

ਮਾਨਸਾ, 31 ਅਕਤੂਬਰ (ਬਲਜੀਤ ਸ਼ਰਮਾ) : ਰਾਸ਼ਟਰੀ ਏਕਤਾ ਦਿਵਸ ਮੌਕੇ ਸਰਦਾਰ ਵੱਲਭ ਭਾਈ ਪਟੇਲ ਦੇ ਉਦੇਸ਼ਾਂ ਨੂੰ ਯਾਦ ਕਰਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੇ ਮਨਾਂ ਅੰਦਰ ਦੇਸ਼ ਦੀ ਏਕਤਾ ਦੀ ਭਾਵਨਾ ਪ੍ਰਪੱਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਣ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਮਾਜ ‘ਚ ਏਕਤਾ ਬਰਕਰਾਰ ਰੱਖਣ ਲਈ ਇੱਕਜੁਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ। 
ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਤਿੰਨ ਕੋਣੀ ਚੌਂਕ ਤੋਂ ਸਟੇਸ਼ਨ ਤੱਕ ‘ਏਕਤਾ ਲਈ ਦੌੜ’ ਦਾ ਆਯੋਜਨ ਵੀ ਕੀਤਾ ਗਿਆ, ਜਿਸ ਨੂੰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌੜ ‘ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਤੋਂ ਇਲਾਵਾ ਭਾਰੀ ਗਿਣਤੀ ‘ਚ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਲੋਕ ਹਾਜ਼ਰ ਸਨ।
EDITED BY : SARA YAHA | | Last Updated : 7:25 pm 31 October 2018























