

ਮਾਨਸਾ, 23 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) : ਸੂਬੇ ਦੇ ਹਰ ਘਰ ਵਿਚ ਨੌਕਰੀਆਂ ਪਹੁੰਚਾਉਣ ਦੇ ਮੰਤਵ ਨਾਲ ਨੌਜਵਾਨਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਨੂੰ ਨੌਕਰੀਆਂ ਦੇ ਅਵਸਰਾਂ ਤੋਂ ਜਾਣੂ ਕਰਵਾਉਣ ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਜ਼ਰੀਏ ਰੋਜ਼ਗਾਰ ਪ੍ਰਾਪਤ ਕਰ ਸਕਣ।
ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫ਼ਸਰ ਰੋਜ਼ਗਾਰ ਬਿਊਰੋ ਮਾਨਸਾ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਰੋਜ਼ਾਗਰ ਬਿਊਰੋ ਦੀ ਅੱਜ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ (ਬੀ.ਡੀ.ਪੀ.ਓਜ਼.) ਨੂੰ ਸਬੰਧਤ ਪਿੰਡਾਂ ਨਾਲ ਤਾਲਮੇਲ ਬਣਾਉਣ ਅਤੇ ਸਰਪੰਚਾਂ ਤੇ ਪੰਚਾਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ ਕਰਨ ਅਤੇ ਇਸ ਦੇ ਕੰਮਕਾਜ ਨੂੰ ਵੇਖਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਯੂਥ ਕਲੱਬਾਂ ਨੂੰ ਵੀ ਨੌਜਵਾਨਾਂ ਵਿਚ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸ਼ਾਮਲ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਨੌਕਰੀਆਂ ਦੀ ਭਾਲ ਕਰਨ ਵਾਲੇ ਵਿਅਕਤੀਆਂ ਨੂੰ ਰੋਜ਼ਗਾਰ ਬਿਊਰੋ ਮਾਨਸਾ ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਿਛਲੇ ਪਾਸੇ ਸਥਿਤ ਹੈ ਵਿਖੇ ਆਪਣਾ ਨਾਮ ਅਤੇ ਵੇਰਵਾ ਦਰਜ ਕਰਵਾਉਣਾ ਚਾਹੀਦਾ ਹੈ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੁਆਰਾ ਨੌਕਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ ਅਤੇ ਮਾਨਸਾ ਦੇ ਬਹੁਤ ਸਾਰੇ ਨੌਜਵਾਨਾਂ ਲਈ ਨੌਕਰੀਆਂ ਪ੍ਰਾਪਤ ਕਰਨ ਵਿਚ ਮਹੱਤਵਪੂਰਣ ਰੋਲ ਅਦਾ ਕੀਤਾ ਜਾ ਰਿਹਾ ਹੈ। ਇੱਥੇ ਨੌਕਰੀਆਂ ਪ੍ਰਾਪਤ ਕਰਨ ਤੋਂ ਇਲਾਵਾ ਸਵੈ ਰੁਜ਼ਗਾਰ ਦੇ ਅਵਸਰਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਚਾਹਵਾਨ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ (ਰਿਟਾ.) ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਰੋਜ਼ਾਗਰ ਬਿਊਰੋ ਦੇ ਟੈਲੀਫੋਨ ਨੰਬਰ 01652-232315 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਫੇਰ www.ghargharro੍ਰgar.punjab.gov.in. ਤੇ ਲਾਗ ਇਨ ਕੀਤਾ ਜਾ ਸਕਦਾ ਹੈ।























