

ਮਾਨਸਾ, 22 ਜੂਨ (ਬਲਜੀਤ ਸ਼ਰਮਾ) ਯੁਵਕ ਸੇਵਾਵਾਂ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਸ ਸਾਲ 20,000 ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਅਤੇ ਸਾਬਕਾ ਐਮ.ਐਲ.ਏ ਸ਼੍ਰੀ ਅਜੀਤਇੰਦਰ ਸਿੰਘ ਮੋਫ਼ਰ ਵੱਲੋਂ ਝੁਨੀਰ ਵਿਖੇ ਇੱਕ ਸਮਾਗਮ ਦੌਰਾਨ ਪੌਦਾ ਲਗਾ ਕੇ ਕੀਤੀ ਗਈ।
ਇਸ ਮੌਕੇ ਸਾਬਕਾ ਐਮ.ਐਲ.ਏ ਸ਼੍ਰੀ ਅਜੀਤਇੰਦਰ ਸਿੰਘ ਮੋਫ਼ਰ ਨੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਅਤੇ ਵੱਧ ਚੜ੍ਹ ਕੇ ਹਿੱਸਾ ਲੈਣ। ਇਸ ਦੌਰਾਨ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਅਜਿਹੇ ਟੀਚੇ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਦੇ ਟੀਚਿਆਂ ਵਿੱਚ ਆਪਣਾ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਸ਼ੁੱਧ ਹੋਵੇਗਾ ਤਾਂ ਹੀ ਮਨੁੱਖੀ ਸਰੀਰ ਤੰਦਰੁਸਤ ਰਹੇਗਾ। ਦੂਸ਼ਿਤ ਵਾਤਾਵਰਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ। ਇਸ ਲਈ ਸ਼ੁੱਧ ਵਾਤਾਵਰਣ ਲਈ ਸਾਨੂੰ ਵਿਸ਼ੇਸ਼ ਕਦਮ ਚੁੱਕਣੇ ਪੈਣਗੇ, ਤਾਂ ਜੋ ਮਨੁੱਖੀ ਸਿਹਤ ਨਿਰੋਗ ਰਹੇ।
ਇਸ ਮੌਕੇ ਐਸ.ਡੀ.ਐਮ ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ, ਸਹਾਇਕ ਸਿਵਲ ਸਰਜਨ ਸ਼੍ਰੀ ਸੁਰਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
EDITED BY : SARA YAHA | | Last Updated :22 June 2018






















