

ਮਾਨਸਾ, 30 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਖਿਆਲਾ ਕਲਾਂ ਡਾ. ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਪੰਦਰਵਾੜੇ ਦੀ ਸ਼ੁਰੂਆਤ 1 ਫਰਵਰੀ 2020 ਤੋਂ ਕੀਤੀ ਜਾ ਰਹੀ ਹੈ। ਇਸ ਪੰਦਰਵਾੜੇ ਦੌਰਾਨ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਨਾਉਟੀ ਦੰਦਾਂ ਦੇ ਸੈੱਟ ਮੁਫ਼ਤ ਵੰਡੇ ਜਾਣਗੇ। ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੰਦਾਂ ਦੇ ਪੰਦਰਵਾੜੇ ਦੌਰਾਨ ਮੁੱਢਲਾ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਦੰਦਾਂ ਦਾ ਚੈੱਕਅੱਪ ਕਰਵਾਉਣ ਅਤੇ ਦੰਦਾਂ ਦੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ, ਜਿਸ ਲਈ ਦੰਦਾਂ ਦੇ ਇਲਾਜ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਪੰਦਰਵਾੜੇ ਦੌਰਾਨ ਲੋੜਵੰਦ ਵਿਅਕਤੀਆਂ ਨੂੰ 13 ਬਨਾਉਟੀ ਦੰਦਾਂ ਦੇ ਸੈੱਟ ਮੁਫ਼ਤ ਵੰਡੇ ਜਾਣਗੇ। ਦੰਦਾਂ ਦੇ ਮਾਹਿਰ ਡਾ ਹਰਮਨਦੀਪ ਸਿੰਘ ਨੇ ਦੱਸਿਆ ਕਿ ਦੰਦ ਸਾਡੇ ਸਰੀਰ ਦਾ ਅਹਿਮ ਅੰਗ ਹਨ, ਜਿੰਨ੍ਹਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਬਰੱਸ਼ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਇਸ ਵਿਸ਼ੇਸ਼ ਪੰਦਰਵਾੜੇ ਦੌਰਾਨ ਦੰਦਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਇਸ ਪੰਦਰਵਾੜੇ ਵਿਚ ਮੂੰਹ ਦੇ ਕੈਂਸਰ ਦੀ ਵੀ ਜਾਂਚ ਕੀਤੀ ਜਾਵੇਗੀ। ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਸਾਲ ਵਿਚ ਦੋ ਵਾਰ ਮੂੰਹ ਦੇ ਕੈਂਸਰ ਦੀ ਜਾਂਚ, ਪਹਿਚਾਣ ਚਿੰਨ੍ਹ ਅਦਿ ਲਈ ਦੰਦਾਂ ਦਾ ਚੈੱਕਅਪ ਮਾਹਿਰ ਡਾਕਟਰ ਤੋਂ ਜ਼ਰੂਰ ਕਰਵਾਉਣਾ ਚਾਹੀਦਾ ਹੈ ਅਤੇ ਇਸ ਪੰਦਰਵਾੜੇ ਵਿਚ ਦੰਦਾਂ ਦੀਆਂ ਬਿਮਾਰੀਆਂ ਤੋਂ ਜਾਗਰੂਕਤਾ ਅਤੇ ਦੰਦਾਂ ਦੀ ਸੰਭਾਲ ਰੱਖਣ ਲਈ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇਗਾ।























