

ਚੰਡੀਗੜ•(ਸਾਰਾ ਯਹਾ), 22 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਬਸਤੀ ਟੈਂਕਾਂ ਵਾਲੀ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਜਸਬੀਰ ਸਿੰਘ ਵਾਸੀ ਪਿੰਡ ਤੋਗਾ ਸਿੰਘ ਵਾਲਾ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਵਲੋਂ ਦਰਜ ਕਰਵਾਏ ਗਏ ਮੁਕੱਦਮੇ ਵਿਚ ਦੋਸ਼ੀਆਂ ਖਿਲਾਫ਼ ਕਾਰਵਾਈ ਕਰਕੇ ਚਲਾਨ ਅਦਾਲਤ ਵਿਚੋਂ ਪੇਸ਼ ਕਰਨ ਬਦਲੇ 1,00,000 ਰੁਪਏ ਦੀ ਮੰਗ ਕੀਤੀ ਗਈ ਹੈ ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
EDITED BY : SARA YAHA | | Last Updated : 7:11 pm 22 October 2018























