾਨ‘ ਦਾ ਨਾਅਰਾ ਦਿੱਤਾ ਸੀ, ਜਿਸ ਨੂੰ ਦੇਸ਼ ਵਾਸੀਆਂ ਨੇ ਵੱਡੇ ਪੱਧਰ ‘ਤੇ ਹੁੰਗਾਰਾ ਦਿੱਤਾ ਸੀ। ਇਸੇ ਤਰ੍ਹਾਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਵੱਲੋਂ ਦੇਸ਼ ਦੀ ਆਜ਼ਾਦੀ ਲਈ ਜੋ ਯੋਗਦਾਨ ਮੰਗਿਆ ਗਿਆ, ਉਸ ਵਿੱਚ ਵੀ ਦੇਸ਼ ਵਾਸੀਆਂ ਨੇ ਵੱਧ ਚੜ੍ਹ ਕੇ ਹੁੰਗਾਰਾ ਦਿੱਤਾ। ਕੁਝ ਇਸੇ ਤਰ੍ਹਾਂ ਹੁਣ ਸਵੱਛਤਾ ਅਭਿਆਨ ਨੂੰ ਵੀ ਜਨ ਅੰਦੋਲਨ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਈ ਮੁਲਕਾਂ ਨੇ ਆਪਣੇ ਦੇਸ਼ ਵਾਸੀਆਂ ਦੇ ਯੋਗਦਾਨ ਨਾਲ ਤਰੱਕੀ ਕੀਤੀ ਹੈ, ਉਸੇ ਤਰ੍ਹਾਂ ਹਰ ਭਾਰਤ ਵਾਸੀ ਨੂੰ ਇਸ ਅਭਿਆਨ ਵਿਚ ਯੋਗਦਾਨ ਪਾ ਕੇ ਦੇਸ਼ ਨੂੰ ਸਵੱਛਤਾ ਦੇ ਮਾਮਲੇ ਵਿੱਚ ਮੋਹਰੀ ਬਣਾਉਣ ਲਈ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਈ ਭਾਰਤ ਸਰਕਾਰ ਦੀ ਮੁਹਿੰਮ ਨੂੰ ਸਫਲ ਬਣਾਉਣ ਸੰਬੰਧੀ ਅਪੀਲ ਵੀ ਮੰਚ ਤੋਂ ਕੀਤੀ। ਉਨ੍ਹਾਂ ਕਿਹਾ ਕਿ ਡਬਲਿਊ.ਐੱਚ.ਓ ਦੀ ਰਿਪੋਰਟ ਦੇ ਮੁਤਾਬਿਕ ਜੇ ਭਾਰਤ ਵਿੱਚ ਸਵੱਛ ਭਾਰਤ ਅਭਿਆਨ ਸਹੀ ਮਾਇਨੇ ਵਿੱਚ ਸਫ਼ਲ ਹੁੰਦਾ ਹੈ ਤਾਂ ਹਰ ਨਾਗਰਿਕ ਨੂੰ ਸਾਢੇ ਛੇ ਹਜ਼ਾਰ ਰੁਪਏ ਸਾਲਾਨਾ ਦਾ ਫ਼ਾਇਦਾ ਹੋਵੇਗਾ ।
ਓਧਰ ਇਸ ਮੌਕੇ ਉੱਤੇ ਮਿਉਂਸਪਲ ਕੌਂਸਲ ਮਾਨਸਾ ਦੇ ਪ੍ਰਧਾਨ ਸ੍ਰੀ ਮਨਦੀਪ ਸਿੰਘ ਗੋਰਾ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਨਾਲ ਨਾਲ ਜ਼ਿਲਾ ਪ੍ਰਸ਼ਾਸਨ ਵੀ ਵੱਡੇ ਪੱਧਰ ਉੱਤੇ ਕੰਮ ਕਰ ਰਿਹਾ ਹੈ। ਓਹਨਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਆਮ ਲੋਕਾਂ ਦਾ ਸਾਥ ਮਿਲਣਾ ਕਾਫੀ ਜ਼ਰੂਰੀ ਹੈ। ਇਸਦੇ ਨਾਲ ਹੀ ਓਹਨਾਂ ਜਾਣਕਾਰੀ ਦਿੱਤੀ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ ਜਿੱਥੇ ਨਗਰ ਕੌਂਸਲ ਯਤਨ ਕਰ ਰਹੀ ਹੈ ਉੱਥੇ ਹੀ ਲੋਕਾਂ ਨੂੰ ਵੀ ਇਸ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਉੱਥੇ ਹੀ ਮੰਚ ਤੋਂ ਬੋਲਦਿਆਂ ਐੱਸ.ਡੀ. ਕੰਨਿਆ ਕਾਲਜ ਦੀ ਪ੍ਰਿੰਸੀਪਲ ਜਗਮੋਹਿਨੀ ਗਾਬਾ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਨੂੰ ਜਨ ਮੁਹਿੰਮ ਬਣਾਉਣ ਵਿੱਚ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਵੱਡਾ ਯੋਗਦਾਨ ਪਾਇਆ ਹੈ, ਜਿਸ ਦੇ ਤਹਿਤ ਨਾ ਸਿਰਫ ਪੰਜਾਬ ਬਲਕਿ ਦੇਸ਼ ਭਰ ਵਿੱਚ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਾਲਜ ਪਹਿਲਾਂ ਹੀ ਸਵੱਛ ਭਾਰਤ ਅਭਿਆਨ ਨੂੰ ਭਰਵਾਂ ਹੁੰਗਾਰਾ ਦੇ ਰਿਹਾ ਹੈ। ਇਸ ਮੌਕੇ ਉੱਤੇ ਐੱਸ ਡੀ ਕੰਨਿਆ ਕਾਲਜ ਦੇ ਪ੍ਰਧਾਨ ਸ੍ਰੀ ਅੰਮ੍ਰਿਤਪਾਲ ਗੋਇਲ ਵੀ ਖਾਸ ਤੌਰ ਉੱਤੇ ਮੌਜੂਦ ਰਹੇ।
ਇਸ ਦੇ ਨਾਲ ਹੀ ਪਲਾਸਟਿਕ ਦੀ ਵਰਤੋਂ ਘੱਟ ਕਰਨ ਉੱਤੇ ਨਗਰ ਕੌਂਸਲ ਦੇ ਸੈਨਿਟਰੀ ਇੰਸਪੈਕਟਰ ਸ੍ਰੀ ਬਲਜਿੰਦਰ ਸਿੰਘ, ਕੂੜਾ ਕਰਕੱਟ ਨੂੰ ਲੈ ਕੇ ਮਿਊਂਸਪਲ ਕਾਊਂਸਲ ਦੇ ਅਧਿਕਾਰੀ ਸ੍ਰੀ ਜਸਵਿੰਦਰ ਸਿੰਘ, ਸਵੱਛਤਾ ਐਪ ਅਤੇ ਸਿਹਤ ਉੱਤੇ ਨਗਰ ਕੌਂਸਲ ਦੇ ਅਧਿਕਾਰੀ ਭੋਲਾ ਸਿੰਘ ਵਿਰਕ ਅਤੇ ਸਫਾਈ ਅਭਿਆਨ ਨੂੰ ਲੈ ਕੇ ਨਗਰ ਕੌਂਸਲ ਦੇ ਅਧਿਕਾਰੀ ਸ੍ਰੀ ਅੰਮ੍ਰਿਤਪਾਲ ਸਿੰਘ ਵੱਲੋਂ ਮੰਚ ਤੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਪਲਾਸਟਿਕ ਦੇ ਇਸਤੇਮਾਲ ‘ਤੇ ਪੂਰੀ ਤਰ੍ਹਾਂ ਰੋਕ ਲਾਉਣ ਦਾ ਸੁਨੇਹਾ ਦਿੰਦਿਆਂ ਇਸ ਮੌਕੇ ਮੰਚ ਤੋਂ ਤਕਰੀਬਨ 300 ਕੱਪੜੇ ਦੇ ਥੈਲੇ ਲੋਕਾਂ ਵਿੱਚ ਵੰਡੇ ਗਏ ਅਤੇ ਅਪੀਲ ਕੀਤੀ ਗਈ ਕਿ ਨਿੱਜੀ ਜੀਵਨ ਵਿੱਚ ਪਲਾਸਟਿਕ ਦੇ ਇਸਤੇਮਾਲ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਜਾਵੇ। ਲੋਕਾਂ ਨੂੰ ਪਲਾਸਟਿਕ ਦੀ ਥਾਂ ਕੱਪੜੇ ਤੋਂ ਬਣੇ ਥੈਲਿਆਂ ਦੀ ਵਰਤੋਂ ਲਈ ਪ੍ਰੇਰਿਤ ਕਰਨ ਲਈ ਖਾਸ ਤੌਰ ‘ਤੇ ਕੱਪੜੇ ਤੋਂ ਬਣੇ ਥੈਲਿਆਂ ਦਾ ਇਕ ਸਟਾਲ ਵੀ ਲਾਇਆ ਗਿਆ ਸੀ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਆਪਣੇ ਚਾਰ ਚੁਫੇਰੇ ਨੂੰ ਸਾਫ ਰੱਖਣ ਸਬੰਧੀ ਸਹੁੰ ਵੀ ਚੁਕਾਈ ਗਈ। ਬੱਚਿਆਂ ਦੇ ਨਾਲ ਨਾਲ ਅਧਿਆਪਕਾਂ ਵੱਲੋਂ ਵੀ ਇਹ ਸਹੁੰ ਚੁੱਕੀ ਗਈ ਕਿ ਉਹ ਭਵਿੱਖ ਵਿੱਚ ਨਾ ਸਿਰਫ ਆਪਣਾ ਘਰ ਬਲਕਿ ਪੂਰੇ ਦੇਸ਼ ਨੂੰ ਸਾਫ਼ ਰੱਖਣ ਦਾ ਸੰਕਲਪ ਲੈਂਦੇ ਨੇ। ਸਹੁੰ ਚੁੱਕਣ ਦੇ ਨਾਲ ਹੀ ਇਸ ਮੌਕੇ ਇਕ ਹਸਤਾਖਰ ਅਭਿਆਨ ਦਾ ਵੀ ਆਗਾਜ਼ ਕੀਤਾ ਗਿਆ।























